ਪੰਜਾਬ ਦੇ ਸਕੂਲਾਂ ਦੇ ਨਾਂ ਹੁਣ ਜਾਤ-ਬਰਾਦਰੀ ਦੇ ਆਧਾਰ ‘ਤੇ ਨਹੀਂ ਰਹਿਣਗੇ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਅਜਿਹੇ ਸਾਰੇ ਸਰਕਾਰੀ ਸਕੂਲਾਂ ਦੇ ਨਾਂ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਂ ਕਿਸੇ ਜਾਤੀ ਜਾਂ ਫਿਰਕੇ ਨਾਲ ਜੁੜੇ ਹੋਣ ਦੇ ਕਈ ਮਾਮਲੇ ਉਨ੍ਹਾਂ ਦੇ ਧਿਆਨ ਵਿੱਚ ਆਏ ਹਨ। ਅਜਿਹੀ ਸਥਿਤੀ ਵਿੱਚ ਸਮਾਜ ਵਿੱਚ ਜਾਤ ਅਧਾਰਤ ਵਿਤਕਰਾ ਵਧ ਜਾਂਦਾ ਹੈ।
ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਧਰਮ ਨਿਰਪੱਖ ਅਤੇ ਜਾਤ-ਪਾਤ ਤੋਂ ਉਪਰ ਉਠ ਕੇ ਸਮੂਹ ਵਿਦਿਆਰਥੀਆਂ ਨੂੰ ਬਰਾਬਰਤਾ ਦੇ ਆਧਾਰ ‘ਤੇ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਤਹਿਤ ਸਰਕਾਰੀ ਸਕੂਲਾਂ ਦਾ ਨਾਂ ਕਿਸੇ ਵਰਗ ਜਾਂ ਜਾਤੀ ਨਾਲ ਨਹੀਂ ਜੋੜਿਆ ਜਾ ਸਕਦਾ।
ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਗੁਰੂ-ਪੀਰਾਂ ਅਤੇ ਮਹਾਨ ਪੈਗੰਬਰਾਂ ਦੀ ਧਰਤੀ ਹੈ। ਉਨ੍ਹਾਂ ਨੇ ਮਨੁੱਖਤਾ ਨੂੰ ਜਾਤ-ਪਾਤ ਅਤੇ ਹਰ ਤਰ੍ਹਾਂ ਦੇ ਵਿਤਕਰੇ ਤੋਂ ਦੂਰ ਰਹਿਣ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨਾਂ ਦਾ ਵਿਦਿਆਰਥੀਆਂ ਦੇ ਮਨਾਂ ’ਤੇ ਡੂੰਘਾ ਅਸਰ ਪੈਂਦਾ ਹੈ। ਅਜਿਹੇ ਨਾਵਾਂ ਕਾਰਨ ਮਾਪੇ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਤੋਂ ਝਿਜਕਦੇ ਹਨ।
ਇਹ ਵੀ ਪੜ੍ਹੋ : ਤੇਲੰਗਾਨਾ ਦੇ ਸਰਕਾਰੀ ਹਸਪਤਾਲ ‘ਚ ਪਹਿਲੀ ਵਾਰ 2 ਟਰਾਂਸਜੈਂਡਰ ਡਾਕਟਰ ਨਿਯੁਕਤ
ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਲਈ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਸੈਕੰਡਰੀ ਸਿੱਖਿਆ ਅਤੇ ਐਲੀਮੈਂਟਰੀ ਸਿੱਖਿਆ ਤੋਂ ਉਨ੍ਹਾਂ ਦੇ ਖੇਤਰ ਵਿੱਚ ਚੱਲ ਰਹੇ ਵੱਖ-ਵੱਖ ਜਾਤ ਆਧਾਰਿਤ ਸਕੂਲਾਂ ਬਾਰੇ ਰਿਪੋਰਟ ਮੰਗੀ ਗਈ ਹੈ। ਇਸ ਤੋਂ ਬਾਅਦ ਵਿਭਾਗ ਵੱਲੋਂ ਮੁੱਖ ਦਫ਼ਤਰ ਦੇ ਉੱਚ ਅਧਿਕਾਰੀਆਂ ਨੂੰ ਬਿਨਾਂ ਦੇਰੀ ਸਕੂਲਾਂ ਦੇ ਨਾਂ ਬਦਲਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: