ਰੋਪੜ ਰੇਂਜ ਪੁਲਿਸ ਨੇ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਪੁਲਿਸ ਟੀਮਾਂ ਨੇ ਮੁਹਾਲੀ ਦੀਆਂ ਤਿੰਨ ਸੁਸਾਇਟੀਆਂ ਜਿਨ੍ਹਾਂ ਵਿੱਚ ਮੁਹਾਲੀ ਈਡਨ ਕੋਰਟ, ਜਲ ਵਾਯੂ ਵਿਹਾਰ ਅਤੇ ਹੋਮਲੈਂਡ ਸ਼ਾਮਲ ਵਿੱਚ ਛਾਪਾ ਮਾਰਿਆ ਅਤੇ ਕਾਰਵਾਈ ਕਰਕੇ ਘੱਟੋ-ਘੱਟ 20 ਸ਼ੱਕੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ 10 ਗੱਡੀਆਂ ਵੀ ਜ਼ਬਤ ਕੀਤੀਆਂ ਤੇ 18 ਗ੍ਰਾਮ ਅਫੀਮ, ਸੱਤ ਹਥਿਆਰ ਅਤੇ 21 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।
ਇਸ ਆਪ੍ਰੇਸ਼ਨ ਦੀ ਅਗਵਾਈ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਅਤੇ ਤਿੰਨ ਜ਼ਿਲ੍ਹਿਆਂ ਦੇ ਪੁਲਿਸ ਬਲਾਂ ਵੱਲੋਂ ਸਾਂਝੇ ਤੌਰ ‘ਤੇ ਚਲਾਇਆ ਗਿਆ, ਜਿਸ ਵਿੱਚ ਮੁਹਾਲੀ ਪੁਲਿਸ ਦੀ ਅਗਵਾਈ ਐਸਐਸਪੀ ਵਿਵੇਕ ਸ਼ੀਲ ਸੋਨੀ, ਫਤਹਿਗੜ੍ਹ ਸਾਹਿਬ ਪੁਲਿਸ ਦੀ ਅਗਵਾਈ ਐਸਐਸਪੀ ਰਵਜੋਤ ਗਰੇਵਾਲ ਅਤੇ ਰੂਪਨਗਰ ਪੁਲਿਸ ਦੀ ਅਗਵਾਈ ਐਸਐਸਪੀ ਸੰਦੀਪ ਗਰਗ ਵੱਲੋਂ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਕੁਝ ਕਿਰਾਏਦਾਰ ਬਿਨਾਂ ਤਸਦੀਕ ਕੀਤੇ ਉਥੇ ਰਹਿ ਰਹੇ ਹਨ ਅਤੇ ਕਈਆਂ ਨੇ ਆਪਣੇ ਫਲੈਟਾਂ ਨੂੰ ਅੱਗੇ ਹੋਰ ਵੀ ਕਿਰਾਏ ‘ਤੇ ਚੜ੍ਹਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਹਰੇਕ ਸੋਸਾਇਟੀ ਨੂੰ ਘੇਰ ਕੇ ਐਸ.ਐਸ.ਪੀ ਦੀ ਦੇਖ-ਰੇਖ ਹੇਠ ਪੂਰੀ ਤਲਾਸ਼ੀ ਮੁਹਿੰਮ ਚਲਾਈ ਗਈ ਸੀ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ ‘ਤੇ ਉਨ੍ਹਾਂ ਨੇ ਇਹ ਕਾਰਵਾਈ ਤਿੰਨ ਸੁਸਾਇਟੀਆਂ ਤੋਂ ਸ਼ੁਰੂ ਕੀਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਨੂੰ ਜਾਰੀ ਰੱਖਿਆ ਜਾਵੇਗਾ।
ਡੀਆਈਜੀ ਨੇ ਕਿਹਾ ਕਿ ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀਆਂ ਨੇ ਵੀ ਪੰਜਾਬ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਨਗਦੀ ਬਾਰੇ ਹੋਰ ਪੁੱਛਗਿੱਛ ਲਈ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: