One more death in Amritsar due to Corona : ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਸਵੇਰੇ ਹੀ ਜ਼ਿਲੇ ਫਿਰ ਕੋਰੋਨਾ ਨਾਲ ਇਕ ਹੋਰ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ, ਜਿਥੇ ਇਕ 107 ਸਾਲਾ ਕੋਰੋਨਾ ਪੀੜਤ ਬਜ਼ੁਰਗ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਉਕਤ ਮਰੀਜ਼ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਇਲਾਜ ਚੱਲ ਰਿਹਾ ਸੀ। ਇਸ ਦੇ ਨਾਲ ਹੀ ਜ਼ਿਲੇ ਵਿਚ ਹੁਣ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 27 ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ 107 ਸਾਲਾ ਬਜ਼ੁਰਗ ਸਵਰਣ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਰਹਿਣ ਵਾਲਾ ਸੀ, ਜਿਸ ਨੂੰ ਕੁਝ ਦਿਨ ਪਹਿਲਾਂ ਹੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉਸ ਦੀ ਹਾਲਤ ਸ਼ੁਰੂ ਤੋਂ ਹੀ ਕਾਫੀ ਗੰਭੀਰ ਸੀ, ਜਿਸ ਨੇ ਅੱਜ ਸਵੇਰੇ ਹਸਪਤਾਲ ’ਚ ਦਮ ਤੋੜ ਦਿੱਤਾ। ਡਾਕਟਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਸਮੇਂ ਵੀ ਆਈਸੋਲੇਸ਼ਨ ਵਾਰਡ ਵਿਚ 3 ਮਰੀਜ਼ਾਂ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਹੀ ਰਖਿਆ ਗਿਆ ਹੈ। ਦੱਸਣਯੋਗ ਹੈ ਕਿ ਜ਼ਿਲੇ ਵਿਚ ਕੋਰੋਨਾ ਦੇ 4 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ, ਜਿਸ ਦੇ ਨਾਲ ਹੀ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 695 ਹੋ ਗਈ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਵੀ ਪੰਜਾਬ ‘ਚ ਕੋਰੋਨਾਵਾਇਰਸ ਦੇ 118 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਿਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3615 ਹੋ ਗਈ ਹੈ। ਬੀਤੇ ਦਿਨ ਸੂਬੇ ‘ਚ 5 ਮੌਤਾਂ ਦਰਜ ਕੀਤੀਆਂ ਗਈਆਂ ਹਨ। ਉੱਥੇ ਹੀ ਸੂਬੇ ਵਿੱਚ ਹੁਣ ਤੱਕ 2570 ਵਿਅਕਤੀ ਠੀਕ ਹੋ ਚੁੱਕੇ ਹਨ। ਬੀਤੇ ਦਿਨ ਸਭ ਤੋਂ ਵੱਧ 39 ਮਾਮਲੇ ਅੰਮ੍ਰਿਤਸਰ ‘ਚ ਤੇ 21 ਲੁਧਿਆਣਾ ‘ਚ ਦਰਜ ਕੀਤੇ ਗਏ ਹਨ।