Petition to file CBI record : ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ‘ਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਦੇ ਮਾਮਲੇ ’ਚ ਪੰਜਾਬ ਪੁਲਿਸ ਨੇ ਚੰਡੀਗੜ੍ਹ ਜ਼ਿਲਾ ਅਦਾਲਤ ਵਿਚ ਸੀਬੀਆਈ ਚੰਡੀਗੜ੍ਹ ਤੋਂ ਉਨ੍ਹਾਂ ਦੀ ਜਾਂਚ ਸਬੰਧੀ ਰਿਕਾਰਡ ਲਈ ਪਟੀਸ਼ਨ ਦਾਇਰ ਕੀਤੀ ਸੀ ਪਰ ਮੰਗਲਵਾਰ ਨੂੰ ਅਦਾਲਤ ਨੇ ਪੰਜਾਬ ਪੁਲਿਸ ਦੀ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਪੁਲਿਸ ਦੀ ਪਟੀਸ਼ਨ ’ਤੇ ਸੀਬੀਆਈ ਨੇ ਅਦਾਲਤ ਵਿਚ ਜਵਾਬ ਦਿੱਤਾ ਕਿ ਉਨ੍ਹਾਂ ਕੋਲ ਹੁਣ ਸੈਣੀ ਖਿਲਾਫ ਜਾਂਚ ਸਬੰਧੀ ਕੋਈ ਰਿਕਾਰਡ ਨਹੀਂ ਹੈ। ਦੱਸਣਯੋਗ ਹੈ ਕਿ ਮੋਹਾਲੀ ਵਿਚ ਬੀਤੇ ਦਿਨ ਇਸ ਮਾਮਲੇ ਵਿਚ ਹੋਣ ਵਾਲੀ ਸੁਣਵਾਈ ਨੂੰ ਵੀ 24 ਜੁਲਾਈ ਤੱਕ ਟਾਲ ਦਿੱਤਾ ਗਿਆ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐੱਸ ਰਾਏ ਦੇ ਬੀਤੇ ਦਿਨ ਛੁੱਟੀ ’ਤੇ ਹੋਣ ਕਾਰਨ ਕਾਰਨ ਤਰੀਕ ਅੱਗੇ ਪੈ ਗਈ। ਸਾਬਕਾ ਡੀਜੀਪੀ ਸੁਮੇਧ ਸੈਣੀ ਮਾਮਲੇ ਵਿਚ ਨਾਮਜ਼ਦ ਯੂਟੀ ਪੁਲੀਸ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਅਨੋਖ ਸਿੰਘ ਅਤੇ ਜਗੀਰ ਸਿੰਘ ਨੂੰ ਪੱਕੀ ਜ਼ਮਾਨਤ ਦੇਣ ਦੀ ਸੁਣਵਾਈ ਵੀ 24 ਜੁਲਾਈ ਤਕ ਟਲ ਗਈ ਹੈ।
ਇਥੇ ਦੱਸ ਦੇਈਏ ਕਿ ਡੀਜੀਪੀ ਸੈਣੀ ਖਿਲਾਫ 29 ਸਾਲ ਪੁਰਾਣੇ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ। ਸਾਲ 1991 ਵਿਚ ਜਦੋਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਵਿਚ ਐਸਐਸਪੀ ਦੇ ਅਹੁਦੇ ’ਤੇ ਤਾਇਨਾਤ ਸਨ, ਉਸ ਦੌਰਾਨ ਸੈਣੀ ’ਤੇ ਇਕ ਅੱਤਵਾਦੀ ਹਮਲਾ ਹੋਇਆ ਸੀ। ਹਮਲੇ ਵਿਚ ਉਨ੍ਹਾਂ ਦੀ ਸੁਰੱਖਿਆ ’ਚ ਤਾਇਨਾਤ ਚਾਰ ਲੋਕ ਮਾਰੇ ਗਏ ਸਨ। ਇਸ ਦੌਰਾਨ ਬਲਵੰਤ ਸਿੰਘ ਮੁਲਤਾਨੀ ਨੂੰ ਚੰਡੀਗੜ੍ਹ ਵਿਚ ਪੁਲਿਸ ਦੇ ਦੋ ਅਧਿਕਾਰੀਆਂ ਨੇ ਸ਼ੱਕ ਦੇ ਆਧਾਰ ’ਤੇ ਥਾਣੇ ਵਿਚ ਲਿਆਂਦਾ ਸੀ, ਜਿਸ ਤੋਂ ਬਾਅਦ ਉਹ ਲਾਪਤਾ ਹੋ ਗਿਆ। ਫਿਰ ਮੁਲਤਾਨੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਉਨ੍ਹਾਂ ਦੇ ਭਰਾ ਪਲਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿਚ ਸੀਬੀਆਈ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀਆਂ ਹਿਦਾਇਤਾਂ ’ਤੇ ਸੈਣੀ ਵਿਰੁੱਧ 2007 ਵਿਚ ਕਾਰਵਾਈ ਸ਼ੁਰੂ ਕੀਤੀ ਸੀ ਪਰ ਬਾਅਦ ’ਚ ਇਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ। ਸਾਲ 2014 ’ਚ ਉਨ੍ਹਾਂ ਦੇ ਹੱਥ ਕਈ ਅਜਿਹੇ ਸਬੂਤ ਲੱਗੇ, ਜਿਸ ਤੋਂ ਬਾਅਦ ਉਨ੍ਹਾਂ ਨੇ ਦੁਬਾਰਾ ਆਪਣਾ ਸੰਘਰਸ਼ ਸ਼ੁਰੂ ਕੀਤਾ। ਇਸ ਸਬੰਧੀ ਹੁਣ ਫਿਰ ਸਾਬਕਾ ਡੀਜੀਪੀ ’ਤੇ ਧਾਰਾ 364, 201, 344, 330 ਅਤੇ 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ 8 ਮਈ ਨੂੰ ਮੋਹਾਲੀ ਦੀ ਏਡੀਜੇ ਮੋਨਿਕਾ ਗੋਇਲ ਵੱਲੋਂ ਇਸ ਮਾਮਲੇ ਵਿਚ ਸੈਣੀ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕੀਤੀ ਗਈ ਸੀ, ਜਿਸ ’ਤੇ ਪੀੜਤ ਧਿਰ ਨੇ ਸੁਮੇਧ ਸਿੰਘ ਸੈਣੀ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਅਦਾਲਤ ਵਿੱਚ ਇਸ ਮਾਮਲੇ ਨੂੰ ਹੋਰ ਅਦਾਲਤ ਵਿਚ ਤਬਦੀਲ ਕਰਨ ਦੀ ਅਰਜ਼ੀ ਲਗਾਈ ਸੀ, ਜਿਸ ਤੋਂ ਬਾਅਦ ਇਹ ਮਾਮਲਾ ਅਡੀਸ਼ਨਲ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਤੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।