ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਨੰਗਲ ਵਿਖੇ ਗੈਸ ਲੀਕ ਹੋਣ ਕਰਕੇ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਦੇ ਪ੍ਰਭਾਵਿਤ ਬੱਚਿਆਂ ਨੂੰ ਸਬ-ਡਵੀਜ਼ਨਲ ਹਸਪਤਾਲ ਵਿੱਚ ਵੇਕਣ ਪਹੁੰਚੇ। ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖਿਆ ਮੰਤਰੀ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਮੇਤ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ, ਜਿੱਥੋਂ ਸੇਂਟ ਸੋਲਜਰ ਸਕੂਲ ਦੇ 2684 ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੁਰੱਖਿਅਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਸਿੱਖਿਆ ਮੰਤਰੀ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ।
ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੇ ਦੱਸਿਆ ਕਿ ਸਾਹ ਦੀ ਤਕਲੀਫ਼ ਤੋਂ ਪੀੜਤ ਬੱਚਿਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ ਤੇ ਉਹ ਖ਼ਤਰੇ ਤੋਂ ਬਾਹਰ ਹਨ। ਸਾਰੇ ਬੱਚਿਆਂ ਨੂੰ ਸਰਕਾਰੀ ਹਸਪਤਾਲ ‘ਚੋਂ ਛੁੱਟੀ ਦੇ ਦਿੱਤੀ ਗਈ ਹੈ, ਹੁਣ ਤੱਕ ਸਿਰਫ਼ 6 ਬੱਚੇ ਹੀ ਦਾਖ਼ਲ ਹੋਏ ਹਨ, ਜਿਨ੍ਹਾਂ ਨੂੰ ਵੀ ਜਲਦੀ ਛੁੱਟੀ ਦਿੱਤੀ ਜਾਵੇਗੀ। ਇਕ ਬੱਚੇ ਨੂੰ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ ਹੈ, ਜਿਸ ਦੀ ਹਾਲਤ ਸਥਿਰ ਹੈ ਅਤੇ ਉਸ ਦੇ ਮਾਪਿਆਂ ਮੁਤਾਬਕ ਉਹ ਪਹਿਲਾਂ ਹੀ ਬੀਮਾਰ ਸੀ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਮਨੀਸ਼ਾ ਰਾਣਾ ਨੇ ਦੱਸਿਆ ਕਿ ਫਿਲਹਾਲ ਇਲਾਕੇ ਵਿੱਚ ਕੋਈ ਗੈਸ ਜਾਂ ਬਦਬੂ ਨਹੀਂ ਹੈ ਅਤੇ ਪ੍ਰਸ਼ਾਸਨ ਇਸ ਗੱਲ ਦੀ ਸਖ਼ਤੀ ਨਾਲ ਜਾਂਚ ਕਰ ਰਿਹਾ ਹੈ ਕਿ ਘਟਨਾ ਦਾ ਕਾਰਨ ਕੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ ਅਤੇ ਮਾਮਲੇ ਦੀ ਹਰ ਪਹਿਲੂ ‘ਤੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ : ਕੈਲਾਸ਼-ਮਾਨਸਰੋਵਰ ਯਾਤਰਾ ‘ਤੇ ਚੀਨ ਨੇ ਵਧਾਈ ਫੀਸ, ਭਾਰਤੀਆਂ ਨੂੰ ਹੁਣ ਖਰਚਨੇ ਪੈਣਗੇ 1.85 ਲੱਖ ਰੁ.
ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਫਵਾਹ ‘ਤੇ ਵਿਸ਼ਵਾਸ ਨਾ ਕਰਨ ਅਤੇ ਇਲਾਕੇ ‘ਚ ਇਸ ਘਟਨਾ ਤੋਂ ਬਾਅਦ ਕੋਈ ਵੀ ਮਾਮਲਾ ਸਾਹਮਣੇ ਨਾ ਆਇਆ ਹੋਵੇ।
ਵੀਡੀਓ ਲਈ ਕਲਿੱਕ ਕਰੋ -: