ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀ ਗਈ ਸ਼ਨਾਖ਼ਤ ’ਚ ਵੱਡਾ ਖੁਲਾਸਾ ਹੋਇਆ ਹੈ ਕਿ ਰਸੂਖਵਾਨਾਂ ਨੇ ਪੰਜਾਬ ’ਚ ਕਰੀਬ 36 ਹਜ਼ਾਰ ਏਕੜ ਪੰਚਾਇਤੀ ਜ਼ਮੀਨ ਨੱਪੀ ਹੋਈ ਹੈ, ਜਿਸ ਦੀ ਬਾਜ਼ਾਰੀ ਕੀਮਤ ਕਰੀਬ ਅੱਠ ਹਜ਼ਾਰ ਕਰੋੜ ਰੁਪਏ ਬਣਦੀ ਹੈ।
ਪੰਜਾਬ ’ਚ ਪੰਚਾਇਤਾਂ ਕੋਲ ਕੁੱਲ ਰਕਬਾ 6.68 ਲੱਖ ਏਕੜ ਹੈ, ਜਿਸ ਚੋਂ 1.70 ਲੱਖ ਏਕੜ ਰਕਬਾ ਵਾਹੀਯੋਗ ਜ਼ਮੀਨਾਂ ਦਾ ਹੈ। ਵਾਹੀਯੋਗ ਜ਼ਮੀਨਾਂ ’ਚੋਂ 18,123 ਏਕੜ ਜ਼ਮੀਨ ਨਾਜਾਇਜ਼ ਕਬਜ਼ੇ ਹੇਠ ਹੈ ਜਦਕਿ ਕਰੀਬ 18 ਹਜ਼ਾਰ ਏਕੜ ਗੈਰ-ਵਾਹੀਯੋਗ ਜ਼ਮੀਨ ’ਤੇ ਵੀ ਨਾਜਾਇਜ਼ ਕਬਜ਼ੇ ਹਨ।
ਪੇਂਡੂ ਵਿਕਾਸ ਤੇ ਪੰਚਾਇਤ ਮਹਿਕਮੇ ਤਰਫ਼ੋਂ ਨਾਜਾਇਜ਼ ਕਬਜ਼ੇ ਹੇਠ ਜ਼ਮੀਨਾਂ ਦਾ ਤਿਆਰ ਅੰਕੜਾ ਹੈਰਾਨ ਕਰਨ ਵਾਲਾ ਹੈ। ਵਾਹੀਯੋਗ ਜ਼ਮੀਨ ਦੀ ਔਸਤਨ ਬਾਜ਼ਾਰੀ ਕੀਮਤ 15 ਲੱਖ ਰੁਪਏ ਵੀ ਮੰਨ ਲਈਏ ਤਾਂ ਕਰੀਬ 2700 ਕਰੋੜ ਦੀ ਵਾਹੀਯੋਗ ਜ਼ਮੀਨ ਨਾਜਾਇਜ਼ ਕਬਜ਼ੇ ਹੇਠ ਹੈ।
ਦੂਜੇ ਪਾਸੇ ਗੈਰ-ਵਾਹੀਯੋਗ ਜ਼ਮੀਨ ਦੀ ਔਸਤਨ ਮਾਰਕੀਟ ਭਾਅ 30 ਲੱਖ ਰੁਪਏ ਵੀ ਲਾਈਏ ਤਾਂ ਨਾਜਾਇਜ਼ ਕਬਜ਼ੇ ਹੇਠਲੀ ਜ਼ਮੀਨ ਦਾ ਮੁੱਲ 5400 ਕਰੋੜ ਬਣ ਜਾਂਦਾ ਹੈ। ਗੈਰ-ਵਾਹੀਯੋਗ ਜ਼ਮੀਨ ’ਤੇ ਸਭ ਤੋਂ ਵੱਧ ਨਾਜਾਇਜ਼ ਕਬਜ਼ੇ ਜ਼ਿਲ੍ਹਾ ਮੁਹਾਲੀ ਵਿੱਚ ਹਨ। ਪਹਾੜੀ ਤੇ ਨੀਮ ਪਹਾੜੀ ਖ਼ਿੱਤੇ ’ਚ ਪੰਚਾਇਤੀ ਜ਼ਮੀਨਾਂ ਦਾ ਭਾਅ ਕਰੋੜਾਂ ’ਚ ਹੈ, ਜਿਨ੍ਹਾਂ ’ਤੇ ਸਿਆਸਤਦਾਨਾਂ ਅਤੇ ਅਧਿਕਾਰੀਆਂ ਦੇ ਨਾਜਾਇਜ਼ ਕਬਜ਼ੇ ਦੱਸੇ ਜਾ ਰਹੇ ਹਨ। ਬਹੁਤੇ ਰਸੂਖਵਾਨ ਤਾਂ ਮਾਲਕੀ ਤਬਦੀਲ ਕਰਾਉਣ ’ਚ ਵੀ ਕਾਮਯਾਬ ਹੋ ਗਏ ਹਨ।
ਜਸਟਿਸ ਕੁਲਦੀਪ ਸਿੰਘ ਦੀ ਅਗਵਾਈ ਹੇਠ ਬਣੇ ਕਮਿਸ਼ਨ ਦੀ ਰਿਪੋਰਟ ’ਚ ਮੁਹਾਲੀ ਤੇ ਰੋਪੜ ਦੇ ਕਰੀਬ 36 ਪਿੰਡਾਂ ਦੀ ਕਰੀਬ 18 ਹਜ਼ਾਰ ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਸਾਹਮਣੇ ਆਏ ਸਨ। ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਇਹ ਮੁੱਦਾ ਚੁੱਕਿਆ ਸੀ ਕਿ ਉੱਚ ਕੋਟੀ ਦੇ ਆਗੂਆਂ ਨੇ ਸ਼ਾਮਲਾਟ ਜ਼ਮੀਨ ਮੱਲੀ ਹੋਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਮਹੀਨੇ ਵਿੱਚ ਨਾਜਾਇਜ਼ ਕਬਜ਼ਿਆਂ ਬਾਰੇ ਰਿਪੋਰਟ ਤਿਆਰ ਕੀਤੀ ਹੈ। ਪੰਚਾਇਤ ਵਿਭਾਗ ਦੇ ਵੇਰਵਿਆਂ ਅਨੁਸਾਰ ਵਾਹੀਯੋਗ ਜ਼ਮੀਨ ’ਤੇ ਸਭ ਤੋਂ ਵੱਧ ਨਾਜਾਇਜ਼ ਕਬਜ਼ੇ ਪਟਿਆਲਾ ਡਿਵੀਜ਼ਨ ਵਿਚ 9,899 ਏਕੜ ’ਤੇ ਹਨ।
ਪਟਿਆਲਾ ਜ਼ਿਲ੍ਹਾ ਪੰਜਾਬ ’ਚੋਂ ਪਹਿਲੇ ਨੰਬਰ ’ਤੇ ਹੈ, ਜਿੱਥੇ 4135 ਏਕੜ ਜ਼ਮੀਨ ਦੱਬੀ ਹੋਈ ਹੈ। ਜਲੰਧਰ ਡਿਵੀਜ਼ਨ ਵਿੱਚ 6628 ਅਤੇ ਫ਼ਿਰੋਜ਼ਪੁਰ ਡਿਵੀਜ਼ਨ ’ਚ 1596 ਏਕੜ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਹਨ। ਅੱਗੇ ਨਜ਼ਰ ਮਾਰੀਏ ਤਾਂ ਪੰਜਾਬ ਵਿੱਚ 14,230 ਏਕੜ ਪੰਚਾਇਤੀ ਜ਼ਮੀਨ ਲਿਟੀਗੇਸ਼ਨ ਅਧੀਨ ਹੈ, ਜਿਨ੍ਹਾਂ ’ਚੋਂ 3143 ਏਕੜ ਦੇ ਕੇਸ ਸੁਪਰੀਮ ਕੋਰਟ ਵਿਚ ਅਤੇ 5853 ਏਕੜ ਜ਼ਮੀਨ ਦੇ ਕੇਸ ਹਾਈ ਕੋਰਟ ਵਿਚ ਚੱਲ ਰਹੇ ਹਨ।
ਕਮਿਸ਼ਨਰ ਦੀ ਅਦਾਲਤ ਵਿੱਚ 2232 ਏਕੜ ਅਤੇ ਕੁਲੈਕਟਰ ਦੀਆਂ ਅਦਾਲਤਾਂ ਵਿਚ 2547 ਏਕੜ ਜ਼ਮੀਨ ਦੇ ਕੇਸ ਚੱਲਦੇ ਹਨ। ਕੁੱਲ ਕਰੀਬ 1500 ਕੇਸ ਹਨ। ਪੰਚਾਇਤੀ ਵਿਭਾਗ ਕੋਲ 5365 ਏਕੜ ਪੰਚਾਇਤੀ ਜ਼ਮੀਨ ਦੇ ਕਬਜ਼ਾ ਵਾਰੰਟ ਹਨ, ਜਿਨ੍ਹਾਂ ਵਿਚ ਪ੍ਰਾਈਵੇਟ ਧਿਰਾਂ ਸਭ ਪਾਸਿਓਂ ਕੇਸ ਹਾਰ ਚੁੱਕੀਆਂ ਹਨ। ਇਨ੍ਹਾਂ ਦਾ ਕਬਜ਼ਾ ਲੈਣ ਲਈ ਵੀ ਮਹਿਕਮਾ ਹੁਣ ਤੱਕ ਚੁੱਪ ਰਿਹਾ ਹੈ।
ਪੰਚਾਇਤੀ ਜ਼ਮੀਨਾਂ ’ਚੋਂ ਕਰੀਬ 2,447 ਏਕੜ ਜ਼ਮੀਨਾਂ ਦੇ ਕੇਸ ਕਰੀਬ 10 ਵਰ੍ਹਿਆਂ ਤੋਂ ਅਦਾਲਤਾਂ ’ਚ ਲਟਕ ਰਹੇ ਹਨ। ਇਸੇ ਤਰ੍ਹਾਂ ਪੰਜਾਬ ਵਿਚ 3,893 ਏਕੜ ਜ਼ਮੀਨ ਅਜਿਹੀ ਵੀ ਪਈ ਹੈ ਜਿਨ੍ਹਾਂ ’ਤੇ ਨਾਜਾਇਜ਼ ਕਬਜ਼ੇ ਹਨ ਪਰ ਪੰਚਾਇਤਾਂ ਨੇ ਕਬਜ਼ੇ ਹਟਾਉਣ ਲਈ ਕੇਸ ਹੀ ਦਾਇਰ ਨਹੀਂ ਕੀਤੇ। ਜਿਨ੍ਹਾਂ ਜ਼ਮੀਨਾਂ ’ਤੇ 26 ਜਨਵਰੀ 1950 ਤੋਂ ਪਹਿਲਾਂ ਦੇ ਕਬਜ਼ੇ ਹਨ, ਉਨ੍ਹਾਂ ਜ਼ਮੀਨਾਂ ਨੂੰ ਕਾਨੂੰਨ ਛੋਟ ਵੀ ਦਿੰਦਾ ਹੈ।
ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣਗੇ: ਧਾਲੀਵਾਲ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਵਿਚ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਏਗੀ। ਪਹਿਲੇ ਗੇੜ ’ਚ 31 ਮਈ ਤੱਕ ਪੰਜ ਹਜ਼ਾਰ ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣਗੇ, ਜਿਨ੍ਹਾਂ ਦੇ ਕਬਜ਼ਾ ਵਾਰੰਟ ਮਹਿਕਮੇ ਨੂੰ ਮਿਲੇ ਹੋਏ ਹਨ। ਅੱਜ ਮੁੱਖ ਦਫ਼ਤਰ ਵਿਚ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਚਾਇਤ ਮੰਤਰੀ ਧਾਲੀਵਾਲ ਨੇ ਨਾਜਾਇਜ਼ ਕਬਜ਼ੇ ਹਟਾਏ ਜਾਣ ਲਈ ਰਣਨੀਤੀ ਸਾਂਝੀ ਕੀਤੀ। ਮੰਤਰੀ ਨੇ ਨਾਜਾਇਜ਼ ਕਬਜ਼ੇ ਹਟਾਉਣ ਲਈ ਪੁਲੀਸ ਤੇ ਮਾਲ ਮਹਿਕਮੇ ਨੂੰ ਤਾਲਮੇਲ ਕਰਨ ਲਈ ਕਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਮੀਟਿੰਗ ਵਿਚ ਮਹਿਕਮੇ ਦੇ ਨਵੇਂ ਸਕੱਤਰ ਕੇ.ਸ਼ਿਵਾ ਪ੍ਰਸ਼ਾਦ ਅਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਮੌਜੂਦ ਸਨ। ਪੰਚਾਇਤ ਮੰਤਰੀ ਨੇ ਮੀਟਿੰਗ ਮਗਰੋਂ ਕਿਹਾ ਕਿ ਪਿਛਲੀਆਂ ਹਕੂਮਤਾਂ ਵੇਲੇ ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਹੋਏ ਹਨ ਅਤੇ ‘ਆਪ’ ਸਰਕਾਰ ਵੱਡੇ ਲੋਕਾਂ ਵੱਲੋਂ ਮੱਲੀਆਂ ਜ਼ਮੀਨਾਂ ਖ਼ਾਲੀ ਕਰਵਾਉਣ ਲਈ ਔਖੀ ਤੋਂ ਔਖੀ ਲੜਾਈ ਲੜਨ ਲਈ ਵੀ ਤਿਆਰ ਹੈ