ਸਾਬਕਾ ਲੀਡਰਾਂ ਤੋਂ ਗੱਡੀਆਂ ਵਾਪਸ ਲੈਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ‘ਤੇ ਪ੍ਰਗਟ ਸਿੰਘ ਭੜਕ ਗਏ ਹਨ। ਉਨ੍ਹਾਂ ਨੇ CM ਮਾਨ ਨੂੰ ਸਿੱਧਾ ਜਵਾਬ ਦਿੰਦਿਆਂ ਕਿਹਾ ਹੈ ਕਿ ਜੇ ਮੇਰੀ ਗੱਡੀ ਵਾਪਿਸ ਲੈਣੀ ਹੈ ਤਾਂ ਬਾਕੀ 116 ਵਿਧਾਇਕਾਂ ਦੀ ਗੱਡੀ ਵਾਪਿਸ ਲੈਣ ਦੀ ਵੀ ਜੁੱਰਤ ਕਰੋ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ‘ਮੈਂ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਜੀ ਦੇ ਮੇਰੀ ਸਰਕਾਰੀ ਗੱਡੀ ਨੂੰ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਮੈਂ ਉਨ੍ਹਾਂ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਇਹ ਸਰਕਾਰੀ ਗੱਡੀ ਮੈਨੂੰ ਬਤੌਰ ਵਿਧਾਇਕ ਮਿਲੀ ਹੈ। ਮੈਨੂੰ ਉਮੀਦ ਹੈ ਕਿ ਇਹ ਕੋਈ ਬਦਲਾਖੋਰੀ ਦੀ ਭਾਵਨਾ ਵਿਚ ਲਿਆ ਫੈਸਲਾ ਨਹੀਂ ਹੈ ਤੇ ਮੈਂ ਆਸ ਕਰਦਾ ਹਾਂ ਕਿ ਤੁਸੀਂ ਮੇਰੇ ਨਾਲ-ਨਾਲ ਬਾਕੀ 116 ਵਿਧਾਇਕਾਂ ਦੀਆਂ ਸਰਕਾਰੀ ਗੱਡੀਆਂ ਵਾਪਸ ਲੈਣ ਦੀ ਵੀ ਜੁਰੱਤ ਕਰੋਗੇ।’
ਦੱਸ ਦੇਈਏ ਕਿ ਬੀਤੇ ਦਿਨੀਂ ਇਹ ਚਰਚਾ ਹੋ ਰਹੀ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਪਣੇ ਵਿਧਾਇਕਾਂ ਨੂੰ ਲਗਜ਼ਰੀ ਗੱਡੀਆਂ ਦੇਣ ਦਾ ਐਲਾਨ ਕੀਤਾ ਗਿਆ ਹੈ, ਉਦੋਂ ਤੋਂ ਪੰਜਾਬ ਦੀ ਸਿਆਸਤ ਵਿਚ ਹਲਚਲ ਮਚ ਗਈ ਹੈ। ਹਾਲਾਂਕਿ ਮੁੱਖ ਮੰਤਰੀ ਵੱਲੋਂ ਇਸ ‘ਤੇ ਸਫਾਈ ਦਿੱਤੀ ਗਈ ਹੈ ਕਿ ਮੈਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਹੈ। ਝੂਠੀਆਂ ਖਬਰਾਂ ਫੈਲਾਈਆਂ ਜਾ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਜਿਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਵੀ ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਵਿਰੋਧੀ ਸਵਾਲ ਚੁੱਕ ਰਹੇ ਹਨ ਕਿ ਤੁਸੀਂ 18 ਕਰੋੜ ਦਾ ਵਾਧੂ ਬੋਝ ਸਰਕਾਰੀ ਖਜ਼ਾਨੇ ‘ਤੇ ਪਾ ਕੇ ਵਿਧਾਇਕਾਂ ਨੂੰ ਲਗਜ਼ਰੀ ਗੱਡੀਆਂ ਦੇ ਰਹੇ ਹੋ। ਮੁੱਖ ਮੰਤਰੀ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਸ ‘ਤੇ ਸਫਾਈ ਦਿੰਦਿਆਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਇਹ ਝੂਠੀਆਂ ਖਬਰਾਂ ਹਨ ਜੋ ਕਿ ਵਾਇਰਲ ਕੀਤੀਆਂ ਜਾ ਰਹੀਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੈਂ ਪ੍ਰਗਟ ਸਿੰਘ ਨੂੰ ਖੁਸ਼ਖਬਰੀ ਦੇਣਾ ਚਾਹੁੰਦਾ ਹਾਂ ਕਿ ਜਿਹੜੀ ਗੱਡੀ ਉਨ੍ਹਾਂ ਕੋਲ ਹੈ, ਉਹ ਵੀ ਅਸੀਂ ਖੋਹ ਲੈਣੀ ਹੈ। ਇਸ ਦੇ ਜਵਾਬ ਵਿਚ ਪ੍ਰਗਟ ਸਿੰਘ ਨੇ ਟਵੀਟ ਕੀਤਾ ਤੇ ਮੁੱਖ ਮੰਤਰੀ ਨੂੰ ਠੋਕਵਾਂ ਜਵਾਬ ਦਿੱਤਾ ਹੈ।