ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਾਈਕਮਾਨ ਵੱਲੋਂ ਇੱਕ ਦਲਿਤ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ ਨੂੰ ਇਤਿਹਾਸਕ ਫੈਸਲਾ ਦੱਸਿਆ। ਉਨ੍ਹਾਂ ਟਵੀਟ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਚੁਣੇ ਜਾਣ ਨੂੰ ਇਤਿਹਾਸ ਦੇ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਉਨ੍ਹਾਂ ਸੰਵਿਧਾਨ ਅਤੇ ਕਾਂਗਰਸ ਦੀ ਭਾਵਨਾ ਨੂੰ ਸਲਾਮ ਕੀਤਾ।
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਇਸ ਦਾ ਰਸਮੀ ਐਲਾਨ ਕੀਤਾ ਕਿ ਕਾਂਗਰਸ ਹਾਈਕਮਾਨ ਨੇ ਪੰਜਾਬ ਦੀ ਲੀਡਰਸ਼ਿਪ ਲਈ ਚਰਨਜੀਤ ਸਿੰਘ ਚੰਨੀ ਨੂੰ ਚੁਣਿਆ ਹੈ। ਚਰਨਜੀਤ ਚੰਨੀ ਕੱਲ੍ਹ 11 ਵਜੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ।
ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਹੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਹਨ। ਚਰਨਜੀਤ ਸਿੰਘ ਚੰਨੀ ਲਗਾਤਾਰ ਤਿੰਨ ਵਾਰ ਚਮਕੌਰ ਸਾਹਿਬ ਤੋਂ ਵਿਧਾਇਕ ਬਣੇ। 2007 ਵਿੱਚ ਉਨ੍ਹਾਂ ਨੇ ਆਜ਼ਾਦ ਵਜੋਂ ਚੋਣ ਜਿੱਤੀ। ਇਸ ਤੋਂ ਬਾਅਦ ਉਹ ਦੋ ਵਾਰ ਕਾਂਗਰਸ ਦੀ ਟਿਕਟ ‘ਤੇ ਵਿਧਾਇਕ ਬਣੇ। ਉਹ 2015 ਤੋਂ 2016 ਤੱਕ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ।
ਇਹ ਵੀ ਪੜ੍ਹੋ : ਕੈਪਟਨ ਨੂੰ ਅਸਤੀਫੇ ਤੋਂ ਪਹਿਲਾਂ ਇਹ ਕੰਮ ਨਾ ਕਰਨ ਦਾ ਅਫਸੋਸ, ਨਵੇਂ CM ਤੋਂ ਪ੍ਰਗਟਾਈ ਆਸ
2017 ਵਿੱਚ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਬਣਾਇਆ ਗਿਆ ਸੀ। ਚੰਨੀ ਉਨ੍ਹਾਂ ਲੋਕਾਂ ਵਿੱਚੋਂ ਸਨ ਜਿਨ੍ਹਾਂ ਨੇ ਅਮਰਿੰਦਰ ਸਿੰਘ ਵਿਰੁੱਧ ਅਗਸਤ ਵਿੱਚ ਹੋਈ ਬਗਾਵਤ ਦੀ ਅਗਵਾਈ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਸਾਨੂੰ ਅਮਰਿੰਦਰ ਦੇ ਪੰਜਾਬ ਦੇ ਮਸਲਿਆਂ ਦੇ ਹੱਲ ਲਈ ਭਰੋਸਾ ਨਹੀਂ ਸੀ।