Positive Cases from Phagwara and sangrur : ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲਿਆਂ ਵਿਚ ਫਗਵਾੜਾ ਤੋਂ ਕੋਰੋਨਾ ਵਾਇਰਸ ਦੇ 5 ਅਤੇ ਸੰਗਰੂਰ ਤੋਂ 2 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਮੁਤਾਬਕ ਫਗਵਾੜਾ ਵਿਚ ਅੱਜ 5 ਲੋਕਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਕੱਠੇ ਪੰਜ ਪਾਜ਼ੀਟਿਵ ਕੇਸ ਆਉਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਵਿਭਾਗ ਫਗਵਾੜਾ ਦੀ ਟੀਮ ਵੱਲੋਂ ਇਨ੍ਹਾਂ ਸਾਰੇ 5 ਪਾਜ਼ੀਟਿਵ ਪਾਏ ਗਏ ਮਰੀਜ਼ਾਂ ਨੂੰ ਇਕ ਨਿੱਜੀ ਯੂਨੀਵਰਸਿਟੀ ਵਿਚ ਬਣਾਏ ਗਏ ਆਈਸੋਲੇਸ਼ਨ ਵਾਰਡ ਵਿਚ ਹੁਣ ਸ਼ਿਫਟ ਕੀਤਾ ਜਾ ਰਿਹਾ ਹੈ।
ਇਨ੍ਹਾਂ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਪੀੜਤ ਸਿਵਲ ਹਸਪਤਾਲ ਫਗਵਾੜਾ ਦੇ ਆਈਸੋਲੇਸ਼ਨ ਵਾਰਡ ਵਿਚ ਕੁਆਰੰਟਾਈਨ ਕੀਤੇ ਗਏ ਸਨ। ਇਨ੍ਹਾਂ ਵਿਚੋਂ 2 ਕੇਸ ਪਿੰਡ ਨਰੂੜ ਨਾਲ ਸਬੰਧਤ ਦੱਸੇ ਜਾ ਰਹੇ ਹਨ, ਜਦਕਿ ਬਾਕੀ ਤਿੰਨ ਨੇੜਲੇ ਪਿੰਡ ਨਾਲ ਸਬੰਧਤ ਹਨ। ਇਥੇ ਦੱਸ ਦੇਈਏ ਕਿ ਅੱਜ ਦੇ ਮਿਲੇ ਕੇਸਾਂ ਨੂੰ ਮਿਲਾ ਕੇ ਹੁਣ ਤੱਕ ਕਪੂਰਥਲਾ ਵਿਚ ਕੁਲ 24 ਪਾਜ਼ੀਟਿਵ ਕੇਸ ਪਾਏ ਗਏ ਹਨ, ਜਿਨ੍ਹਾਂ ਵਿਚ ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਹਲਕਾ ਭੁਲੱਥ ਦੇ ਕੇਸ ਵੀ ਸ਼ਾਮਲ ਹਨ।
ਉਧਰ ਸੰਗਰੂਰ ਵਿਚ ਵੀ ਦੋ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਮੁਤਾਬਕ ਜ਼ਿਲੇ ’ਚ ਦੋ ਔਰਤਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਇਨ੍ਹਾਂ ਵਿਚੋਂ ਇਕ ਔਰਤ ਜ਼ਿਲਾ ਬਰਨਾਲਾ ਤੇ ਇਕ ਸੰਗਰੂਰ ਨਾਲ ਸਬੰਧਤ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਸੰਗਰੂਰ ਡਾਕਟਰ ਰਾਜ ਕੁਮਾਰ ਨੇ ਦੱਸਿਆ ਕਿ ਇਹ ਦੋਵੇਂ ਔਰਤਾਂ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂਆਂ ’ਚ ਸ਼ਾਮਲ ਸਨ, ਜਿਨ੍ਹਾਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸੰਗਰੂਰ ਜ਼ਿਲੇ ’ਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 97 ਹੋ ਗਈ ਹੈ, ਜਿਨ੍ਹਾਂ ਵਿਚੋਂ ਸਿਰਫ ਤਿੰਨ ਮਰੀਜ਼ ਹੀ ਅਜੇ ਠੀਕ ਹੋ ਕੇ ਘਰ ਪਰਤੇ ਹਨ।