No confidence in government : ਕੈਬਨਿਟ ਮੰਤਰੀਆਂ ਵੱਲੋਂ ਸਰਕਾਰ ਵਿਚ ਬੇਭਰੋਸਗੀ ਜਤਾਉਣ ਨਾਲ ਪੰਜਾਬ ਵਿਚ ਸੰਵਿਧਾਨਿਕ ਸੰਕਟ ਖੜ੍ਹਾ ਹੋ ਗਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਦਲਜੀਤ ਸਿੰਘ ਚੀਮਾ ਨੇ ਦਿੱਤੀ। ਇਸ ਦੇ ਨਾਲ ਹੀ ਪਾਰਟੀ ਨੇ ਕਰਫਿਊ ਦੌਰਾਨ ਕਾਂਗਰਸੀਆਂ ਆਗੂਆਂ ਅਤੇ ਉਨ੍ਹਾਂ ਦੇ ਦੋਸਤਾਂ ਦੀਆਂ ਸ਼ਰਾਬ ਦੀਆਂ ਫੈਕਟਰੀਆਂ ਵੱਲੋਂ ਪੰਜਾਬ ਵਿਚ ਗੈਰ-ਕਾਨੂੰਨੀ ਸ਼ਰਾਬ ਵੇਚ ਕੇ ਕੀਤੇ ਹਜ਼ਾਰਾਂ ਕਰੋੜ ਰੁਪਏ ਦੇ ਸ਼ਰਾਬ ਘੋਟਾਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਜਦੋਂ ਹਰ ਸੂਬਾ ਕੋਵਿਡ-19 ਦੀ ਰੋਕਥਾਮ ਲਈ ਪੂਰਾ ਜ਼ੋਰ ਲਗਾ ਰਿਹਾ ਹੈ ਤਾਂ ਪੰਜਾਬ ਦੇ ਕੈਬਿਨਟ ਮੰਤਰੀ ਨੌਕਰਸ਼ਾਹਾਂ ਨਾਲ ਲੜਣ ਵਿਚ ਰੁੱਝੇ ਹਨ, ਜਿਸ ਤਰ੍ਹਾਂ ਕਿ ਕੱਲ੍ਹ ਦੀ ਮੀਟਿੰਗ ਦੌਰਾਨ ਵਾਪਰਿਆ ਹੈ। ਉੁਨ੍ਹਾਂ ਕਿਹਾ ਕਿ ਕੈਬਨਿਟ ਮੰਤਰੀਆਂ ਅਤੇ ਨੌਕਰਸ਼ਾਹਾਂ ਦੋਵਾਂ ਨੂੰ ਇੱਕ ਦੂਜੇ ਉਤੇ ਭਰੋਸਾ ਨਹੀਂ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਇੱਥੇ ਲੀਡਰਸ਼ਿਪ ਸੰਕਟ ਪੈਦਾ ਹੋ ਚੁੱਕਿਆ ਹੈ, ਜਿਸ ਕਰਕੇ ਪੰਜਾਬ ਅਤੇ ਪੰਜਾਬੀਆਂ ਨੂੰ ਦੁੱਖ ਭੋਗਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ਰੋਜ਼ਾਨਾ ਕੇਂਦਰ ਸਰਕਾਰ ਦੀ ਆਲੋਚਨਾ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਇਸ ਦੇ ਆਗੂਆਂ ਨੂੰ ਆਪਣੇ ਦੋਸਤਾਂ ਨਾਲ ਮਿਲ ਕੇ ਸਰਕਾਰੀ ਖਜ਼ਾਨੇ ਨੂੰ ਲੁੱਟਣ ਦੀ ਆਗਿਆ ਕਿਉਂ ਦਿੱਤੀ ਗਈ ਹੈ ?
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਅੰਦਰ ਅਜਿਹੇ ਹਾਲਾਤਾਂ ਲਈ ਸਿੱਧੇ ਤੌਰ ਤੇ ਜ਼ਿੰਮੇਵਾਰ ਹੈ, ਕਿਉਂਕਿ ਆਬਕਾਰੀ ਮਹਿਕਮਾ ਉਸ ਕੋਲ ਹੀ ਹੈ, ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਕੋਵਿਡ-19 ਸੰਕਟ ਦੌਰਾਨ ਨਾ ਸਿਰਫ ਸੂਬੇ ਅੰਦਰ ਗੈਰਕਾਨੂੰਨੀ ਸ਼ਰਾਬ ਦੀ ਵਿਕਰੀ ਰੋਕਣ ਵਿਚ ਨਾਕਾਮ ਰਿਹਾ ਹੈ, ਸਗੋਂ ਉਸ ਨੇ ਅਜੇ ਤਕ ਇਸ ਘੁਟਾਲੇ ਦੀ ਜਾਂਚ ਦਾ ਹੁਕਮ ਦੇਣ ਤੋਂ ਵੀ ਪਾਸਾ ਵੱਟਿਆ ਹੈ। ਉਨ੍ਹਾਂ ਕਿਹਾ ਕਿ ਇਸ ਘੋਟਾਲੇ ਨਾਲ ਸੂਬੇ ਦੀ ਕੋਵਿਡ-19 ਖ਼ਿਲਾਫ ਲੜਾਈ ਦੇ ਯਤਨਾਂ ਨੂੰ ਵੀ ਸੱਟ ਵੱਜੀ ਹੈ ਅਤੇ ਸਿਹਤ ਢਾਂਚੇ ਅਤੇ ਸੁਰੱਖਿਆ ਕਾਮਿਆਂ ਦੀ ਸੁਰੱਖਿਆ ਲਈ ਫੰਡਾਂ ਵਿਚ ਕਮੀ ਆਈ ਹੈ, ਜਿਸ ਨਾਲ ਸੂਬੇ ਅੰਦਰ ਕੋਵਿਡ ਮੌਤਾਂ ਦੀ ਦਰ ਵਧੀ ਹੈ। ਡਾਕਟਰ ਚੀਮਾ ਨੇ ਕਿਹਾ ਕਿ ਇੰਝ ਲੱਗਦਾ ਹੈ ਕਿ ਮੁੱਖ ਮੰਤਰੀ ਅਤੇ ਉਸ ਦੇ ਚਹੇਤੇ ਬਿਨਾਂ ਮੰਤਰੀ ਮੰਡਲ ਨੂੰ ਭਰੋਸੇ ਵਿਚ ਲਏ ਸਰਕਾਰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਦਾ ਨਾਰਾਜ਼ ਹੋ ਕੇ ਮੀਟਿੰਗ ਵਿਚੋਂ ਚਲੇ ਜਾਣਾ ਇਸ਼ਾਰਾ ਕਰਦਾ ਹੈ ਕਿ ਮੁੱਖ ਮੰਤਰੀ ਕੋਲ ਮੰਤਰੀਆਂ ਦਾ ਸਮਰਥਨ ਨਹੀਂ ਬਚਿਆ ਹੈ। ਇਹ ਕਹਿੰਦਿਆਂ ਕਿ ਸਿਰਫ ਸੀਬੀਆਈ ਜਾਂਚ ਹੀ ਇਸ ਹਜ਼ਾਰਾਂ ਕਰੋੜ ਰੁਪਏ ਦੇ ਘੁਟਾਲੇ ਦੀ ਹੇਠਲੀ ਤਹਿ ਤਕ ਪਹੁੰਚ ਸਕਦੀ ਹੈ, ਡਾਕਟਰ ਚੀਮਾ ਨੇ ਕਿਹਾ ਕਿ ਇਸ ਤੋਂ ਇਲਾਵਾ ਕਾਂਗਰਸੀ ਆਗੂਆਂ ਦੀ ਫੈਕਟਰੀਆਂ ਤੋਂ ਗੈਰਕਾਨੂੰਨੀ ਤੌਰ ਤੇ ਜਾਰੀ ਕੀਤੀ ਸ਼ਰਾਬ ਦੀ ਵੀ ਜਾਂਚ ਹੋਣੀ ਚਾਹੀਦੀ ਹੈ ।