Prisoners will now be able to get : ਕੋਵਿਡ-19 ਸੰਕਟ ਦੇ ਚੱਲਦਿਆਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਰੱਖਣ ਦੇ ਟੀਚੇ ਅਧੀਨ ਪੰਜਾਬ ਸਰਕਾਰ ਨੇ ਪੰਜਾਬ ਚੰਗੇ ਵਿਵਹਾਰ ਕੈਦੀ (ਆਰਜ਼ੀ ਰਿਹਾਈ) ਸੋਧ ਆਰਡੀਨੈਂਸ, 2020 ਜਾਰੀ ਕੀਤਾ, ਜਿਸ ਅਧੀਨ ਕੈਦੀਆਂ ਨੂੰ 16 ਹਫਤਿਆਂ ਬਾਅਦ ਵੀ ਆਰਜ਼ੀ ਪੈਰੋਲ ਦੀ ਇਜਾਜ਼ਤ ਦਿੱਤੀ ਜਾ ਸਕੇਗੀ। ਸੂਬਾ ਸਰਕਾਰ ਨੇ ਇਹ ਕਦਮ ਕੋਰੋਨਾ ਵਾਇਰਸ ਕਰਕੇ ਜੇਲ੍ਹਾਂ ਵਿਚ ਸੋਸ਼ਲ ਡਿਸਟੈਂਸਿੰਗ ਕਾਇਮ ਰਖਣ ਦੇ ਮੱਦੇਨਜ਼ਰ ਚੁੱਕਿਆ ਹੈ।
ਇਸ ਦੀ ਜਾਣਕਾਰੀ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਸ. ਰੰਧਾਵਾ ਨੇ ਕਿਹਾ ਕਿ ਇਸ ਆਰਡੀਨੈਂਸ ਦੇ ਜਾਰੀ ਹੋਣ ਨਾਲ ਕੈਦੀਆਂ ਨੂੰ ਇਕ ਕੈਲੰਡਰ ਸਾਲ ਵਿੱਚ ਆਰਜੀ ਪੈਰੋਲ ਲਈ 16 ਹਫਤਿਆਂ ਦੀ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਆਗਿਆ ਦਿੱਤੀ ਜਾ ਸਕੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਸੰਕਟ ਦੇ ਮੱਦੇਨਜ਼ਰ ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਸੋਸ਼ਲ ਡਿਸਟੈਂਸਿੰਗ ਦਾ ਖਿਆਲ ਰੱਖਣ ਲਈ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਰੱਖਣ ਲਈ ਕੀਤੇ ਜਾ ਰਹੀਆਂ ਕੋਸ਼ਿਸ਼ਾਂ ਨੂੰ ਬਰਕਰਾਰ ਰੱਖ ਸਕਣ।
ਸ. ਰੰਧਾਵਾ ਨੇ ਦੱਸਿਆ ਕਿ ਕੋਵਿਡ ਸੰਕਟ ਦੀ ਸ਼ੁਰੂਆਤ ਵਿੱਚ ਪੰਜਾਬ ਸਰਕਾਰ ਨੇ ਕੁਝ ਕੈਦੀਆਂ ਨੂੰ ਆਰਜ਼ੀ ਪੈਰੋਲ ਦਿੱਤੀ ਸੀ ਤਾਂ ਜੋ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਘੱਟ ਕਾਇਮ ਰਹਿ ਸਕੇ। ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਦੇ ਚੱਲਦਿਆਂ ਹੁਣ ਇਸ ਆਰਡੀਨੈਂਸ ਨੂੰ ਲਿਆਉਣ ਨਾਲ ਕੈਦੀਆਂ ਨੂੰ ਇਕ ਕੈਲੰਡਰ ਸਾਲ ਵਿੱਚ ਆਰਜ਼ੀ ਪੈਰੋਲ ਲਈ 16 ਹਫਤਿਆਂ ਦੀ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਆਗਿਆ ਦਿੱਤੀ ਜਾ ਸਕੇਗੀ। ਜੇਲ੍ਹ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਆਰਡੀਨੈਂਸ ਤਹਿਤ ਹਰ ਤਿਮਾਹੀ ਆਧਾਰ ‘ਤੇ ਆਰਜ਼ੀ ਰਿਹਾਈ ਦੀ ਸ਼ਰਤ ਵੀ ਮੁਆਫ ਕਰ ਦਿੱਤੀ ਹੈ।