PPCB four departments will be reorganized : ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕੈਬਨਿਟ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਸਮੇਤ ਚਾਰ ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਤਾਂ ਜੋ ਪੁਰਾਤੱਤਵ, ਗ਼ੈਰ ਜ਼ਰੂਰੀ ਅਤੇ ਲੰਮੇ ਸਮੇਂ ਦੀਆਂ ਖਾਲੀ ਅਸਾਮੀਆਂ ਥਾਂ ‘ਤੇ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕੀਤੇ ਜਾ ਸਕਣ। ਇਸ ਪੜਾਅ ਵਿਚ ਗਵਰਨੈਂਸ ਰਿਫਾਰਮਸ, ਵਾਤਾਵਰਣ ਅਤੇ ਜਲਵਾਯੂ ਤਬਦੀਲੀ ਅਤੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗਾਂ ਦਾ ਪੁਨਰਗਠਨ ਕੀਤਾ ਜਾਵੇਗਾ।
ਪ੍ਰਸ਼ਾਸਨਿਕ ਵਿਭਾਗ ਦੇ ਪੁਨਰਗਠਨ ਨਾਲ 56 ਨਵੀਆਂ ਅਸਾਮੀਆਂ ਪੈਦਾ ਹੋਣ ਦੇ ਨਾਲ 75 ਪੁਰਾਣੀਆਂ ਗੈਰ ਲੋੜੀਂਦੀਆਂ ਅਸਾਮੀਆਂ ਖਤਮ ਕੀਤੀਆਂ ਜਾਣਗੀਆਂ। ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਆਦਿ ਰਾਹੀਂ ਕਾਡਰਾਂ ਵਿੱਚ 20 ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ 57 ਮੌਜੂਦਾ ਸੰਦਰਭਹੀਣ ਅਸਾਮੀਆਂ ਦੀ ਥਾਂ ‘ਤੇ ਵੱਖ-ਵੱਖ ਕਾਡਰਾਂ ਦੀਆਂ 29 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਵੇਲੇ ਵਿਭਾਗ ਕੋਲ ਵੱਖ-ਵੱਖ ਕਾਡਰਾਂ ਦੀਆਂ 615 ਮਨਜ਼ੂਰਸ਼ੁਦਾ ਅਸਾਮੀਆਂ ਹਨ ਜਿਨ੍ਹਾਂ ਵਿਚੋਂ 369 ਭਰੀਆਂ ਗਈਆਂ ਹਨ। ਵਾਤਾਵਰਣ ਤੇ ਮੌਸਮੀ ਤਬਦੀਲੀ ਡਾਇਰੈਕਟੋਰੇਟ (ਡੀ.ਈ.ਸੀ.ਸੀ.) ਦੇ ਪੁਨਰਗਠਨ ਤਹਿਤ ਸਰਕਾਰ ਦਾ ਉਦੇਸ਼ 24 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ ਅਤੇ 7 ਅਸਾਮੀਆਂ ਨੂੰ ਖਤਮ ਕਰਕੇ ਸੂਬੇ ਦੀ ਵਾਤਾਵਰਣ ਸਬੰਧੀ ਕਾਰਜ ਯੋਜਨਾ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨਾ ਹੈ।
ਸਕਾਲਰਸ਼ਿਪ ਵਿੱਚ ਵਾਧਾ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਡਾ. ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਦੀ ਰਕਮ 2500 ਰੁਪਏ ਤੋਂ ਵਧਾ ਕੇ 3000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਯੋਜਨਾ ਅਧੀਨ ਹੁਣ 80 ਫੀਸਦੀ ਅੰਕਾਂ ਦੀ ਬਜਾਏ 90 ਫੀਸਦੀ ਜਾਂ ਇਸ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਇਸ ਦਾ ਲਾਭ ਲੈ ਸਕਣਗੇ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਚਲਾਏ ਆਦਰਸ਼ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਬੋਰਡ ਦੁਆਰਾ ਵਜੀਫੇ ਆਪਣੇ ਫੰਡਾਂ ਵਿਚੋਂ ਦਿੱਤੇ ਜਾਣਗੇ।