ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਅੱਜ ਦਿੱਲੀ ਆਉਣਗੇ। ਉਹ ਪਾਰਟੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲਣਗੇ। ਪਾਰਟੀ ਦੇ ਜਨਰਲ ਸੱਕਤਰ ਪੰਜਾਬ ਇੰਚਾਰਜ ਹਰੀਸ਼ ਰਾਵਤ ਵੀ ਸਿੱਧੂ ਨਾਲ ਉਨ੍ਹਾਂ ਨੂੰ ਮਿਲਣਗੇ।
ਦੱਸ ਦੇਈਏ ਕਿ ਸਿੱਧੂ ਨੂੰ ਪਾਰਟੀ ਦਾ ਸੂਬਾ ਪ੍ਰਧਾਨ ਬਣਾਉਣ ਦੀਆਂ ਖਬਰਾਂ ਤੋਂ ਨਾਰਾਜ਼ ਕੈਪਟਨ ਅਮਰਿੰਦਰ ਨੇ ਵੀਰਵਾਰ ਨੂੰ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਫੋਨ ਕੀਤਾ ਅਤੇ ਕਿਹਾ ਕਿ ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਉਨ੍ਹਾਂ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ। ਕੈਪਟਨ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਵੀ ਉਨ੍ਹਾਂ ਦੀ ਮਰਜ਼ੀ ਨਾਲ ਹੀ ਬਣੇਗਾ।
ਇਹ ਵੀ ਪੜ੍ਹੋ : PCMS ਐਸੋਸੀਏਸ਼ਨ ਦੇ ਸੱਦੇ ਤੇ ਛੇਵੇਂ ਤਨਖਾਹ ਕਮਿਸ਼ਨ ਦੇ ਵਿਰੋਧ ‘ਚ ਹੜਤਾਲ
ਉਨ੍ਹਾਂ ਸੋਨੀਆ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਕਾਂਗਰਸ ਫਿਰ ਤੋਂ ਪੰਜਾਬ ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਇਤਿਹਾਸ ਨੂੰ ਦੁਹਰਾਵੇਗੀ। ਜਦੋਂ ਸਿੱਧੂ ਨੂੰ ਚੋਣ ਪ੍ਰਚਾਰ ਕਮੇਟੀ ਦਾ ਮੁਖੀ ਅਤੇ ਕਾਰਜਕਾਰੀ ਕਮੇਟੀ ਦਾ ਮੈਂਬਰ ਬਣਾਉਣ ਦੀ ਗੱਲ ਚੱਲੀ ਤਾਂ ਸਿੱਧੂ ਵੀ ਉਸ ਤੋਂ ਬਾਅਦ ਨਾਰਾਜ਼ ਹੋ ਗਏ। ਨਾਰਾਜ਼ ਸਿੱਧੂ ਨੇ ਚੰਡੀਗੜ੍ਹ ਪਹੁੰਚ ਕੇ ਆਪਣੇ ਸਮਰਥਕ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਮਿਲ ਕੇ ਇਕ ਹੋਰ ਰਣਨੀਤੀ ਤਿਆਰ ਕੀਤੀ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਰਣਨੀਤੀ ਦੇ ਹਿੱਸੇ ਵਜੋਂ ਸਿੱਧੂ ਇੱਕ-ਦੋ ਦਿਨਾਂ ਵਿੱਚ ਹਾਈਕਮਾਨ ਨਾਲ ਗੱਲਬਾਤ ਕਰਨਗੇ, ਜਿਸ ਤੋਂ ਬਾਅਦ ਕੋਈ ਫੈਸਲਾ ਲਿਆ ਜਾਵੇਗਾ।
ਸਿਆਸੀ ਧੁਰ ਦੇ ਵਿਰੋਧੀ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀਆਂ ਖ਼ਬਰਾਂ ਤੋਂ ਕੈਪਟਨ ਅਮਰਿੰਦਰ ਸਿੰਘ ਨਾਰਾਜ਼ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਦੇ ਅਸਤੀਫੇ ਦੀ ਖ਼ਬਰਾਂ ਮੀਡੀਆ ਵਿੱਚ ਚੱਲਣ ਲੱਗੀਆਂ। ਕੁਝ ਸਮੇਂ ਬਾਅਦ ਕੈਪਟਨ ਦੇ ਮੀਡੀਆ ਸਲਾਹਕਾਰ ਨੇ ਟਵੀਟ ਕਰਕੇ ਉਨ੍ਹਾਂ ਦੇ ਅਸਤੀਫੇ ਦੀ ਖ਼ਬਰ ਨੂੰ ਖਾਰਿਜ ਕਰ ਦਿੱਤਾ। ਉਨ੍ਹਾਂ ਲਿਖਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਕੈਪਟਨ ਦੀ ਅਗਵਾਈ ਹੇਠ ਹੀ ਲੜੀਆਂ ਜਾਣਗੀਆਂ।
ਇਹ ਵੀ ਪੜ੍ਹੋ : ਬਟਾਲਾ-ਜਲੰਧਰ ਹਾਈਵੇ ‘ਤੇ ਕਿਸਾਨਾਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਖਿਲ਼ਾਫ ਟ੍ਰੈਫਿਕ ਰੋਕ ਕੀਤਾ ਪ੍ਰਦਰਸ਼ਨ