New twenty one corona : ਕੋਰੋਨਾ ਦਾ ਪ੍ਰਕੋਪ ਲਗਾਤਾਰ ਸੂਬੇ ਵਿਚ ਵਧਦਾ ਜਾ ਰਿਹਾ ਹੈ ਅਤੇ ਇਸ ਦੇ ਮਾਮਲਿਆਂ ਦੀ ਗਿਣਤੀ ਵਿਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੱਜ ਫਗਵਾੜਾ ਵਿਚ ਜਿਥੇ ਕੋਰੋਨਾ ਦੇ ਚਾਰ ਮਾਮਲੇ ਸਾਹਮਣੇ ਆਏ ਹਨ, ਉਥੇ ਜਲੰਧਰ ਵਿਚ 17 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਫਗਵਾੜਾ ਵਿਚ ਇਕੋ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਜਾਣਕਾਰੀ ਦਿੰਦਿਆਂ ਕਪੂਰਥਲਾ ਦੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਇਹ ਪਰਿਵਾਰ ਰਾਹੋਂ ਵਿਚ ਇਕ ਵਿਆਹ ਸਮਾਰੋਹ ਵਿਚ ਹਿੱਸਾ ਲੈਣ ਗਏ ਹਨ, ਜਿਥੇ ਇਹ ਇਸ ਵਾਇਰਸ ਦੀ ਲਪੇਟ ਵਿਚ ਆ ਗਏ। ਇਸ ਪਰਿਵਾਰ ਦੇ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਸਨ, ਜਿਥੇ ਅੱਜ ਗੌਤਮ ਜੈਨ, ਉਨ੍ਹਾਂ ਦੀ ਪਤਨੀ ਸ਼ਵੇਤਾ ਜੈਨ ਅਤੇ ਦੋ ਪੁੱਤਰ ਕੁਸ਼ਾਗਰ ਜੈਨ ਤੇ ਪਾਰਥ ਜੈਨ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।
ਉਥੇ ਹੀ ਜਲੰਧਰ ਵਿਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਰੋਜ਼ਾਨਾ ਦੇ ਇਸ ਦੇ ਵਧਦੇ ਮਾਮਲੇ ਪ੍ਰਸ਼ਾਸਨ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਅੱਜ ਸਾਹਮਣੇ ਆਏ 17 ਨਵੇਂ ਮਾਮਲਿਆਂ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ 941 ਤੱਕ ਪਹੁੰਚ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸਾਹਮਣੇ ਆਏ ਮਰੀਜ਼ ਪਹਿਲਾਂ ਤੋਂ ਹੀ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਾਲੇ ਹਨ। ਅੱਜ ਮਿਲੇ ਨਵੇਂ ਮਾਮਲੇ ਮਖਦੂਮਪੁਰਾ, ਸ਼ਹੀਦ ਬਾਬੂ ਲਾਭ ਸਿੰਘ, ਈਸਾ ਨਗਰ ਤੇ ਹੋਰ ਇਲਾਕਿਆਂ ਤੋਂ ਸਾਹਮਣੇ ਆਏ ਹਨ।
ਦੱਸਣਯੋਗ ਹੈ ਕਿ ਜ਼ਿਲੇ ਵਿਚੋਂ ਹੁਣ ਤੱਕ ਕੁਲ 25639 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 23319 ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ, ਜਦਕਿ 941 ਮਾਮਲੇ ਪਾਜ਼ੀਟਿਵ ਪਾਏ ਗਏ ਹਨ। ਹੁਣ ਤੱਕ ਜ਼ਿਲੇ ਵਿਚ 584 ਮਰੀਜ਼ਾਂ ਨੂੰ ਹਸਪਤਾਲੋਂ ਛੁੱਟੀ ਦੇ ਕੇ ਘਰਾਂ ਨੂੰ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਹੁਣ ਜ਼ਿਲੇ ਵਿਚ ਕੋਰੋਨਾ ਦੇ ਕੁਲ 319 ਐਕਟਿਵ ਮਾਮਲੇ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾਹੈ, ਉਥੇ ਹੀ ਹੁਣ ਤੱਕ ਕੋਰੋਨਾ ਨਾਲ 22 ਲੋਕਾਂ ਦੀ ਮੌਤ ਹੋ ਚੁੱਕੀ ਹੈ।