Office sealed after finding 24 : ਫਿਰੋਜ਼ਪੁਰ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਉਥੇ ਹੀ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਇਸ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਥੇ ਹੀ ਸ਼ਹਿਰ ਦੀ ਨਗਰ ਕੌਂਸਲ ਵਿਚੋਂ 24 ਮੁਲਾਜ਼ਮਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਅਤੇ ਹੋਰ ਮੁਲਾਜ਼ਮਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਇਹ ਜਾਣਕਾਰੀ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦਿੰਦਿਆ ਦੱਸਿਆ। ਕੋਰੋਨਾ ਪਾਜ਼ੀਟਿਵ ਮਾਮਲੇ ਮਿਲਣ ਦੇ ਚੱਲਦਿਆਂ ਨਗਰ ਕੌਂਸਲ ਫਿਰੋਜ਼ਪੁਰ ਸ਼ਹਿਰ ਦੇ ਦਫਤਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸੋਮਵਾਰ ਨੂੰ ਦਫਤਰ ਵਿਚ ਸਿਰਫ ਜ਼ਰੂਰੀ ਕੰਮਕਾਜ ਹੀ ਹੋਇਆ ਕਰਨਗੇ। ਉਨ੍ਹਾਂ ਕੋਰੋਨਾ ਦੇ ਵਧਦੇ ਕਹਿਰ ਦੇ ਮੱਦੇਨਜ਼ਰ ਫਿਰੋਜ਼ਪੁਰ ਦੇ ਸਾਰੇ ਸਿਆਸੀ, ਧਾਰਮਿਕ, ਸਮਾਜਿਕ ਸੰਗਠਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਅੱਗੇ ਆਉਣ।
ਉਨ੍ਹਾਂ ਸਾਰੀਆਂ ਪਾਰਟੀਆਂ ਨੂੰ ਨਿੱਜੀ ਹਿੱਤਾਂ ਤੋਂ ਉਪਰ ਉਠ ਕੇ ਲੋਕਾਂ ਨੂੰ ਇਸ ਮਾਹਮਾਰੀ ਤੋਂ ਬਚਾਉਣ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਕਿਹਾ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਸਿਹਤ ਵਿਭਾਗ ਨੂੰ ਆਪਣਾ ਸਹਿਯੋਗ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਬਹੁਤ ਜ਼ਰੂਰੀ ਹੋਣ ’ਤੇ ਹੀ ਉਹ ਘਰੋਂ ਬਾਹਰ ਨਿਕਲਣ। ਜੇਕਰ ਫਿਰ ਵੀ ਨਿਕਲਣਾ ਹੋਵੇ ਤਾਂ ਮੂੰਹ ’ਤੇ ਮਾਸਕ ਜ਼ਰੂਰ ਪਹਿਨਣ। ਉਨ੍ਹਾਂ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਿਦਾਇਤਾਂ ਮੁਤਾਬਕ ਸੋਸ਼ਲ ਡਿਸਟੈਂਸਿੰਗ ਅਤੇ ਵਾਰ-ਵਾਰ ਹੱਥ ਧੋਣ ਵਰਗੀਆਂ ਗਾਈਡਲਾਈਨਸ ਦੀ ਪਾਲਣਾ ਕਰਨ ਦੀ ਅਪੀਲ ਕੀਤੀ।