Punjab becomes leading state : ਸੂਬੇ ਵਿਚ ਲੌਕਡਾਊਨ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ ਇਸ ਲਈ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਆਨਲਾਈਨ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਉਪਰਾਲਿਆਂ ਸਦਕਾ ਹੀ ਪੰਜਾਬ ਆਨਲਾਈਨ ਸਿੱਖਿਆ ਵਿਚ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਸਿੱਖਿਆ ਮੰਤਰੀ ਵਲੋਂ ਦੂਰਦਰਸ਼ਨ ‘ਤੇ ਵੀ ਆਨਲਾਈਨ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਲੌਕਡਾਊਨ ਦੌਰਾਨ ਵਿਦਿਆਰਥੀ ਸਕੂਲ ਨਹੀਂ ਜਾ ਸਕੇ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਆਨਲਾਈਨ ਸਿੱਖਿਆ ਦਾ ਪ੍ਰਬੰਧ ਪੰਜਾਬ ਸਿੱਖਿਆ ਵਿਭਾਗ ਵਲੋਂ ਕੀਤਾ ਗਿਆ ਤੇ ਇਸ ਸਹੂਲਤ ਰਾਹੀਂ ਹੁਣ ਸਰਕਾਰੀ ਸਕੂਲਾਂ ਦੇ ਲਗਭਗ 25 ਲੱਖ ਵਿਦਿਆਰਥੀ ਆਨਲਾਈਨ ਸਿੱਖਿਆ ਦਾ ਲਾਭ ਲੈ ਰਹੇ ਹਨ।
ਡੀ. ਡੀ. ਪੰਜਾਬੀ ‘ਤੇ ਸਟੇਟ ਐਵਾਰਡੀ ਲੈਕਚਰਾਰ ਅਤੇ ਸਾਹਿਤਕਾਰ ਡਾ. ਜਗਦੀਪ ਸੰਧੂ ਸ. ਮਾਨਾ ਸਿੰਘ ਵਾਲਾ ਦਾ ਸ੍ਰੀ ਗੁਰੂ ਅਰਜਨ ਦੇਵ ਜੀ ਬਾਣੀ ਦੀ ਵਿਆਖਿਆ ਨਾਲ ਸਬੰਧਤ ਲੈਕਚਰ ਦਿਖਾਇਆ ਗਿਆ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਲਾਭਦਾਇਕ ਸਿੱਧ ਹੋ ਸਕਦੇ ਹਨ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਸਮੇਂ-ਸਮੇਂ ‘ਤੇ ਮਾਪਿਆਂ ਤੇ ਅਧਿਆਪਕਾਂ ਨਾਲ ਵੀ ਰੂ-ਬ-ਰੂ ਹੁੰਦੇ ਰਹਿੰਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵੀ ਪੁੱਛਦੇ ਹਨ। ਪਿਛਲੇ ਦਿਨੀਂ ਪ੍ਰਾਈਵੇਟ ਸਕੂਲਾਂ ਵਲੋਂ ਫੀਸ ਦਾ ਮੁੱਦਾ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ। ਇਸ ਲਈ ਸਿੱਖਿਆ ਮੰਤਰੀ ਵਲੋਂ ਆਨਲਾਈਨ ਵਾਰਤਾ ਰਾਹੀਂ ਇਸ ਸਮੱਸਿਆ ਦਾ ਹੱਲ ਲੱਭਿਆ ਗਿਆ ਤੇ ਫੈਸਲਾ ਲਿਆ ਗਿਆ ਕਿ ਪ੍ਰਾਈਵੇਟ ਸਕੂਲ ਫੀਸ ਦਾ 70 ਫੀਸਦੀ ਹਿੱਸਾ ਮਾਪਿਆਂ ਤੋਂ ਵਸੂਲ ਸਕਣਗੇ ਤਾਂ ਜੋ ਸਕੂਲ ਪ੍ਰਬੰਧਕ ਅਧਿਆਪਕਾਂ ਦੀਆਂ ਤਨਖਾਹਾਂ ਦੇ ਸਕਣ।