Ninety Seven Corona Cases : ਚੰਡੀਗੜ੍ਹ ’ਚ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਨੂੰ ਸ਼ਹਿਰ ਵਿਚ ਕੋਰੋਨਾ ਦੇ 35 ਨਵੇਂ ਮਾਮਲੇ ਆਏ ਹਨ ਅਤੇ ਇਕ ਵਿਅਕਤੀ ਨੇ ਦਮ ਤੋੜ ਦਿੱਤਾ। ਉਥੇ ਹੀ ਮੋਹਾਲੀ ਵਿਚ 28 ਤੇ ਪੰਚਕੂਲਾ ’ਚ 34 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਸ਼ਹਿਰ ਵਿਚ 20 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਚੰਡੀਗੜ੍ਹ ਵਿਚ ਕਜਹੇੜੀ ਇਲਾਕੇ ਵਿਚਰਹਿਣ ਵਾਲੀ 46 ਸਾਲਾ ਔਰਤ ਦੀ ਮੌਤ ਹੋ ਗਈ। ਉਥੇ ਹੀ ਚੰਡੀਗੜ੍ਹ ਵਿਚ ਹੁਣ ਤੱਕ ਕੋਰੋਨਾ ਦੇ 1051 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 667 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਹੋਣ ਤੱਕ ਸ਼ਹਿਰ ਵਿਚ ਕੋਰੋਨਾ ਨਾਲ 15 ਮੌਤਾਂ ਹੋ ਚੁੱਕੀਆਂ ਹਨ। ਫਿਲਹਾਲ ਇਸ ਸਮੇਂ 369 ਮਾਮਲੇ ਐਕਟਿਵ ਹਨ।
ਪੰਚਕੂਲਾ ਵਿਚ ਅੱਜ ਸਾਹਮਣੇ ਆਏ ਵਧੇਰੇ ਮਾਮਲੇ ਪਿੰਜੌਰ ਦੇ ਮੜਾਵਾਲਾ ਤੇ ਹਿਮਾਚਲ ਪ੍ਰਦੇਸ਼ ਦੇ ਬੱਦੀ ਬਾਰਡਰ ਦੇ ਕੋਲ ਨਵਾਨਗਰ ਤੋਂ ਹਨ। ਪੰਚਕੂਲਾ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕੀਤੀ। ਦੱਸਣਯੋਗ ਹੈ ਕਿ ਪੰਚਕੂਲਾ ਵਿਚ ਇਸ ਸਮੇਂ 300 ਕੋਰੋਨਾ ਦੇ ਮਾਮਲੇ ਐਕਟਿਵ ਹਨ, ਜਦਕਿ ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਾਰੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸਾਰੇ ਕੋਰੋਨਾ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਆਈਸੋਲੇਟ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਸੂਚੀ ਬਣਾ ਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।