President approved Jammu-Kashmir : ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਜੰਮੂ ਕਸ਼ਮੀਰ ਦੇ ਅਧਿਕਾਰਤ ਭਾਸ਼ਾਵਾਂ ਬਿੱਲ 2020 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਹੁਣ ਜੰਮੂ-ਕਸ਼ਮੀਰ ਦੀਆਂ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਉਰਦੂ ਅਤੇ ਅੰਗਰੇਜ਼ੀ ਤੋਂ ਇਲਾਵਾ ਕਸ਼ਮੀਰੀ, ਡੋਗਰੀ ਅਤੇ ਹਿੰਦੀ ਵੀ ਸ਼ਾਮਲ ਹੋਵੇਗੀ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਸਰਕਾਰੀ ਭਾਸ਼ਾਵਾਂ ਬਿੱਲ, 2020, ਨੂੰ ਹਾਲ ਹੀ ਵਿੱਚ ਖਤਮ ਹੋਏ ਮੌਨਸੂਨ ਸੈਸ਼ਨ ਵਿੱਚ ਸੰਸਦ ਨੇ ਪਾਸ ਕਰ ਦਿੱਤਾ ਸੀ। ਇੱਕ ਗਜ਼ਟ ਨੋਟੀਫਿਕੇਸ਼ਨ ਅਨੁਸਾਰ, ਜੰਮੂ-ਕਸ਼ਮੀਰ ਸਰਕਾਰੀ ਭਾਸ਼ਾਵਾਂ ਐਕਟ, 2020, ਨੂੰ 26 ਸਤੰਬਰ ਨੂੰ ਰਾਸ਼ਟਰਪਤੀ ਦੀ ਸਹਿਮਤੀ ਮਿਲੀ।
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਕਿਸ਼ਨ ਰੈਡੀ ਨੇ ਸੰਸਦ ਵਿਚ ਕਿਹਾ ਸੀ ਕਿ ਇਹ ਜੰਮੂ-ਕਸ਼ਮੀਰ ਦੇ ਲੋਕਾਂ ਦੀ ਚਿਰੋਕਣੀ ਮੰਗ ਹੈ ਕਿ ਜਿਸ ਭਾਸ਼ਾ ਵਿੱਚ ਉਹ ਬੋਲਦੇ ਹਨ, ਉਸ ਨੂੰ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਲਗਭਗ 74 ਫੀਸਦੀ ਲੋਕ ਕਸ਼ਮੀਰੀ ਅਤੇ ਡੋਗਰੀ ਭਾਸ਼ਾਵਾਂ ਬੋਲਦੇ ਹਨ। ਸਾਲ 2011 ਦੀ ਮਰਦਮਸ਼ੁਮਾਰੀ ਦੇ ਮੁਤਾਬਕ ਜੰਮੂ-ਕਸ਼ਮੀਰ ਦੀ ਸਿਰਫ 0.16 ਫੀਸਦੀ ਆਬਾਦੀ ਉਰਦੂ ਬੋਲਦੀ ਸੀ, ਜਦੋਂਕਿ 2.3 ਪ੍ਰਤੀਸ਼ਤ ਹਿੰਦੀ ਬੋਲਦਾ ਸੀ।