ਮੋਗਾ ਵਿਖੇ ਅੱਜ ਹੋਏ ਦਰਦਨਾਕ ਬੱਸ ਹਾਦਸੇ ਵਿੱਚ ਜ਼ਖਮੀਆਂ ਨੂੰ ਵੇਖਣ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਸਣੇ ਹੋਰ ਵੀ ਕਈ ਕਾਂਗਰਸੀ ਵਿਧਾਇਕ ਤੇ ਆਗੂ ਮੌਜੂਦ ਸਨ।
ਇਸ ਤੋਂ ਪਹਿਲਾਂ ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਆਪਣੀ ਭੈਣ ਮਾਲਵਿਕਾ ਸੂਦ ਅਤੇ ਭਤੀਜੀ ਸੱਚਰ ਗੌਤਮ ਨਾਲ ਜ਼ਖਮੀ ਲੋਕਾਂ ਨੂੰ ਮਿਲਣ ਲਈ ਸਿਵਲ ਹਸਪਤਾਲ ਪਹੁੰਚੇ ਸਨ। ਉਨ੍ਹਾਂ ਨੇ ਜਖਮੀਆਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਸੋਨੂੰ ਸੂਦ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਅਤੇ ਜ਼ਖਮੀਆਂ ਨੂੰ 25-25 ਹਜ਼ਾਰ ਦੀ ਸਹਾਇਤਾ ਦਿੱਤੀ ਅਤੇ ਸਾਰਿਆਂ ਨੂੰ ਮੋਬਾਈਲ ਫੋਨ ਦੇਣ ਦਾ ਐਲਾਨ ਵੀ ਕੀਤਾ ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਗਾ ਵਿੱਚ ਹੋਏ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਉਨ੍ਹਾਂ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਿਦਾਇਤਾਂ ਦਿੱਤੀਆਂ ਹਨ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਦਾ ਐਕਸ-ਗ੍ਰੇਸ਼ੀਆ ਅਤੇ ਗੰਭੀਰ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਤੁਰੰਤ ਜਾਰੀ ਕੀਤੇ ਜਾਣ।
ਇਹ ਵੀ ਪੜ੍ਹੋ : ਮੋਗਾ ਬੱਸ ਹਾਦਸੇ ਦੇ ਜਖਮੀਆਂ ਨੂੰ ਮਿਲਣ ਪੁੱਜੇ ਸੋਨੂ ਸੂਦ,’ਤੇ ਮ੍ਰਿਤਕਾਂ ਅਤੇ ਜਖਮੀਆਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਕੀਤੇ ਵੱਡੇ ਐਲਾਨ
ਦੱਸ ਦੇਈਏ ਕਿ ਅੱਜ ਸਵੇਰੇ ਟੱਕਰ ਪਿੰਡ ਲੁਹਾਰਾ ਦੇ ਨੇੜੇ ਮੋਗਾ ਤੋਂ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਕਾਂਗਰਸੀਆਂ ਨਾਲ ਭਰੀ ਇੱਕ ਪ੍ਰਾਈਵੇਟ ਬੱਸ ਦੀ ਸਰਕਾਰੀ ਬੱਸ ਨਾਲ ਟੱਕਰ ਹੋ ਗਈ, ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ ਅਤੇ 20 ਲੋਕ ਦੇ ਜ਼ਖ਼ਮੀ ਹੋ ਗਏ ਹਨ ।