ਪੰਜਾਬ ਵਿੱਚ ਅੱਜ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਹੜਤਾਲ ਕਰ ਦਿੱਤੀ ਹੈ। ਪ੍ਰਾਈਵੇਟ ਬੱਸ ਅਪਰੇਟਰਾਂ ਨੇ ਬੱਸਾਂ ਪਾ ਕੇ ਸੜਕਾਂ ਜਾਮ ਕਰ ਦਿੱਤੀਆਂ ਹਨ। ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੰਜਾਬ ਦੇ ਪ੍ਰਾਈਵੇਟ ਬੱਸ ਅਪਰੇਟਰਾਂ ਦੀ ਜਥੇਬੰਦੀ ਪੰਜਾਬ ਮੋਟਰ ਯੂਨੀਅਨ ਨੇ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਅਣਗੌਲਿਆਂ ਕਰਨ ਦੇ ਰੋਸ ਵਜੋਂ ਇੱਕ ਰੋਜ਼ਾ ‘ਚੱਕਾ ਜਾਮ’ ਦਾ ਐਲਾਨ ਕੀਤਾ ਹੈ।
ਯੂਨੀਅਨ ਦਾ ਦੋਸ਼ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਮੁੱਖ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ਹੋਰ ਅਧਿਕਾਰੀਆਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੱਸਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸਰਕਾਰ ਯੂਨੀਅਨ ਨਾਲ ਗੱਲ ਕਰਨ ਨੂੰ ਤਿਆਰ ਨਹੀਂ ਹੈ।
ਯੂਨੀਅਨ ਦੇ ਸਕੱਤਰ ਰਜਿੰਦਰ ਸਿੰਘ ਬਾਜਵਾ ਅਤੇ ਹੋਰ ਅਹੁਦੇਦਾਰਾਂ ਨੇ ਕਿਹਾ ਕਿ ਅੱਜ ਪ੍ਰਾਈਵੇਟ ਬੱਸ ਆਪ੍ਰੇਟਰ ਮੰਦੀ ਦੇ ਦੌਰ ਵਿੱਚੋਂ ਲੰਘ ਰਹੇ ਹਨ ਅਤੇ ਜੇਕਰ ਸਰਕਾਰ ਨੇ ਇਸ ਕਾਰੋਬਾਰ ਨੂੰ ਬਚਾਉਣ ਲਈ ਕੋਈ ਉਪਰਾਲੇ ਨਾ ਕੀਤੇ ਤਾਂ ਇਹ ਕਾਰੋਬਾਰ ਆਪਣੇ ਆਪ ਬੰਦ ਹੋ ਜਾਵੇਗਾ, ਜਿਸ ਨਾਲ ਲੱਖਾਂ ਲੋਕ ਬੇਰੁਜ਼ਗਾਰ ਹੋ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਹੈ, ਜਿਸ ਕਾਰਨ ਪ੍ਰਾਈਵੇਟ ਬੱਸਾਂ ਦੇ ਮਾਲਕਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾਵੇ ਅਤੇ ਇਸ ਲਈ ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਵਿੱਚ ਔਰਤਾਂ ਦੇ ਸਫ਼ਰ ਲਈ ਬਣਦੀ ਰਾਸ਼ੀ ਦਿੱਤੀ ਜਾਵੇ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਕਾਤਲ ਫੌਜੀ, ਕਸ਼ਿਸ਼ ਤੇ ਟੀਨੂ ਟਰਾਂਸਪੋਰਟਰ ਫਾਇਰਿੰਗ ਕੇਸ ‘ਚ ਵੀ ਫਸੇ, ਪੁਲਿਸ ਰਿਮਾਂਡ ਮਿਲਿਆ
ਮੋਟਰ ਵ੍ਹੀਕਲ ਟੈਕਸ ਵਿੱਚ ਰਾਹਤ ਦੀ ਮੰਗ ਕਰਦਿਆਂ ਯੂਨੀਅਨ ਦੇ ਅਧਿਕਾਰੀਆਂ ਨੇ ਕਿਹਾ ਕਿ ਪ੍ਰਾਈਵੇਟ ਬੱਸ ਆਪ੍ਰੇਟਰ ਕੋਰੋਨਾ ਦੇ ਸਮੇਂ ਦੌਰਾਨ ਟੈਕਸ ਡਿਫਾਲਟਰ ਬਣ ਗਏ ਸਨ ਅਤੇ ਪੰਜਾਬ ਸਰਕਾਰ ਨੇ 31 ਦਸੰਬਰ 2020 (6 ਮਹੀਨੇ) ਤੱਕ ਦਾ ਮੋਟਰ ਵਹੀਕਲ ਟੈਕਸ ਮੁਆਫ ਕਰ ਦਿੱਤਾ ਸੀ। ਇਸ ਤੋਂ ਬਾਅਦ 1 ਅਪ੍ਰੈਲ ਤੋਂ 31 ਜੁਲਾਈ, 2021 ਤੱਕ ਕਿਲੋਮੀਟਰ ਦੇ ਅਨੁਪਾਤ ਵਿੱਚ ਮੋਟਰ ਵ੍ਹੀਕਲ ਟੈਕਸ ਮੁਆਫ ਕਰ ਦਿੱਤਾ ਗਿਆ ਸੀ, ਜਦੋਂਕਿ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ 19 ਮਹੀਨਿਆਂ ਲਈ ਟੈਕਸ ਛੋਟ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: