ਪੰਜਾਬ ਦੇ ਨਵੇਂ ਨਿਯੁਕਤ ਐਡਵੋਕੇਟ ਜਨਰਲ ਅਮਰ ਪ੍ਰੀਤ ਸਿੰਘ ਦਿਓਲ (ਏਪੀਐਸ ਦਿਓਲ) ਨੇ ਸੋਮਵਾਰ ਸ਼ਾਮ ਨੂੰ ਰਾਜ ਦੇ ਨਵੇਂ ਏਜੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਕਰੀਬੀ ਦੋਸਤ ਮੌਜੂਦ ਸਨ। ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੀਨੀਅਰ ਐਡਵੋਕੇਟ ਦਿਓਲ ਨੂੰ ਐਡਵੋਕੇਟ ਜਨਰਲ ਦੇ ਅਹੁਦੇ ‘ਤੇ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਅਤੇ ਉਨ੍ਹਾਂ ਦਾ ਨਾਮ ਰਾਜਪਾਲ ਨੂੰ ਭੇਜਿਆ।
ਇਸ ਦੌਰਾਨ, ਦਿਓਲ ਦੀ ਏਜੀ ਦੇ ਅਹੁਦੇ ‘ਤੇ ਨਿਯੁਕਤੀ ਨੂੰ ਲੈ ਕੇ ਸੂਬੇ ਵਿੱਚ ਇੱਕ ਸਿਆਸੀ ਹੰਗਾਮਾ ਵੀ ਪੈਦਾ ਹੋ ਗਿਆ ਹੈ। ਵਿਰੋਧੀ ਪਾਰਟੀਆਂ ਨੇ ਦਿਓਲ ਦੀ ਨਿਯੁਕਤੀ ਦਾ ਸਖਤ ਵਿਰੋਧ ਕੀਤਾ ਹੈ। ਦਰਅਸਲ, ਵਕੀਲ ਦਿਓਲ ਪੰਜਾਬ ਸਰਕਾਰ ਵਿਰੁੱਧ ਕਈ ਮਹੱਤਵਪੂਰਨ ਕੇਸਾਂ ਦੀ ਵਕਾਲਤ ਕਰ ਰਹੇ ਹਨ, ਜਿਨ੍ਹਾਂ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਪਰਮਰਾਜ ਉਮਰਾਨੰਗਲ ਦਾ ਬੇਅਦਬੀ ਕੇਸ ਸ਼ਾਮਲ ਹੈ। ਦਿਓਲ ਅਸਾਧਾਰਣ ਸੰਪਤੀ ਦੇ ਮਾਮਲੇ ਵਿੱਚ ਸੁਮੇਧ ਸੈਣੀ ਦੇ ਵਕੀਲ ਵੀ ਹਨ ਅਤੇ ਉਨ੍ਹਾਂ ਨੇ ਹਾਈ ਕੋਰਟ ਵਿੱਚ ਪੰਜਾਬ ਸਰਕਾਰ ਦੇ ਇਤਰਾਜ਼ਾਂ ਨੂੰ ਖਾਰਿਜ ਕਰਦਿਆਂ ਸੈਣੀ ਵਿਰੁੱਧ 2022 ਦੀਆਂ ਚੋਣਾਂ ਤੱਕ ਚੱਲ ਰਹੀ ਕਾਰਵਾਈ ‘ਤੇ ਰੋਕ ਲਗਵਾਈ ਹੈ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਤੁਰੰਤ ਬਾਅਦ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ 19 ਸਤੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਖਾਲੀ ਪੋਸਟ ‘ਤੇ ਸਰਕਾਰ ਦੁਆਰਾ ਕਈ ਨਾਵਾਂ ‘ਤੇ ਵਿਚਾਰ ਕੀਤਾ ਗਿਆ ਸੀ। ਇਹ ਵੀ ਜ਼ਿਕਰਯੋਗ ਹੈ ਕਿ 2017 ਵਿੱਚ ਅਮਰ ਪ੍ਰੀਤ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਚਰਚਾ ਹੋਈ ਸੀ ਪਰ ਬਾਅਦ ਵਿੱਚ ਇਹ ਅਹੁਦਾ ਕੈਪਟਨ ਦੇ ਕਰੀਬੀ ਸਹਿਯੋਗੀ ਅਤੁਲ ਨੰਦਾ ਨੂੰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਸ਼ਾਇਰਾਨਾ ਅੰਦਾਜ਼ ‘ਚ ਕੈਪਟਨ ਅਮਰਿੰਦਰ ‘ਤੇ ਸਾਧਿਆ ਨਿਸ਼ਾਨਾ, ਕਿਹਾ ….
ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਾਂਗਰਸ ਸਰਕਾਰ ਵੱਲੋਂ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਦੇ ਐਡਵੋਕੇਟ ਜਨਰਲ ਅਮਰਪ੍ਰੀਤ ਸਿੰਘ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕਰਨ ‘ਤੇ ਸਖਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਪੰਜਾਬੀਆਂ ਨੂੰ ਇਸ ਸਰਕਾਰ ਤੋਂ ਨਿਆਂ ਦੀ ਉਮੀਦ ਨਹੀਂ ਰੱਖਣੀ ਚਾਹੀਦੀ।
ਕਾਂਗਰਸ ‘ਤੇ ਪੰਜਾਬ ਨਾਲ ਧੋਖਾ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਗੋਲੀਬਾਰੀ ਲਈ ਨਿਆਂ ਦਾ ਵਾਅਦਾ ਕਰਕੇ ਸੱਤਾ ‘ਚ ਆਈ ਕਾਂਗਰਸ ਦੀ ਨੀਅਤ ਇਸ ਮਾਮਲੇ ‘ਚ ਸਾਫ ਨਹੀਂ ਹੈ। ਪਹਿਲੇ ਸਾਢੇ ਚਾਰ ਸਾਲ ਕੈਪਟਨ ਇਸ ਮਾਮਲੇ ਨੂੰ ਲਟਕਾਉਂਦੇ ਰਹੇ ਅਤੇ ਹੁਣ ਨਵੇਂ ਮੁੱਖ ਮੰਤਰੀ ਨੇ ਦਿਓਲ ਨੂੰ ਨਿਯੁਕਤ ਕਰਕੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਇਹ ਕਾਂਗਰਸ ਲਈ ਸਿਰਫ ਇੱਕ ਸਿਆਸੀ ਮੁੱਦਾ ਹੈ।