ਚੰਡੀਗੜ੍ਹ : ਪੰਜਾਬ ਵਿਚ ਸੂਬਾ ਸਰਕਾਰ ਨੇ ਹੁਣ ਕੋਰੋਨਾ ਵਾਇਰਸ ਤੋਂ ਠੀਕ ਹੋਏ ਆਕਸੀਜਨ ਦੀ ਲੋੜ ਵਾਲੇ ਮਰੀਜ਼ਾਂ ਨੂੰ ਘਰ ਵਿੱਚ ਆਕਸੀਜਨ ਕੰਸਟ੍ਰੇਟਰ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜ਼ਿਲ੍ਹਾ ਮੈਜਿਸਟ੍ਰੇਟ ਹੁਕਮ ਆਦੇਸ਼ ਦਿੱਤਾ ਜਾਵੇ ਕਿ ਉਹ ਉਨ੍ਹਾਂ ਮਰੀਜ਼ਾਂ ਨੂੰ ਆਕਸੀਜਨ ਕੰਸਟ੍ਰੇਟਰ ਮੁਹੱਈਆ ਕਰਵਾਉਣ ਜਿਨ੍ਹਾਂ ਨੂੰ ਹਸਪਤਾਲ ਤੋਂ ਡਿਸਚਾਰਜ ਹੋਣ ਤੋਂ ਬਾਅਦ ਕੁਝ ਦਿਨਾਂ ਲਈ ਆਕਸੀਜਨ ਦੀ ਲੋੜ ਹੈ।
ਸਿੱਧੂ ਨੇ ਕਿਹਾ ਹੈ ਕਿ ਇਹ ਦਿਸ਼ਾ-ਨਿਰਦੇਸ਼ ਘਰ ਵਿੱਚ ਆਈਸੋਲੇਸ਼ਨ ਵਿੱਚ ਰਹਿ ਰਹੇ ਮਰੀਜ਼ਾਂ ‘ਤੇ ਲਾਗੂ ਨਹੀਂ ਹੁੰਦੇ। ਜਿਨ੍ਹਾਂ ਮਰੀਜ਼ਾਂ ਨੂੰ ਆਕਸੀਜਨ ਸਪੋਰਟ ਦੀ ਜ਼ਰੂਰਤ ਹੈ, ਉਨ੍ਹਾਂ ਨੂੰ ਸਹੀ ਦੇਖਭਾਲ ਲਈ ਹਸਪਤਾਲ ਲਿਆਂਦਾ ਜਾਣਾ ਚਾਹੀਦਾ ਹੈ। ਕੋਵਿਡ ਤੋਂ ਠੀਕ ਹੋ ਚੁੱਕੇ ਮਰੀਜ਼ਾਂ ਨੂੰ ਸਿਰਫ ਡਾਕਟਰ ਅਤੇ ਹਸਪਤਾਲ ਦੀ ਸਲਾਹ ‘ਤੇ ਹੀ ਘਰ ਵਿੱਚ ਆਕਸੀਜਨ ਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਜਾਏਗੀ ਅਤੇ ਅਜਿਹੇ ਮਰੀਜ਼ਾਂ ਦੀ ਨਿਗਰਾਨੀ ਕਰਨ ਅਤੇ ਦੇਖਭਾਲ ਕਰਨ ਦੀ ਜ਼ਿੰਮੇਵਾਰੀ ਇਲਾਜ ਕਰਨ ਵਾਲੇ ਡਾਕਟਰ ਅਤੇ ਹਸਪਤਾਲ ਦੀ ਹੋਵੇਗੀ।
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਅਜਿਹੇ ਮਰੀਜ਼ਾਂ ਨੂੰ ਰੋਗੀ ਜਾਂ ਉਨ੍ਹਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀ ਤੋਂ ਸਵੈ-ਘੋਸ਼ਣਾ ਲੈਣ ਤੋਂ ਬਾਅਦ 5 ਲੀਟਰ ਪ੍ਰਤੀ ਮਿੰਟ ਦੀ ਸਮਰੱਥਾ ਵਾਲਾ ਆਕਸੀਜਨ ਕੰਸਟ੍ਰੇਟਰ ਜਾਰੀ ਕੀਤਾ ਜਾਵੇਗਾ। ਆਕਸੀਜਨ ਕੰਸਟ੍ਰੇਟਰ ਵੱਧ ਤੋਂ ਵੱਧ 4 ਹਫ਼ਤਿਆਂ ਲਈ ਜਾਰੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮੁੜ ਹੋਇਆ ਵਾਧਾ, 94 ਰੁਪਏ ਤੋਂ ਪਾਰ ਹੋਇਆ Petrol
ਵਾਪਸੀ ਕਰਨ ਤੱਕ ਉਨ੍ਹਾਂ ਕੋਲੋਂ ਸਕਿਓਰਿਟੀ ਡਿਪਾਜ਼ਿਟ ਲਿਆ ਜਾਵੇਗਾ। ਆਕਸੀਜਨ ਬੈਂਕਾਂ ਦੀ ਨਿਗਰਾਨੀ ਅਤੇ ਕੰਮ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਜਾਵੇਗਾ, ਜੋ ਹਰ ਰੋਜ਼ ਸਬੰਧਤ ਡਿਪਟੀ ਕਮਿਸ਼ਨਰ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਰਿਪੋਰਟ ਕਰੇਗੀ।
ਸਿੱਧੂ ਨੇ ਕਿਹਾ ਕਿ ਰਾਜ ਸਰਕਾਰ ਹਸਪਤਾਲਾਂ ਵਿੱਚ ਆਕਸੀਜਨ ਦੀ ਸਹੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕ ਰਹੀ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਅਤੇ ਜੇ ਕੋਈ ਲੱਛਣ ਦਿੱਸਦੇ ਹਨ ਤਾਂ ਜਿੰਨੀ ਜਲਦੀ ਹੋ ਸਕੇ ਟੈਸਟ ਕਰਵਾਉਣ।