One farmer of Sangrur District : ਅੱਜ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ 52 ਵਾਂ ਦਿਨ ਹੈ। ਅਜੇ ਵੀ ਠੰਡ ਅਤੇ ਮੀਂਹ ਦੇ ਵਿੱਚ ਡਟੇ ਹੋਏ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਕਈ ਕਿਸਾਨ ਇਸ ਅੰਦੋਲਨ ਦੀ ਭੇਟ ਚੜ੍ਹ ਚੁੱਕੇ ਹਨ। ਅੱਜ ਫਿਰ ਟਿਕਰੀ ਬਾਰਡਰ ਤੋਂ ਇੱਕ ਮਾੜੀ ਖਬਰ ਸਾਹਮਣੇ ਆਈ ਹੈ, ਜਿਥੇ ਇੱਕ ਹੋਰ ਕਿਸਾਨ ਦੀ ਅੰਦੋਲਨ ਦੌਰਾਨ ਮੌਤ ਹੋ ਗਈ। ਕਿਸਾਨ ਦੀ ਪਛਾਣ 68 ਸਾਲਾ ਜੰਗੀਰ ਸਿੰਘ ਵਜੋਂ ਹੋਈ ਹੈ, ਜੋਕਿ ਸੰਗਰੂਰ ਦੇ ਪਿੰਡ ਛਾਂਜਲੀ ਦਾ ਰਹਿਣ ਵਾਲਾ ਸੀ। ਉਹ ਦਿੱਲੀ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਲਈ ਚੱਲ ਰਹੇ ਸੰਘਰਸ਼ ਵਿੱਚ ਸ਼ਾਮਲ ਸੀ। ਠੰਡ ਦੇ ਚੱਲਦਿਆਂ ਉਹ ਹੁਣ ਤੱਕ 60 ਤੋਂ ਉਪਰ ਕਿਸਾਨ ਇਸ ਅੰਦਲਨ ਦੀ ਭੇਟ ਚੜ੍ਹ ਚੁੱਕੇ ਹਨ।
ਦੱਸ ਦੇਈਏ ਕਿ ਕਿਸਾਨ ਆਪਣੀਆਂ ਸ਼ਰਤਾਂ ਮਨਵਾਉਣ ਤੋਂ ਬਗੈਰ ਵਾਪਿਸ ਪਰਤਣ ਦੇ ਮੂਡ ਵਿੱਚ ਨਹੀਂ ਹਨ। ਇਸ ਦੇ ਨਾਲ ਹੀ ਸਰਕਾਰ ਵੀ ਆਪਣੇ ਸਟੈਂਡ ‘ਤੇ ਕਾਇਮ ਹੈ। ਸ਼ੁੱਕਰਵਾਰ ਨੂੰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਹੋਈ 9ਵੇਂ ਗੇੜ ਦੀ ਗੱਲਬਾਤ ਕਿਸੇ ਸਿੱਟੇ ‘ਤੇ ਨਹੀਂ ਪਹੁੰਚ ਸਕੀ। ਹੁਣ 19 ਜਨਵਰੀ ਨੂੰ ਸਰਕਾਰ ਅਤੇ ਕਿਸਾਨਾਂ ਦਰਮਿਆਨ ਫਿਰ ਤੋਂ ਗੱਲਬਾਤ ਹੋਵੇਗੀ। ਸੁਪਰੀਮ ਕੋਰਟ ਵੱਲੋਂ ਸੋਮਵਾਰ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਅਤੇ ਦਿੱਲੀ ਵਿੱਚ ਵੱਖ-ਵੱਖ ਸਰਹੱਦਾਂ ’ਤੇ ਡਟੇ ਕਿਸਾਨਾਂ ਨੂੰ ਹਟਾਉਣ ਦੀਆਂ ਪਟੀਸ਼ਨਾਂ ‘ਤੇ ਸੁਣਵਾਈ ਹੋਣ ਦੀ ਸੰਭਾਵਨਾ ਹੈ।
ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਇਸ ਮਸਲੇ ਦੇ ਹੱਲ ਲਈ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਪਰ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦੀ ਤਰਫੋਂ ਕਮੇਟੀ ਬਣਾਉਣ ਤੋਂ ਬਾਅਦ ਸਰਕਾਰ ਨਾਲ ਗੱਲ ਕਰਨ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ। ਉਸੇ ਸਮੇਂ, ਕਿਸਾਨ ਆਪਣੇ ਪ੍ਰਸਤਾਵਿਤ ‘ਕਿਸਾਨ ਪਰੇਡ’ ਪ੍ਰੋਗਰਾਮ ਨੂੰ 26 ਜਨਵਰੀ ਨੂੰ ਲਾਗੂ ਕਰਨ ਅਤੇ ਦਿੱਲੀ ਕੂਚ ਕਰਨ ‘ਤੇ ਅੜੇ ਹੋਏ ਹਨ।