Naudeep Kaur may be released : ਸੋਨੀਪਤ : ਜੇਲ੍ਹ ਵਿੱਚ ਬੰਦ ਮਜ਼ੂਦਰਾਂ ਦੇ ਹੱਕਾਂ ਲੜਨ ਵਾਲੀ ਨੌਦੀਪ ਕੌਰ ਦਾ ਮਾਮਲਾ ਬੀਤੇ ਦਿਨਾਂ ਤੋਂ ਕਾਫੀ ਭਖਿਆ ਹੋਇਆ ਹੈ ਅਤੇ ਉਸ ਦੀ ਰਿਹਾਈ ਲਈ ਦੇਸ਼ ਤੇ ਵਿਦੇਸ਼ ਤੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਨੌਦੀਪ ਕੌਰ ਨੂੰ ਅਗਲੇ ਹਫਤੇ ਤੱਕ ਰਿਹਾਈ ਮਿਲਣ ਦੀ ਸੰਭਾਵਨਾ ਹੈ। ਸੋਨੀਪਤ ਦੀ ਜ਼ਿਲ੍ਹਾ ਅਦਾਲਤ ਵੱਲੋਂ ਨੌਦੀਪ ਕੌਰ ਨੂੰ ਇਕ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਗਈ ਹੈ, ਜਦਕਿ ਉਸ ਖਿਲਾਫ਼ ਦੋ ਕੇਸਾਂ ਕਰਕੇ ਉਸਨੂੰ ਅਜੇ ਜੇਲ੍ਹ ਵਿੱਚ ਹੀ ਰਹਿਣਾ ਹੋਵੇਗਾ।
ਦੱਸ ਦੇਈਏ ਕਿ ਕੁੰਡਲੀ ਇੰਡਸਟਰੀਅਲ ਏਰੀਆ ਵਿੱਚ ਇਕ ਫ਼ੈਕਟਰੀ ਦੇ ਘੇਰਾਓ ਨੂੰ ਲੈ ਕੇ ਮਜ਼ਦੂਰ ਅਧਿਕਾਰ ਸੰਗਠਨ ਦੀ ਅਗਵਾਈ ਹੇਠ ਮਜ਼ਦੂਰਾਂ ਦੇ ਹੱਕਾਂ ਲਈ ਮੁਜ਼ਾਹਰਾ ਕਰ ਰਹੇ ਕਾਰਕੁੰਨਾਂ ’ਤੇ ਦਸੰਬਰ 2020 ‘ਚ ਦਰਜ ਕੀਤੇ ਗਏ ਮਾਮਲੇ ਵਿੱਚ ਨੌਦੀਪ ਕੌਰ ਨੂੰ 12 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਵਿੱਚ ਨੌਦੀਪ ਨੂੰ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਉਸ ‘ਤੇ 2021 ਵਿੱਚ ਦਰਜ ਕੀਤੀ ਗਏ ਮਾਮਲੇ ਵਿੱਚ ਜ਼ਮਾਨਤ ਦੀ ਅਰਜ਼ੀ ਵੀ ਅੱਜ ਸੋਨੀਪਤ ਦੀ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ ਜਿਸ ’ਤੇ ਸ਼ਨੀਵਾਰ ਨੂੰ ਸੁਣਵਾਈ ਹੋਵੇਗੀ। 307 ਤਹਿਤ ਦਰਜ ਕੀਤੇ ਗਏ ਇੱਕ ਮਾਮਲੇ ਵਿੱਚ ਉਸਦੀ ਜ਼ਮਾਨਤ ਦੀ ਅਰਜ਼ੀ ਪਹਿਲਾਂ ਹੀ ਜ਼ਿਲ੍ਹਾ ਅਦਾਲਤ ਵੱਲੋਂ ਖਾਰਿਜ ਕੀਤੀ ਗਈ ਹੈ। ਇਸ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਲਗਾਈ ਜਾ ਰਹੀ ਹੈ ਜਿਸ ਦੀ ਸੁਣਵਾਈ ਸੋਮਵਾਰ ਨੂੰ ਹੋ ਸਕਦੀ ਹੈ। ਜੇਕਰ ਇਹ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਹੋ ਜਾਂਦੀ ਹੈ ਤਾਂ ਅਗਲੇ ਹਫਤੇ ਤੱਕ ਨੌਦੀਪ ਕੌਰ ਜੇਲ੍ਹ ਤੋਂ ਰਿਹਾਅ ਹੋ ਸਕਦੀ ਹੈ। ਦੱਸ ਦੇਈਏ ਕਿ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਾਣਜੀ ਮੀਨਾ ਹੈਰਿਸ ਵੱਲੋਂ ਨੌਦੀਪ ਕੌਰ ਲਈ ਆਵਾਜ਼ ਉਠਾਉਣ ਤੋਂ ਬਾਅਦ ਦੇਸ਼ ਵਿੱਚ ਵੀ ਉਸ ਦੀ ਰਿਹਾਈ ਲਈ ਮੰਗ ਕੀਤੀ ਜਾ ਰਹੀ ਹੈ। ਦੋਸ਼ ਹੈ ਕਿ ਜੇਲ੍ਹ ਵਿੱਚ ਉਸ ਦਾ ਜਿਨਸੀ ਸ਼ੋਸ਼ਣ ਵੀ ਕੀਤਾ ਗਿਆ ਹੈ।