Pradhan Mantri Garib Kalyan Ann Yojana: ਜਲੰਧਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਕਡਾਊਨ ਦੌਰਾਨ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਅੱਜ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ 18806 ਯੋਗ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਅਤੇ ਦਾਲ ਵੰਡੀ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਹਦਾਇਤਾਂ ’ਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਗ਼ਰੀਬ ਪਰਿਵਾਰਾ ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ 2820.90 ਕੁਇੰਟਲ ਕਣਕ ਅਤੇ 154.05 ਕੁਇੰਟਲ ਦਾਲ ਮੁਫ਼ਤ ਵੰਡੀ ਗਈ ।
ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਹਰ ਯੋਗ ਲਾਭਪਾਤਰੀ ਨੂੰ 5 ਕਿਲੋ ਮੁਫ਼ਤ ਕਣਕ ਅਤੇ 1 ਕਿਲੋ ਮੁਫ਼ਤ ਦਾਲ ਇੱਕ ਮਹੀਨੇ ਦੇ ਹਿਸਾਬ ਨਾਲ ਤਿੰਨ ਮਹੀਨੇ ਲਈ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਨੇ ਅੱਗੇ ਦੱਸਿਆ ਕਿ 15 ਕਿਲੋ ਕਣਕ ਅਤੇ 3 ਕਿਲੋ ਦਾਲ (ਪਰਿਵਾਰ ਦੇ ਮੈਂਬਰਾਂ ਦੀ ਗਿਣਤੀ ਤੋਂ ਬਗੈਰ )ਸਮਾਰਟ ਕਾਰਡ ਧਾਰਕ ਪ੍ਰਤੀ ਲਾਭਪਾਤਰੀ ਨੂੰ ਡਿਪੂ ਹੋਲਡਰਾਂ ਰਾਹੀਂ ਦੇਣ ਨੂੰ ਯਕੀਨੀ ਬਣਾਇਆ ਗਿਆ ਹੈ ।
ਉਨ੍ਹਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਲਾਕਡਾਊਨ ਦੌਰਾਨ ਹਰ ਲਾਭਪਾਤਰੀ ਖਾਸ ਕਰਕੇ ਗਰੀਬ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ ਵਚਨਬੱਧ ਹੈ ਤਾਂ ਕਿ ਕਿਸੇ ਵਿਕਅਤੀ ਖਾਸ ਕਰਕੇ ਗਰੀਬ ਪਰਿਵਾਰਾਂ ਨੂੰ ਅਨਾਜ ਉਪਲਬੱਧ ਨਾ ਹੋਣ ਕਰਕੇ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਔਖੀ ਘੜੀ ਦੌਰਾਨ ਲੋੜਵੰਦ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।