NOC of 9 schools canceled : ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਦੀ ਉਲੰਘਣਾ ਕਰਨ ਵਾਲੇ ਵੱਖ-ਵੱਖ ਜ਼ਿਲ੍ਹਿਆਂ ਦੇ 9 ਸਕੂਲਾਂ ਦੇ NOC (ਨੋ ਆਬਜੈਕਸ਼ਨ ਸਰਟੀਫਿਕੇਟ) ਰੱਦ ਕਰ ਦਿੱਤੇ ਗਏ ਹਨ। ਇਸ ਬਾਰੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੇ ਐਨ.ਓ.ਸੀਜ਼. ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਦੋ ਸਕੂਲ ਅੰਮ੍ਰਿਤਸਰ ਅਤੇ ਤਿੰਨ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹਨ, ਜਦੋਂ ਕਿ ਇਕ-ਇਕ ਸਕੂਲ ਫ਼ਤਹਿਗੜ੍ਹ ਸਾਹਿਬ, ਹੁਸਿ਼ਆਰਪੁਰ, ਬਠਿੰਡਾ ਤੇ ਜਲੰਧਰ ਜਿ਼ਲ੍ਹਿਆਂ ਨਾਲ ਸਬੰਧਤ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਸਕੂਲਾਂ ਵਿੱਚ ਹੁਸ਼ਿਆਰਪੁਰ ਦਾ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵੀ ਸ਼ਾਮਲ ਹੈ।
ਦੱਸਣਯੋਗ ਹੈ ਕਿ ਇਨ੍ਹਾਂ ਸਕੂਲਾਂ ਦੀਆਂ ਸਿੱਖਿਆ ਵਿਭਾਗ ਨੂੰ ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ ਵਿੱਚ ਵਧੇਰੇ ਸ਼ਿਕਾਇਤਾਂ ਸਨ ਕਿ ਕੋਵਿਡ-19 ਮਹਾਂਮਾਰੀ ਦੌਰਾਨ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਦਿੱਤੀ ਜਾ ਰਹੀ ਜਾਂ ਘੱਟ ਦਿੱਤੀ ਜਾ ਰਹੀ ਹੈ। ਸਿੱਖਿਆ ਵਿਭਾਗ ਨੇ ਇਨ੍ਹਾਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲਿਆ ਅਤੇ ਸਕੂਲਾਂ ਵੱਲੋਂ ਜਵਾਬ ਤਸੱਲੀਬਖ਼ਸ਼ ਨਾ ਮਿਲਣ ’ਤੇ ਇਨ੍ਹਾਂ ਸਕੂਲਾਂ ਦੇ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ (NOC) ਰੱਦ ਕਰ ਦਿੱਤੇ ਗਏ।
ਦੱਸਣਯੋਗ ਹੈ ਕਿ ਇਨ੍ਹਾਂ ਵਿੱਚ ਅੰਮ੍ਰਿਤਸਰ ਦੇ ਦਿੱਲੀ ਪਬਲਿਕ ਸਕੂਲ ਤੇ ਦਵਿੰਦਰਾ ਇੰਟਰਨੈਸ਼ਨਲ ਸਕੂਲ, ਲੁਧਿਆਣਾ ਜਿ਼ਲ੍ਹੇ ਦੇ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ, ਡੀ.ਏ.ਵੀ. ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਅਤੇ ਅੰਮ੍ਰਿਤ ਇੰਡੋ-ਕੈਨੇਡੀਅਨ ਅਕੈਡਮੀ ਲਾਡੀਆਂ ਖੁਰਦ, ਫ਼ਤਹਿਗੜ੍ਹ ਸਾਹਿਬ ਦੇ ਬਾਲਕ ਯਸ਼ੂ ਕਾਨਵੈਂਟ ਸਕੂਲ ਪਿੰਡ ਫਾਟਕ ਮਾਜਰਾ, ਹੁਸਿ਼ਆਰਪੁਰ ਦਾ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ, ਜਲੰਧਰ ਦਾ ਇੰਡੋ-ਸਵਿੱਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਅਤੇ ਬਠਿੰਡਾ ਦਾ ਵਿਬਗਿਓਰ ਸਕੂਲ ਰਾਮਗੜ੍ਹ ਭੂੰਦੜ ਰੋਡ ਸ਼ਾਮਲ ਹਨ। ਦੱਸਣਯੋਗ ਹੈ ਕਿ ਸਕੂਲ ਸਿੱਖਿਆ ਮੰਤਰੀ ਵੱਲੋਂ ਨਿੱਜੀ ਸਕੂਲ ਪ੍ਰਬੰਧਕਾਂ ਦੀਆਂ ਵਧੀਕੀਆਂ ਵਿਰੁੱਧ ਅਜਿਹੀਆਂ ਸ਼ਿਕਾਇਤਾਂ ਦੇਣ ਲਈ ਆਪਣੀ ਨਿੱਜੀ ਈ-ਮੇਲ ਆਈ.ਡੀ. vijayindersingla@gmail.com ਜਾਰੀ ਕੀਤੀ ਹੋਈ ਹੈ, ਜਿਸ ’ਤੇ ਆਪਣੀਆਂ ਮਨਮਾਨੀਆਂ ਕਰ ਰਹੇ ਸਕੂਲਾਂ ਸੰਬੰਧੀ ਸ਼ਿਕਾਇਤ ਕੀਤੀ ਜਾ ਸਕਦੀ ਹੈ।