New system of self approval : ਚੰਡੀਗੜ੍ਹ : ਪੰਜਾਬ ਵਿੱਚ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਸਰਕਾਰ ਵੱਲੋਂ ਸਵੈ-ਪ੍ਰਵਾਨਗੀਆਂ ਦੀ ਨਵੀਂ ਪ੍ਰਣਾਲੀ ਨੂੰ ਲਾਗੂ ਕੀਤਾ ਜਾਵੇਗਾ, ਜਿਸ ’ਤੇ ਪੰਜਾਬ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਇਸ ਦੀ ਨਿਰਧਾਰਤ ਸਮਾਂ ਸੀਮਾ ਖਤਮ ਹੋਣ ’ਤੇ ਆਪਣੇ ਆਪ ਆਨਲਾਈਨ ਪ੍ਰਵਾਨਗੀ ਜਾਰੀ ਹੋ ਜਾਏਗੀ। ਇਹ ਐਲਾਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਪਾਰਕ ਸੌਖ ਸਬੰਧੀ ਸਰਵੇਖਣ ਵਿੱਚ ਪੰਜਾਬ ਦੇ 19ਵੇਂ ਸਥਾਨ ਉਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਅਗਲੇ ਪੰਜ ਸਾਲ ਵਿੱਚ ਸੂਬੇ ਨੂੰ ਸਿਖਰਲੇ ਸਥਾਨ ‘ਤੇ ਲਿਜਾਣ ਦਾ ਹੈ। ਉਨ੍ਹਾਂ ਉਦਯੋਗਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦਾ ਪਹਿਲਾ ਵਾਲਾ ਸਥਾਨ ਮੁੜ ਹਾਸਲ ਕਰਨ ਲਈ ਸਰਕਾਰ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਕਿਹਾ।
ਮੁੱਖ ਮੰਤਰੀ ਨੇ ਕਿਹਾ ਕੋਵਿਡ ਉਪਰੰਤ ਆਉਣ ਵਾਲੇ ਸਾਲ ਵਿੱਚ ਆਮ ਵਰਗਾ ਮਾਹੌਲ ਹੋਣ ‘ਤੇ ਉਹ ਨਿਵੇਸ਼ਕਾਂ ਨੂੰ ਹੋਰ ਵੀ ਸਹਿਯੋਗ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਅਫਸਰਾਂ ਦੀ ਟੀਮ ਪੰਜਾਬ ਵਿੱਚ ਉਦਯੋਗਾਂ ਨੂੰ ਮੱਦਦ ਅਤੇ ਸਹੂਲਤ ਦੇਣ ਲਈ ਹਰ ਸੰਭਵ ਕੋਸ਼ਿਸ਼ਾਂ ਕਰੇਗੀ। ਆਪਣੀ ਹੁਨਰ ਸਿਖਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਸ ਨੂੰ ਨੌਕਰੀ ਆਧਾਰਿਤ ਬਣਾਉਣ ਲਈ ਉਦਯੋਗਾਂ ਨੂੰ ਸੂਬੇ ਦੇ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘ਤੁਹਾਨੂੰ ਹੁਨਰਮੰਦ ਮਨੁੱਖੀ ਸ਼ਕਤੀ ਚਾਹੀਦੀ ਹੈ ਅਤੇ ਤੁਸੀਂ ਇਨ੍ਹਾਂ ਸਿੱਖਿਅਤ ਨੌਜਵਾਨਾਂ ਦੀਆਂ ਸੇਵਾਵਾਂ ਨੂੰ ਚੰਗੇ ਪੈਕੇਜ ‘ਤੇ ਲੈ ਸਕਦੇ ਹੋ।” ਇਹ ਗੱਲ ਮੁੱਖ ਮੰਤਰੀ ਨੇ ਚਿਤਕਾਰਾ ਯੂਨੀਵਰਸਿਟੀ ਵੱਲੋਂ ‘ਪੰਜਾਬ ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ ਕੋਵਿਡ ਤੋਂ ਬਾਅਦ ਦੀ ਦੁਨੀਆ ਲਈ ਨੌਕਰੀ ਦੇ ਖੇਤਰ ਅਤੇ ਲੋੜੀਂਦੇ ਹੁਨਰ ਸਬੰਧੀ ਕੁਝ ਸਨਅਤੀ ਦਿੱਗਜ਼ਾਂ ਨਾਲ ਵਰਚੁਅਲ ਕਾਨਫਰੰਸ ਕਰਦਿਆਂ ਕਹੀ।
ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਦਯੋਗਾਂ ਦੀ ਹੁਨਰਮੰਦ ਕਿਰਤ ਦੀ ਮੰਗ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਹੈ। ਹੁਨਰ ਦੀ ਘਾਟ ਵਾਲੇ ਬੇਰੋਜ਼ਗਾਰ ਨੌਜਵਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਰੋਜ਼ਗਾਰ ਦੇਣ ਵਾਲੇ ਦੀ ਮੰਗ ਨਾਲ ਮੇਲ ਖਾਂਦੇ ਹੋਣ। ਇਸ ਸਹੂਲਤ ਦਾ ਫਾਇਦਾ ਲੈਣ ਲਈ ਹੁਣ ਤੱਕ 8 ਲੱਖ ਤੋਂ ਵੱਧ ਨੌਜਵਾਨਾਂ ਨੇ Pgrkam.com ਪੋਰਟਲ ਉਤੇ ਆਪਣੇ ਆਪ ਨੂੰ ਰਜਿਸਟਰਡ ਕੀਤਾ ਹੈ। ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹੁਨਰ ਵਿਕਾਸ ਨੂੰ ਉਤਸ਼ਾਹਤ ਕਰਨ ਦੀ ਜ਼ਰੂਰਤ ਹੈ। ਇਸ ਦੇ ਲਈ ਕੋਵਿਡ ਤੋਂ ਬਾਅਦ ਦੇ ਮਾਹੌਲ ਦੇ ਸੰਦਰਭ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ ਵਿੱਚ ਸੋਧਾਂ ਕੀਤੀਆਂ ਜਾਣਗੀਆਂ।