Protests in various districts over : ਜਲੰਧਰ : ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਖਿਲਾਫ ਆਮ ਆਦਮੀ ਪਾਰਟੀ ਤੇ ਸ਼੍ਰੀ ਗੁਰੂ ਰਵਿਦਾਸ ਸੰਘਰਸ਼ ਕਮੇਟੀ ਦੇ ਵਰਕਰ ਸੜਕਾਂ ’ਤੇ ਉਤਰ ਆਏ ਹਨ। ਵੀਰਵਾਰ ਨੂੰ ਵੀ ਘਪਲੇ ਦੇ ਮਾਮਲੇ ਵਿਚ ’ਆਪ’ ਦੇ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਅਗਵਾਈ ਵਿਚ ’ਆਪ’ ਨੇਤਾਵਾਂ ਨੇ ਤਰਨਤਾਰਨ ਜ਼ਿਲ੍ਹੇ ਦੇ ਡੀਸੀ ਦਪਤਰ ਦੇ ਅੱਗੇ ਧਰਨਾ ਦਿੱਤਾ ਗਿਆ। ਉਨ੍ਹਾਂ ਦੋਸ਼ੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਉਥੇ ਧਰਮਸੋਤ ਦੀ ਪਟਿਆਲਾ ਦੀ ਨਾਭਾ ਸਥਿਤ ਰਿਹਾਇਸ਼ ’ਤੇ ਵੀ ਆਮ ਆਦਮੀ ਪਾਰਟੀ ਨੇਤਾ ਧਰਨਾ ਦੇ ਰਹੇ ਹਨ।
ਜਲੰਧਰ ’ਚ ਸ਼੍ਰੀ ਗੁਰੂ ਰਵਿਦਾਸ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਰੋਬਿਨ ਸਾਂਪਲਾ ਦੀ ਅਗਵਾਈ ਵਿਚ ਧਰਮਸੋਟ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੁਜ਼ਾਹਰਾਕਾਰੀਆਂ ਨੇ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਅਤੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ। ਉਥੇ ਹੀ ਬੀਤੇ ਦਿਨ ਆਮ ਆਦਮੀ ਪਾਰਟੀ ਅਤੇ ਯੂਥ ਅਕਾਲੀ ਦਲ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁਤਲੇ ਫੂਕੇ ਅਤੇ ਉਨ੍ਹਾਂ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ।
ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਬਠਿੰਡਾ, ਹੁਸ਼ਿਆਰਪੁਰ, ਪਠਾਨਕੋਟ ਤੇ ਪਟਿਆਲਾ ਸਣੇ ਸਾਰੇ ਪ੍ਰਮੁੱਖ ਸ਼ਹਿਰਾਂ ਵਿੱਚ ’ਆਪ’ ਅਤੇ ਯੂਥ ਅਕਾਲੀ ਦਲ ਵਰਕਰਾਂ ਨੇ ਮੁਜ਼ਾਹਰੇ ਕਰਕੇ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਲੁਧਿਆਣਾ ਵਿੱਚ ਯੂਥ ਅਕਾਲੀ ਦਲ ਨੇ ਧਰਮਸੋਤ ਖਿਲਾਫ ਐੱਫਆਈਆਰ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ, ਜਦਕਿ ਆਮ ਆਦਮੀ ਪਾਰਟੀ ਨੇ ਡੀਸੀ ਰਾਹੀਂ ਮੁੱਖ ਮੰਤਰੀ ਨੂੰ ਮੰਗਪੱਤਰ ਭੇਜ ਕੇ ਧਰਮਸੋਤ ਦਾ ਅਸਤੀਫਾ ਮੰਗਿਆ।
ਦੱਸਣਯੋਗ ਹੈ ਕਿ ਸਮਾਜਿਕ ਨਿਆਂ, ਅਧਿਕਾਰਿਤਾ ਅਤੇ ਘੱਟਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਨੂੰ ਲੈ ਕੇ ਅਡੀਸ਼ਨਲ ਚੀਫ ਸੈਕਟਰੀ ਕ੍ਰਿਪਾ ਸ਼ੰਕਰ ਸਰੋਜ ਦੀ ਰਿਪੋਰਟ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੇਰੇ ਵਿਭਾਗ ਦੇ ਅਧਿਕਾਰੀ ਜਾਂਚ ਕਰ ਰਹੇ ਹਨ ਅਤੇ ਇਸ ਦੇ ਬਾਰੇ ’ਚ ਨਾ ਮੈਨੂੰ ਜਾਂਚ ਦੀ ਜਾਣਕਾਰੀ ਦਿੱਤੀ ਗਈ ਅਤੇ ਨਾ ਹੀ ਜਾਂਚ ਰਿਪੋਰਟ ਬਾਰੇ। ਮੀਡੀਆ ਰਾਹੀਂ ਹੀ ਮੈਨੂੰ ਪਤਾ ਲੱਗਾ ਹੈ ਕਿ ਮੇਰੇ ’ਤੇ ਦੋਸ਼ ਲੱਗੇ ਹਨ। ਉਨ੍ਹਾਂ ਕਿਹਾ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੋਈ ਘਪਲਾ ਨਹੀਂ ਹੋਇਆ ਹੈ, ਇਸ ਸਬੰਧੀ ਸਾਰੇ ਰਿਕਾਰਡ ਮੌਜੂਦ ਹਨ।