One more death due to corona : ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਅੱਜ ਵੀਰਵਾਰ ਸਵੇਰੇ ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਨੇ ਇਕ ਹੋਰ ਜਾਨ ਲੈ ਲਈ, ਜਿਥੇ ਇਕ ਕੋਰੋਨਾ ਪੀੜਤ ਔਰਤ ਨੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਇਹ 62 ਸਾਲਾ ਔਰਤ ਨਵਾਂ ਕੋਟ ਇਲਾਕੇ ਦੀ ਰਹਿਣ ਵਾਲੀ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਹੀ ਉਸ ਦੀ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਸੀ ਅਤੇ ਉਸ ਦੀ ਹਾਲਤ ਕਾਫੀ ਗੰਭੀਰ ਸੀ, ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।
ਇਲਾਜ ਦੌਰਾਨ ਉਸ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਉਸ ਨੂੰ ਵੈਂਟੀਲੇਟਰ ’ਤੇ ਰਖਿਆ ਗਿਆ ਸੀ। ਹਾਲਤ ਵਿਗੜਣ ’ਤੇ ਅੱਜ ਸਵੇਰ ਉਸ ਨੇ ਦਮ ਤੋੜ ਦਿੱਤਾ। ਇਸ ਮੌਤ ਨਾਲ ਹੁਣ ਅੰਮ੍ਰਿਤਸਰ ਵਿਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 13 ਹੋ ਗਈ ਹੈ, ਜਦਕਿ ਜ਼ਿਲੇ ਵਿਚ ਕੁਲ ਕੋਰੋਨਾ ਪੀੜਤਾਂ ਦਾ ਅੰਕੜਾ 537 ਹੋ ਚੁੱਕਾ ਹੈ।
ਇਥੇ ਦੱਸ ਦੇਈਏ ਕਿ ਹੁਣ ਸੂਬੇ ਵਿਚ ਕੋਰੋਨਾ ਦੇ ਮਾਮਲਿਆਂ ’ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਬੀਤੇ ਦਿਨ ਸੂਬੇ ਵਿਚ ਇਸ ਦੇ 73 ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਵਿਚੋਂ ਸਭ ਤੋਂ ਵੱਧ ਮਾਮਲੇ ਅੰਮ੍ਰਿਤਸਰ ਤੋਂ 20 ਤੇ ਪਠਾਨਕੋਟ ਤੋਂ 19 ਮਾਮਲੇ ਸਾਹਮਣੇ ਆਏ ਹ, ਜਦਕਿ ਲੁਧਿਆਣਾ ਤੋਂ 17, ਗੁਰਦਾਸਪੁਰ ’ਚ 13, ਪਟਿਆਲਾ ਤੇ ਸੰਗਰੂਰ ’ਚ 4-4, ਫਤਿਹਗੜ੍ਹ ’ਚ ਇਕ-ਇਕ ਨਵੇਂ ਮਰੀਜ਼ ਦੀ ਪੁਸ਼ਟੀ ਹੋਈ ਹੈ। ਸੂਬੇ ਵਿਚ ਹੁਣ ਤੱਕ ਕੋਰੋਨਾ ਦੇ 2880 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 2276 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 59 ਲੋਕਾਂ ਦੀ ਮੌਤ ਹੋ ਚੁੱਕੀ ਹੈ।