ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਯਾਨੀ ਕਿ ਸ਼ੁੱਕਰਵਾਰ ਨੂੰ 16ਵੀਂ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗਾ ਅਤੇ ਸੈਸ਼ਨ ਦੀ ਲਾਈਵ ਕਾਰਵਾਈ ਪੰਜਾਬ ਸਰਕਾਰ ਅਤੇ ਸੀਐਮਓ ਦੇ ਫੇਸਬੁੱਕ, ਟਵਿੱਟਰ ਅਤੇ ਯੂਟਿਊਬ ਹੈਂਡਲ ‘ਤੇ ਉਪਲਬਧ ਕਰਵਾਈ ਜਾਵੇਗੀ। ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਵਿਧਾਨ ਸਭਾ ਦੇ ਉਕਤ ਵਿਸ਼ੇਸ਼ ਸੈਸ਼ਨ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ । ਇਸ ਵਿਸ਼ੇਸ਼ ਸੈਸ਼ਨ ਵਿੱਚ ਸੂਬਾ ਸਰਕਾਰ ਯੂਟੀ ਚੰਡੀਗੜ੍ਹ ਵਿੱਚ ਕੇਂਦਰੀ ਸੇਵਾ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਖ਼ਿਲਾਫ਼ ਮਤਾ ਪਾਸ ਕਰ ਸਕਦੀ ਹੈ।
ਵਿਰੋਧੀ ਪਾਰਟੀਆਂ ਵੱਲੋਂ ਵੀ ਇਸ ਦਾ ਸਵਾਗਤ ਕੀਤਾ ਗਿਆ ਹੈ ਪਰ ਸਰਕਾਰ ਨੂੰ ਚੰਡੀਗੜ੍ਹ ਬਾਰੇ ਵੱਡਾ ਸਟੈਂਡ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਮਤਾ ਪਾਸ ਕਰਨ ਦੀ ਖਾਨਾਪੂਰਤੀ ਨਾ ਕੀਤੀ ਜਾਵੇ। ਇਸ ਬਾਰੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ। ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ । ਪੰਜਾਬ ਦੇ 60% ਮੁਲਾਜ਼ਮ ਇੱਥੇ ਕੰਮ ਕਰਦੇ ਸਨ। ਪੰਜਾਬ ਤੋਂ ਉਸ ਦੇ ਹੱਕ ਖੋਹੇ ਜਾ ਰਹੇ ਹਨ।
ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਧਾਇਕਾਂ ਨੂੰ ਪੈਨਸ਼ਨ ਦੇਣ ਦੇ ਫੈਸਲੇ ਸਮੇਤ ਹਾਲ ਹੀ ਵਿੱਚ ਕੀਤੇ ਗਏ ਵੱਖ-ਵੱਖ ਐਲਾਨਾਂ ‘ਤੇ ਵੀ ਮੋਹਰ ਲਗਾਈ ਜਾ ਸਕਦੀ ਹੈ। ਸੂਤਰਾਂ ਅਨੁਸਾਰ ਭਗਵੰਤ ਮਾਨ ਸਰਕਾਰ ਸਦਨ ਵਿੱਚ ਚੰਡੀਗੜ੍ਹ ਦੇ ਮੁੱਦੇ ‘ਤੇ ਚਰਚਾ ਕਰਵਾ ਸਕਦੀ ਹੈ। ਇਸ ਸਬੰਧੀ ਕੇਂਦਰ ਦੇ ਨੋਟੀਫਿਕੇਸ਼ਨ ਖਿਲਾਫ਼ ਨਿੰਦਾ ਪ੍ਰਸਤਾਵ ਪਾਸ ਕਰਕੇ ਕੇਂਦਰ ਤੋਂ ਇਹ ਫੈਸਲਾ ਵਾਪਸ ਲੈਣ ਦੀ ਮੰਗ ਕਰ ਸਕਦੀ ਹੈ, ਕਿਉਂਕਿ ਇਹ ਪੰਜਾਬ ਅਤੇ ਪੰਜਾਬੀਆਂ ਦੇ ਮਾਣ-ਸਨਮਾਨ ਨਾਲ ਜੁੜਿਆ ਮੁੱਦਾ ਹੈ। ਇਸ ਤੋਂ ਇਲਾਵਾ ਸਾਰੀਆਂ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਕੇਂਦਰ ਦੇ ਦਬਾਅ ਵਿੱਚ ਆਉਣ ਦਾ ਦੋਸ਼ ਵੀ ਲਗਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: