ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 11 ਅਗਸਤ ਨੂੰ ਕੈਬਨਿਟ ਦੀ ਬੈਠਕ ਬੁਲਾਈ ਹੈ। ਮੀਟਿੰਗ ਦਿਨ ਵੀਰਵਾਰ ਨੂੰ ਸਵੇਰੇ 11.30 ਵਜੇ ਕਮੇਟੀ ਕਮਰਾ ਦੂਜੀ ਮੰਜ਼ਿਲ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ ਤੇ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਇਸ ਲਈ ਪੱਤਰ ਵੀ ਜਾਰੀ ਕੀਤਾ ਗਿਆ ਹੈ। ਇਸ ਬੈਠਕ ਵਿਚ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ।
ਦੱਸ ਦੇਈਏ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਰਲੀਮੈਂਟ ਵਿੱਚ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ ਗਿਆ ਹੈ। ਜਿਸਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧ ਕੀਤਾ ਗਿਆ ਹੈ। CM ਮਾਨ ਨੇ ਕੇਂਦਰ ਦੇ ਇਸ ਬਿੱਲ ਨੂੰ ਸੂਬਿਆਂ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸੂਬਿਆਂ ਤੋਂ ਕੋਈ ਵੀ ਮਸ਼ਵਰਾ ਨਹੀਂ ਲਿਆ ਹੈ। ਖੇਤੀ ਕਾਨੂੰਨਾਂ ਦੀ ਤਰ੍ਹਾਂ ਬਿਜਲੀ ਸੋਧ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕਿਸੇ ਵੀ ਧਿਰ ਨੂੰ ਵਿਚਾਰੇ-ਵਟਾਂਦਰੇ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਵੀ ਵਾਅਦਾ ਕੀਤਾ ਸੀ ਕਿ ਬਿਜਲੀ ਸੋਧ ਬਿੱਲ ਸੰਸਦ ਵਿੱਚ ਨਹੀਂ ਲਿਆਂਦਾ ਜਾਵੇਗਾ ਤੇ ਹੁਣ ਕਿਸਾਨ ਧਿਰਾਂ ਨਾਲ ਵੀ ਇਸ ਮਾਮਲੇ ਵਿੱਚ ਵਾਅਦਾਖ਼ਿਲਾਫ਼ੀ ਕੀਤੀ ਜਾ ਰਹੀ ਹੈ। ਇਸੇ ਮਸਲੇ ‘ਤੇ ਕੈਬਨਿਟ ਦੀ ਬੈਠਕ ਵਿਚ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: