There is no threat of bird flu : ਦੇਸ਼ ਵਿੱਚ ਕਈ ਸੂਬਿਆਂ ਵਿੱਚ ਬਰਡ ਫਲੂ ਦੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਦੇ ਚੱਲਦਿਆਂ ਪੰਜਾਬ ਵਿਚ ਵੀ ਇਸ ਦਾ ਖੌਫ ਫੈਲਣਾ ਸ਼ੁਰੂ ਹੋ ਗਿਆ ਹੈ। ਪੰਜਾਬ ਪੰਚਾਇਤ ਅਤੇ ਪਸ਼ੂ ਪਾਲਣ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬੇ ਵਿਚ ਅਜੇ ਤੱਕ ਬਰਡ ਫਲੂ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਫਿਰ ਵੀ, ਸਰਕਾਰ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਲੋਕਾਂ ਨੂੰ ਜਾਰਰੂਕ ਕੀਤਾ ਕਿ ਮਾਂਸ ਖਾਣ ਵਾਲਿਆਂ ਨੂੰ ਡਰਨ ਦੀ ਜ਼ਰੂਰਤ ਨਹੀਂ, ਸਿਰਫ ਇਨ੍ਹਾਂ ਚੀਜ਼ਾਂ ਨੂੰ ਅਤੇ ਚੰਗੀ ਤਰ੍ਹਾਂ ਪਕਾ ਕੇ ਖਾਣ ਦੀ ਜ਼ਰੂਰਤ ਹੈ। ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਦੇ ਹੋਰ ਵਿਭਾਗਾਂ ਦੇ ਨਾਲ ਪਸ਼ੂ ਪਾਲਣ ਵਿਭਾਗ ਪੂਰੀ ਤਰ੍ਹਾਂ ਨਿਗਰਾਨੀ ਵਿੱਚ ਲੱਗਾ ਹੋਇਆ ਹੈ ਤਾਂ ਜੋ ਗੈਰ-ਮਿਆਰੀ ਮੀਟ ਅਤੇ ਮੱਛੀ ਮਾਰਕੀਟ ਵਿੱਚ ਨਾ ਵੇਚੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਬਚਣ ਅਤੇ ਜੇਕਰ ਕੋਈ ਇਸ ਅਫਵਾਹ ਨੂੰ ਫੈਲਾਉਂਦਾ ਹੈ ਤਾਂ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕਰੇ।
ਇਸ ਦੌਰਾਨ ਬਾਜਵਾ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਕਸਬੇ ਵਿਚ 92.14 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਵੈਟਰਨਰੀ ਸਾਇੰਸ ਕਾਲਜ ਸ਼ੁਰੂ ਕੀਤਾ ਗਿਆ ਹੈ। ਇਸ ਕਾਲਜ ਵਿੱਚ ਪਹਿਲੀ ਬੈਚ ਦੀਆਂ ਕਲਾਸਾਂ ਸ਼ੁਰੂ ਹੋ ਗਈਆਂ ਹਨ। ਰਾਜ ਦੇ ਪਸ਼ੂਆਂ ਦੀ ਦੇਖਭਾਲ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਵਧੀਆ ਇਲਾਜ ਸਹੂਲਤਾਂ ਪ੍ਰਦਾਨ ਕਰਨ ਲਈ 117 ਵੈਟਰਨਰੀ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ 353 ਵੈਟਰਨਰੀ ਅਫਸਰਾਂ, 866 ਵੈਟਰਨਰੀ ਇੰਸਪੈਕਟਰਾਂ, 7 ਲੈਬ ਟੈਕਨੀਸ਼ੀਅਨ ਅਤੇ 1 ਲਾਅ ਅਸਿਸਟੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।
ਬਾਜਵਾ ਨੇ 12 ਵੀਂ ਪਸ਼ੂ ਧਨ ਚੈਂਪੀਅਨਸ਼ਿਪ ਅਤੇ ਐਕਸਪੋ -2021 ਦੀਆਂ ਤਰੀਕਾਂ ਦਾ ਐਲਾਨ ਕਰਦਿਆਂ ਦੱਸਿਆ ਕਿ 12ਵੀਂ ਪਸ਼ੂ ਧਨ ਚੈਂਪੀਅਨਸ਼ਿਪ ਅਤੇ ਐਕਸਪੋ ਇਸ ਸਾਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿੱਚ 16 ਤੋਂ 20 ਮਾਰਚ ਤੱਕ ਆਯੋਜਿਤ ਕੀਤੇ ਜਾ ਰਹੇ ਹਨ। ਮੱਝਾਂ ਦੀਆਂ ਨਸਲਾਂ ਨੂੰ ਬਿਹਤਰ ਬਣਾਉਣ ਅਤੇ ਮੱਝਾਂ ਦੇ ਝੁੰਡ ਸਥਾਪਤ ਕਰਨ ਦੇ ਮੰਤਵ ਨਾਲ ਕੁਲ 20 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਬੂਹ ਜ਼ਿਲ੍ਹਾ ਤਰਨਤਾਰਨ ਵਿਖੇ ਖੇਤਰੀ ਖੋਜ ਅਤੇ ਸਿਖਲਾਈ ਕੇਂਦਰ ਸਥਾਪਤ ਕੀਤਾ ਗਿਆ ਹੈ।