ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਇਥੇ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਇਥੋਂ ਜਾਰੀ ਬਿਆਨ ਵਿੱਚ ਉਨ੍ਹਾਂ ਦੱਸਿਆ ਕਿ ਸੂਬੇ ਦੇ ਯੋਗ ਪਾਏ ਗਏ 26 ਲੱਖ 21 ਹਜ਼ਾਰ 201 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕਰਨ ਲਈ ਸੂਬਾ ਸਰਕਾਰ ਨੇ ਇਸ ਵਿੱਤੀ ਵਰ੍ਹੇ ਦੌਰਾਨ 4000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜ਼ੂਰੀ ਪਿੱਛੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ 1 ਜੁਲਾਈ ਤੋਂ ਇਹ ਵਾਧਾ ਲਾਗੂ ਕਰ ਦਿੱਤਾ ਗਿਆ ਸੀ, ਜਿਸ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਅਗਸਤ ਮਹੀਨੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।
ਜਿਕਰਯੋਗ ਹੈ ਕਿ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ) ਕਰਨ ਦੇ ਮੱਦੇਨਜ਼ਰ 2021-22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖ਼ਰਚਿਆਂ ਦੇ ਮੁਕਾਬਲੇ 72 ਫ਼ੀਸਦੀ ਵਾਧਾ ਦਰਸਾਉਂਦਾ ਹੈ।
ਸਾਲ 2019-20 ਅਤੇ 2020-21 ਵਿੱਚ ਕ੍ਰਮਵਾਰ 2,089 ਕਰੋੜ ਅਤੇ 2,277 ਕਰੋੜ ਰੁਪਏ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਵੰਡੀ ਗਈ, ਜੋ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਾਲ 2016-17 ਵਿੱਚ ਦਿੱਤੀ ਮਹਿਜ਼ 747 ਕਰੋੜ ਰੁਪਏ ਦੀ ਪੈਨਸ਼ਨ ਨਾਲੋਂ ਤਿੰਨ ਗੁਣਾ ਵੱਧ ਬਣਦੀ ਹੈ। ਸਾਲ 2020-21 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 13 ਲੱਖ ਲਾਭਪਾਤਰੀਆਂ ਸਮੇਤ ਕੁੱਲ 25.55 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ।
ਇਹ ਵੀ ਪੜ੍ਹੋ : IPS ਸੋਨਾਲੀ ਮਿਸ਼ਰਾ ਨੇ ਸੰਭਾਲੀ ਪੰਜਾਬ ਫਰੰਟੀਅਰ ਦੀ ਕਮਾਨ- ਪਹਿਲੀ ਵਾਰ ਮਹਿਲਾ ਅਧਿਕਾਰੀ ਦੇ ਹੱਥਾਂ ‘ਚ ਅਟਾਰੀ ਬਾਰਡਰ ਦੀ ਸੁਰੱਖਿਆ
ਅਰੁਨਾ ਚੌਧਰੀ ਨੇ ਦੱਸਿਆ ਕਿ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ 17,64,909 ਬਜ਼ੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਦੁੱਗਣੀ ਪੈਨਸ਼ਨ ਦਾ ਲਾਭ ਮਿਲੇਗਾ।