Punjab Agro contributed : ਲੌਕਡਾਊਨ ਕਾਰਨ ਪੂਰੇ ਪੰਜਾਬ ਨੂੰ ਬਹੁਤ ਵੱਡੇ ਆਰਥਿਕ ਸੰਕਟ ‘ਚੋਂ ਲੰਘਣਾ ਪੈ ਰਿਹਾ ਹੈ। ਲੌਕਡਾਊਨ ਦੌਰਾਨ ਹੋਣ ਵਾਲੇ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਖ-ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਸ ਸੰਕਟ ਦੀ ਘੜੀ ਵਿਚ ਮਦਦ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸੇ ਲਈ ਕੈਪਟਨ ਅਮਰਿੰਦਰ ਸਿੰਘ ਦੀ ਦੀ ਅਪੀਲ ‘ਤੇ ਪੰਜਾਬ ਐਗਰੋ ਦੇ ਚੇਅਰਮੈਨਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ‘ਮੁੱਖ ਮੰਤਰੀ ਰਾਹਤ ਫੰਡ ਕੋਵਿਡ-19’ ਵਿੱਚ 21.75 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਐਗਰੋ ਅਤੇ ਸਹਾਇਕ ਯੂਨਿਟਾਂ ਦੇ ਗਰੁੱਪ ਏ ਦੇ ਅਧਿਕਾਰੀਆਂ ਵੱਲੋਂ ਆਪਣੀ ਤਨਖਾਹ ਵਿੱਚੋਂ ਰਾਹਤ ਫੰਡ ਵਿੱਚ 25 ਫੀਸਦੀ ਜਦਕਿ ਬੀ ਤੇ ਸੀ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ 20 ਫੀਸਦੀ ਦਾ ਯੋਗਦਾਨ ਪਾਇਆ ਗਿਆ ਹੈ ਜਦਕਿ ਗਰੁੱਪ ਡੀ ਦੇ ਮੁਲਾਜ਼ਮਾਂ ਨੇ ਆਪਣੀ ਤਨਖਾਹ ਦਾ 15 ਫੀਸਦੀ ਦਾ ਹਿੱਸਾ ਪਾਇਆ ਹੈ।
ਇਸੇ ਦੌਰਾਨ ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਾਜੀਤ ਖੰਨਾ ਨੇ ਪੰਜਾਬ ਐਗਰੋ ਦੇ ਸਮੂਹ ਸਟਾਫ ਵੱਲੋਂ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨਾਲ ਇਕਜੁਟਤਾ ਪ੍ਰਗਟਾਉਣ ਲਈ ਕੀਤੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ। ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਆਰ. ਐੱਸ. ਪਾਲੀ ਅਤੇ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਪਰਸਨ ਗੀਤਾ ਸ਼ਰਮਾ ਨੇ ਵੀ ਇਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਪਾਇਆ ਹੈ। ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਅਤੇ ਪੰਜਾਬ ਐਗਰੋ ਜੂਸ ਲਿਮਟਿਡ ਦੇ ਚੇਅਰਮੈਨ ਕੁਲਵੰਤ ਸਿੰਘ ਜੋ ਪਹਿਲਾਂ ਹੀ ਆਨਰੇਰੀ ਆਧਾਰ ‘ਤੇ ਅਹੁਦੇ ਦੀ ਸੇਵਾ ਨਿਭਾ ਰਹੇ ਹਨ, ਨੇ ਅਦਾਰੇ ਦੇ ਮੁਲਾਜ਼ਮਾਂ ਵਲੋਂ ਕੀਤੀ ਮਦਦ ਦੀ ਸ਼ਲਾਘਾ ਕੀਤੀ ਹੈ।
ਪੰਜਾਬ ਸਰਕਾਰ ਵਲੋਂ ਹੌਟਸਪਾਟ ਖੇਤਰਾਂ ਨੂੰ ਛੱਡ ਕੇ ਸਵੇਰੇ 7 ਤੋਂ ਲੈ ਕੇ 11 ਵਜੇ ਤਕ ਛੋਟ ਦਿੱਤੀ ਗਈ ਹੈ ਤੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਦਾ ਗਲਤ ਫਾਇਦਾ ਨਾ ਚੁੱਕਣ ਕਿਉਂਕਿ ਪੰਜਾਬ ਵਿਚ ਕੋਰੋਨਾ ਪਾਜੀਟਿਵ ਕੇਸਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਇਸ ਨੂੰ ਲੋਕਾਂ ਦੀ ਮਦਦ ਨਾਲ ਹੀ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਲਈ ਆਮ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਇਸ ਔਖੀ ਘੜੀ ਵਿਚ ਪ੍ਰਸ਼ਾਸਨ ਦਾ ਸਾਥ ਦੇਵੇ।