Pakistan statement on India refusal : ਇਸਲਾਮਾਬਾਦ : ਸਿੱਖਾਂ ਦੀ ਸ਼ਹਾਦਤ ਦੇ ਸ਼ਤਾਬਦੀ ਸਾਲ ‘ਤੇ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਨੂੰ ਗ੍ਰਹਿ ਮੰਤਰਾਲਾ ਵੱਲੋਂ ਇਜਾਜ਼ਤ ਦੇਣ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਗਿਆ ਹੈ ਕਿ ਕੋਵਿਡ-19 ਕਾਰਨ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇਸ ‘ਤੇ ਪਾਕਿਸਤਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਭਾਰਤ ਦੀਆਂ ਚਿੰਤਾਂਵਾਂ ਨੂੰ ਖ਼ਾਰਿਜ ਕਰਦਿਆਂ ਕਿਹਾ ਹੈ ਕਿ ਪਾਕਿਸਤਾਨ ਸਿੱਖ ਸ਼ਰਧਾਲੂਆਂ ਦੀ ਪਵਿੱਤਰ ਤੀਰਥ ਅਸਥਾਨਾਂ ਦੀ ਫ਼ੇਰੀ ਲਈ ਹਮੇਸ਼ਾ ਢੁਕਵੇਂ ਪ੍ਰਬੰਧ ਅਤੇ ਸਹਿਯੋਗ ਕਰਦਾ ਆਇਆ ਹੈ।
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਜਨਾਬ ਜ਼ਾਹਿਦ ਹਫ਼ੀਜ਼ ਚੌਧਰੀ ਨੇ ਕਿਹਾ ਹੈ ਕਿ ਪਾਕਿਸਤਾਨ ਨੇ ਹਮੇਸ਼ਾ ਭਾਰਤ ਸਣੇ ਵਿਸ਼ਵ ਭਰ ਤੋਂ ਆਉਣ ਵਾਲੇ ਸਿੱਖ ਯਾਤਰੂਆਂ ਲਈ ਇੰਤਜ਼ਾਮਾਂ ਵਿੱਚ ਕਦੇ ਕੋਈ ਕਸਰ ਨਹੀਂ ਛੱਡੀ ਤਾਂ ਜੋ ਉਹ ਆਰਾਮ ਨਾਲ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਤਾਂ ਸਿੱਖਾਂ ਲਈ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਲਾਂਘੇ ਦਾ ਉਚੇਚਾ ਪ੍ਰਬੰਧ ਕੀਤਾ ਸੀ ਤਾਂ ਜੋ ਉਹ ਆਪਣੇ ਪਵਿੱਤਰ ਧਾਰਮਿਕ ਅਸਥਾਨ ਦੇ ਦਰਸ਼ਨਾਂ ਤੋਂ ਵਾਂਝਿਆਂ ਨਾ ਰਹਿ ਜਾਣ।
ਦੱਸ ਦੇਈਏ ਕਿ ਭਾਰਤ ਵੱਲੋਂ 700 ਸਿੱਖ ਸ਼ਰਧਾਲੂਆਂ ਦਾ ਜਥਾ 18 ਫਰਵਰੀ ਤੋਂ 25 ਫਰਵਰੀ ਤੱਕ ਪਾਕਿਸਤਾਨ ਲਈ ਜਾਣਾ ਸੀ, ਪਰ ਉਸ ਤੋਂ ਇੱਕ ਦਿਨ ਪਹਿਲਾਂ ਗ੍ਰਹਿ ਮੰਤਰਾਲਾ ਨੇ ਇਜਾਜ਼ਤ ਦੇਣ ਤੋਂ ਨਾਂਹ ਕਰ ਦਿੱਤੀ। ਐਸਜੀਪੀਸੀ ਨੇ ਸ਼ਰਧਾਲੂਆਂ ਨੂੰ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਲਿਜਾਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਸਨ। ਐਨ ਮੌਕੇ ‘ਤੇ ਕੇਂਦਰ ਵੱਲੋਂ ਇਨਕਾਰ ਕੀਤੇ ਜਾਣ ‘ਤੇ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਫੈਸਲੇ ਨੂੰ ਸਹੀ ਨਹੀਂ ਠਹਿਰਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੀਤੇ ਨਵੰਬਰ ਮਹੀਨੇ ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਕੇ ਆਇਆ ਹੈ। ਜੇਕਰ ਉਸ ਵਕਤ ਕੋਈ ਖਤਰਾ ਨਹੀਂ ਸੀ ਤਾਂ ਹੁਣ ਖਤਰਾ ਕਿਵੇਂ ਪੈਦਾ ਹੋ ਗਿਆ। ਬੀਬੀ ਜਗੀਰ ਕੌਰ ਨੇ ਇਸ ਸੰਬੰਧੀ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਫੈਸਲੇ ‘ਤੇ ਮੁੜ ਗੌਰ ਕਰਨ ਲਈ ਕਹਿੰਦਿਆਂ ਚਿੱਠੀ ਲਿਖ ਕੇ ਜਥੇ ਨੂੰ 21 ਫਰਵਰੀ ਤੱਕ ਪਾਕਿਸਤਾਨ ਜਾਣ ਦੀ ਮੁੜ ਇਜਾਜ਼ਤ ਮੰਗੀ ਹੈ।