People protest outside the Indian Embassy : ਲੰਦਨ: ਪਿਛਲੇ 11 ਦਿਨਾਂ ਤੋਂ ਭਾਰਤ ਵਿਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਡਟੇ ਕਿਸਾਨਾਂ ਨੂੰ ਜਿਥੇ ਆਪਣੇ ਦੇਸ਼ ਤੋਂ ਪੂਰਾ ਸਮਰਥਨ ਮਿਲ ਰਿਹਾ ਹੈ ਉਥੇ ਹੀ ਵਿਦੇਸ਼ਾਂ ਵਿੱਚ ਵੀ ਕਿਸਾਨਾਂ ਦੇ ਹੱਕ ਵਿੱਚ ਲੋਕ ਉਤਰ ਆਏ ਹਨ। ਵਿਰੋਧ ਪ੍ਰਦਰਸ਼ਨ ਦਾ ਅਸਰ ਬ੍ਰਿਟੇਨ ਵਿਚ ਵੀ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿੱਚ ਲੋਕ ਲੰਡਨ ਵਿੱਚ ਇੰਡੀਅਨ ਹਾਈ ਕਮਿਸ਼ਨ ਦੇ ਬਾਹਰ ਕਿਸਾਨਾਂ ਦੇ ਸਮਰਥਨ ਵਿੱਚ ਵਿਰੋਧ ਪ੍ਰਦਰਸ਼ਨ ਲਈ ਇਕੱਠੇ ਹੋਏ, ਜਿਸ ਦੇ ਮੱਦੇਨਜ਼ਰ ਲੰਡਨ ਪੁਲਿਸ ਨੇ ਹਾਈ ਕਮਿਸ਼ਨ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਹੈ, ਤਸਵੀਰਾਂ ਵਿੱਚ ਵੇਖਿਆ ਜਾ ਸਕਦਾ ਹੈ ਕਿ ਲੰਡਨ ਪੁਲਿਸ ਨੇ ਭਾਰਤੀ ਹਾਈ ਕਮਿਸ਼ਨ ਨੂੰ ਪੂਰੀ ਤਰ੍ਹਾਂ ਸੁਰੱਖਿਆ ਦੇ ਘੇਰੇ ਵਿੱਚ ਲਿਆ ਹੋਇਆ ਹੈ।
ਦੱਸਣਯੋਗ ਹੈ ਕਿ ਇਹ ਸਭ ਯੂਕੇ ਦੀਆਂ ਵੱਖ-ਵੱਖ ਪਾਰਟੀਆਂ ਦੇ 36 ਸੰਸਦ ਮੈਂਬਰਾਂ ਨੇ ਵਿਦੇਸ਼ ਸਕੱਤਰ ਨੂੰ ਪੱਤਰ ਲਿਖਣ ਤੋਂ ਇੱਕ ਦਿਨ ਬਾਅਦ ਹੋਇਆ ਹੈ। ਇਸ ਪੱਤਰ ਵਿਚ, ਕੁਝ ਭਾਰਤੀ ਮੂਲ ਦੇ ਸੰਸਦ ਮੈਂਬਰਾਂ ਅਤੇ ਕੁਝ ਪੰਜਾਬ ਨਾਲ ਸੰਬੰਧ ਰਖਣ ਵਾਲੀਆਂ ਸੀਟਾਂ ਦੀ ਨੁਮਾਇਂਦਗੀ ਕਰਨ ਵਾਲੇ ਸੰਸਦ ਮੈਂਬਰਾਂ ਨੇ ਬ੍ਰਿਟੇਨ ਦੇ ਵਿਦੇਸ਼ ਸਕੱਤਰ ਡੋਮਿਨਿਕ ਰਾਬ ਨੂੰ ਕਿਹਾ ਹੈ ਕਿ ਉਹ ਭਾਰਤ ਸਰਕਾਰ ਨਾਲ ਕਿਸਾਨੀ ਅੰਦੋਲਨ ਦਾ ਮੁੱਦਾ ਚੁੱਕਣ।
ਦੱਸਣਯੋਗ ਹੈ ਕਿ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਦਿੱਲੀ-ਹਰਿਆਣਾ ਬਾਰਡਰ ’ਤੇ ਲਗਾਤਾਰ ਜਾਰੀ ਹੈ। ਕਿਸਾਨ ਕੇਂਦਰ ਨਾਲ 5ਵੇਂ ਗੇੜ ਦੀ ਮੀਟਿੰਗ ਕਰ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੀ 9 ਦਸੰਬਰ ਨੂੰ 6ਵੇਂ ਗੇੜ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਤੋਂ ਪਹਿਲਾਂ ਹੀ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕੇਂਦਰ ਕਿਸਾਨਾਂ ਨਾਲ ਆਪਣੇ ਮਤਭੇਦ ਸੁਲਝਾਉਣ ਲਈ ਜੁਟਿਆ ਹੋਇਆ ਹੈ ਪਰ ਅਜੇ ਤੱਕ ਕੋਈ ਗੱਲ ਨਿਬੜਦੀ ਨਜ਼ਰ ਨਹੀਂ ਆ ਰਹੀ। ਕੇਂਦਰ ਕਾਨੂੰਨਾਂ ਵਿੱਚ ਸੋਧ ਕਰਨ ਲਈ ਰਾਜ਼ੀ ਹੈ ਪਰ ਕਿਸਾਨ ਕਾਨੂੰਨ ਰੱਦ ਕਰਵਾਉਣ ’ਤੇ ਅੜੇ ਹੋਏ ਹਨ। ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਦੇ ਰਵੱਈਏ ਦੀ ਵਿਦੇਸ਼ਾਂ ਵਿੱਚ ਵੀ ਅਲੋਚਨਾ ਹੋ ਰਹੀ ਹੈ ਅਤੇ ਲੋਕ ਕਿਸਾਨਾਂ ਨੂੰ ਸਮਰਥਨ ਦੇ ਰਹੇ ਹਨ।