ਅੱਜ ਪਟਿਆਲਾ ਦੀਆਂ ਸੜਕਾਂ ਤੋਂ ਹੁੰਦੀ ਹੋਈ ਯੂਨਾਈਟਿਡ ਫਰੰਟ ਦੀ ‘ਹੱਲਾ ਬੋਲ ਮਹਾਰੈਲੀ’ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨ ਲਈ ਜਦੋਂ ਵਾਈਪੀਐਸ ਚੌਕ ‘ਤੇ ਪਹੁੰਚੀ, ਤਾਂ ਉਥੇ ਪੁਲਿਸ ਨੇ ਭਾਰੀ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਪੁਲਿਸ ਨੇ ਰੋਕ ਲਿਆ।
ਇਸ ਦੌਰਾਨ ਪੁਲਿਸ ਨਾਲ ਕਈ ਵਾਰ ਝੜਪ ਵੀ ਹੋਈ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਗੱਲਬਾਤ ਰਾਹੀਂ ਮਸਲਾ ਹੱਲ ਕਰ ਲਿਆ ਅਤੇ ਕੱਲ੍ਹ ਚੰਡੀਗੜ੍ਹ ਵਿਖੇ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਦਾ ਭਰੋਸਾ ਦੇ ਕੇ ਇਹ ਧਰਨਾ ਸਮਾਪਤ ਕਰ ਦਿੱਤਾ ਗਿਆ।
ਪਰ ਉਕਤ ਪ੍ਰਦਰਸ਼ਨਕਾਰੀਆਂ ਨੇ ਕਿਹਾ ਹੈ ਕਿ ਜੇ ਮੀਟਿੰਗ ਬੇਸਿੱਟਾ ਨਿਕਲੀ ਤਾਂ ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਪਟਿਆਲਾ ਰੋਸ ਮਾਰਚ ਵਿੱਚ 20 ਤੋਂ ਵੱਧ ਯੂਨੀਅਨਾਂ ਦੇ ਹਜ਼ਾਰਾਂ ਮੈਂਬਰਾਂ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਹੋਰ ਮੰਗਾਂ ਦੀ ਪੂਰਤੀ ਲਈ ਵਿਰੋਧ ਪ੍ਰਦਰਸ਼ਨ ਕਰਨ ਲਈ ਇੱਕ ਰੋਸ ਰੈਲੀ ਕੀਤੀ।
ਇਹ ਵੀ ਪੜ੍ਹੋ : ਪਟਿਆਲਾ ‘ਚ ਛੇਵੇਂ ਪੇਅ-ਕਮਿਸ਼ਨ ਦੀਆਂ ਸਿਫਾਰਿਸ਼ਾਂ ਖਿਲਾਫ ਹੱਲਾਬੋਲ ਮਹਾਰੈਲੀ, ਮੋਤੀ ਮਹਿਲ ਘੇਰਨ ਜਾ ਰਹੇ ਹਜ਼ਾਰਾਂ ਮੁਲਾਜ਼ਮ
ਪੰਜਾਬ-ਯੂਟੀ ਕਰਮਚਾਰੀ ਅਤੇ ਪੈਨਸ਼ਨਰਜ਼ ਕਾਮਨ ਫਰੰਟ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਵਿਚ ਤਬਦੀਲੀਆਂ ਕਰਨ, ਵਿਭਾਗੀ ਅਸਾਮੀਆਂ ‘ਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਮਾਣ-ਭੱਤੇ ਕਰਮਚਾਰੀਆਂ ਲਈ ਘੱਟੋ-ਘੱਟ ਤਨਖਾਹ ਕਾਨੂੰਨ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬਕਾਏ ਜਾਰੀ ਕਰਵਾਉਣ, ਨਵੇਂ ਭਰਤੀ ਕੀਤੇ ਮੁਲਾਜ਼ਮਾਂ ‘ਤੇ ਕੇਂਦਰੀ ਤਨਖਾਹ ਸਕੇਲ ਦੀ ਬਜਾਏ ਪੰਜਾਬ ਸਕੇਲ ਲਾਗੂ ਕਰਵਾਉਣ ਦੀਆਂ ਮੰਗਾਂ ਰੱਖੀਆਂ ਹਨ।