ਬਿਜਲੀ ਵਿਭਾਗ ‘ਚ ਖਾਲੀ ਅਸਾਮੀਆਂ ਨੂੰ ਭਰਨ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੈ। ਇਸੇ ਤਹਿਤ ਬਿਜਲੀ ਮੁਲਾਜ਼ਮਾਂ ਵੱਲੋਂ ਅੱਜ ਤੋਂ 3 ਦਿਨ ਦੀ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਵੱਲੋਂ 11 ਤੋਂ 13 ਅਗਸਤ ਤੱਕ ਸਮੂਹਿਕ ਛੁੱਟੀ ਐਲਾਨੀ ਗਈ ਹੈ ਤੇ ਹੁਣ ਇਸ ਖਿਲਾਫ ਪਾਵਰਕਾਮ ਨੇ ਬਿਜਲੀ ਮੁਲਾਜ਼ਮਾਂ ਲਈ ਵੱਡਾ ਐਕਸ਼ਨ ਲਿਆ ਹੈ। ਪਾਵਰਕਾਮ ਨੇ ਸਮੂਹਿਕ ਛੁੱਟੀ ‘ਤੇ ਗਏ ਬਿਜਲੀ ਮੁਲਾਜ਼ਮਾਂ ‘ਤੇ ਐਸਮਾ ਐਕਟ 1947 ਲਾਗੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਪਾਵਰਕਾਮ ਵੱਲੋਂ ਕਿਹਾ ਗਿਆ ਹੈ ਕਿ ਹੜਤਾਲ ‘ਤੇ ਗਏ ਮੁਲਾਜ਼ਮਾਂ ਦੀ ਛੁੱਟੀ ਹੋਵੇਗੀ ਤੇ ਸੇਵਾਮੁਕਤ ਹੋਣ ਵਾਲੇ ਕਰਮਚਾਰੀਆਂ ਦੇ ਵਿੱਤੀ ਲਾਭ ਬੰਦ ਕਰ ਦਿੱਤੇ ਜਾਣਗੇ। ਇਸ ਐਕਟ ਤਹਿਤ ਜਿਹੜੇ ਵੀ ਮੁਲਾਜ਼ਮ ਹੜਤਾਲ ‘ਤੇ ਜਾਂਦੇ ਹਨ, ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਹੋ ਸਕਦੀ ਹੈ। ਉਕਤ ਲੋਕਾਂ ਨੂੰ ਮੁਅੱਤਲ ਕੀਤਾ ਜਾ ਸਕਦਾ ਹੈ ਅਤੇ ਕੰਮ ਤੋਂ ਵੀ ਛੁੱਟੀ ਕੀਤੀ ਜਾ ਸਕਦੀ ਹੈ ਤੇ ਨਿਯਮਾਂ ਦੀ ਉਲੰਘਣਾ ਕਰਨ ‘ਤੇ 6 ਮਹੀਨੇ ਤੱਕ ਦੀ ਜੇਲ੍ਹ ਵੀ ਹੋ ਸਕਦੀ ਹੈ।
ਇਹ ਵੀ ਪੜ੍ਹੋ : ਬੁਢਲਾਡਾ : 2 ਸਕੇ ਭਰਾਵਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ, ਸਦਮੇ ਵਿਚ ਪੂਰਾ ਪਰਿਵਾਰ
ਦੱਸ ਦੇਈਏ ਕਿ ਬਿਜਲੀ ਮੁਲਾਜ਼ਮ ਏਕਤਾ ਮੰਚ ਨੇ 11 ਤੋਂ 13 ਅਗਸਤ ਤੱਕ ਤਿੰਨ ਦਿਨਾਂ ਦੀ ਸਮੂਹਿਕ ਛੁੱਟੀ ਲੈ ਕੇ ਹੜਤਾਲ ਦਾ ਐਲਾਨ ਕੀਤਾ ਹੈ ਤੇ ਪਾਵਰਕਾਮ ਵਲੋਂ ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਆਮ ਜਨਤਾ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਵੀਡੀਓ ਲਈ ਕਲਿੱਕ ਕਰੋ -:
























