ਚੰਡੀਗੜ੍ਹ : ਭਾਰਤ ਸਰਕਾਰ ਨੇ ਅੱਜ ਇਕ ਪੱਤਰ ਜਾਰੀ ਕਰਕੇ ਬੀਤੇ ਦਿਨੀਂ ਹੋਏ ਮੀਂਹ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਫ਼ਸਲ ਦੀ ਖਰੀਦ 11 ਅਕਤੂਬਰ ਤੋਂ ਕਰਨ ਦਾ ਫ਼ੈਸਲਾ ਕੀਤਾ ਹੈ।
ਇਸ ਪੱਤਰ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਇਹ ਪੱਤਰ ਪੰਜਾਬ ਸਰਕਾਰ ਨੂੰ ਅੱਜ ਦੇਰ ਸ਼ਾਮੀ ਹੀ ਪ੍ਰਾਪਤ ਹੋਇਆ ਹੈ।
ਆਸ਼ੂ ਨੇ ਕਿਹਾ ਕਿ ਭਾਰਤ ਨੇ ਝੋਨੇ ਦੀ ਫ਼ਸਲ ਦੀ ਖਰੀਦ ਕਾਰਜ ਨੂੰ ਅੱਗੇ ਪਾਉਣ ਲਈ ਬੀਤੇ ਦਿਨੀਂ ਹੋਏ ਮੀਂਹ ਅਤੇ ਅਗਲੇ ਦਿਨਾਂ ਵਿਚ ਹੋਣ ਵਾਲੇ ਸੰਭਾਵੀ ਮੀਂਹ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਹੈ।
ਖੁਰਾਕ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਰਾਜ ਵਿਚ ਜਲਦ ਝੋਨੇ ਦੀ ਖਰੀਦ ਕਾਰਜ ਸ਼ੁਰੂ ਕਰਵਾਉਣ ਲਈ ਭਾਰਤ ਸਰਕਾਰ ਨਾਲ ਕੱਲ੍ਹ ਹੀ ਗੱਲ ਕਰਨਗੇ। ਉਸ ਤੋਂ ਬਾਅਦ ਤੈਅ ਹੋਵੇਗਾ ਕਿ ਪੰਜਾਬ ਵਿੱਚ ਝੋਨੇ ਦੀ ਫਸਲ ਕਦੋਂ ਤੋਂ ਖਰੀਦ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ 15 ਅਕਤੂਬਰ ਤੱਕ ਵਧਾਈਆਂ ਕੋਰੋਨਾ ਪਾਬੰਦੀਆਂ
ਮੰਤਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਝੋਨੇ ਦੀ ਫਸਲ ਮੰਡੀਆਂ ਵਿੱਚ 11 ਅਕਤੂਬਰ ਤੋਂ ਪਹਿਲਾਂ ਮੰਡੀਆਂ ਵਿੱਚ ਨਾ ਲੈ ਕੇ ਆਉਣ।