Punjab CM will meet : ਕਿਸਾਨਾਂ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਕੇਂਦਰੀ ਮੰਤਰੀਆਂ ਨਾਲ ਕਿਸਾਨ ਜਥੇਬੰਦੀਆਂ ਦੀ ਕੱਲ੍ਹ ਹੋਣ ਵਾਲੀ ਮੀਟਿੰਗ ‘ਤੇ ਹਰ ਕਿਸੇ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸੇ ਵਿਚਾਲੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੱਲ੍ਹ ਵੀਰਵਾਰ ਮਿਲਣਗੇ। ਕੈਪਟਨ ਹਵਾਈ ਮਾਰਗ ਰਾਹੀਂ ਦਿੱਲੀ ਪਹੁੰਚਣਗੇ।
ਇਹ ਮੀਟਿੰਗ 12 ਵਜੇ ਤੋਂ ਪਹਿਲਾਂ ਹੀ ਹੋਵੇਗੀ ਕਿਉਂਕਿ 12 ਵਜੇ ਕੇਂਦਰੀ ਮੰਤਰੀਆਂ ਦੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਬੈਠਕ ਹੋਣੀ ਤੈਅ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਕਿਸਾਨ ਜਥੇਬੰਦੀਆਂ ਨਾਲ ਕੇਂਦਰ ਦੀ ਹੋਣ ਵਾਲੀ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮਲ ਨਹੀਂ ਹੋਣਗੇ। 3 ਦਸੰਬਰ ਨੂੰ ਹੋਣ ਵਾਲੀ ਕੇਂਦਰ ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨ ਜਥੇਬੰਦੀਆਂ ਦੀ ਇਸ ਅਹਿਮ ਮੀਟਿੰਗ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗ੍ਰਹਿ ਮੰਤਰੀ ਨੂੰ ਮਿਲਣਾ ਮੀਟਿੰਗ ਵਿੱਚ ਵੱਡੀ ਭੂਮਿਕਾ ਨਿਭਾ ਸਕਦਾ ਹੈ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਵੱਡੀ ਗਿਣਤੀ ‘ਚ ਪੰਜਾਬ, ਹਰਿਆਣਾ ਦੇ ਕਿਸਾਨਾਂ ਨੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨਵੇਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦਾ ਵਿਸ਼ੇਸ ਸੈਸ਼ਨ ਬੁਲਾਵੇ।ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਜੇਕਰ ਖੇਤੀ ਕਾਨੂੰਨਾਂ ਨਾਲ ਜੁੜੀਆਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ ਤਾਂ ਫਿਰ ਉਹ ਹੋਰ ਕਦਮ ਚੁੱਕਣਗੇ, ਅੰਦੋਲਨ ਹੋਰ ਤੇਜ਼ ਕੀਤੇ ਜਾਣਗੇ।ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਆਗੂਆਂ ਨੇ ਪੈ੍ਰੱਸ ਕਾਨਫਰੰਸ ‘ਚ ਕਿਹਾ ਹੈ ਕਿ ਜੇਕਰ ਸਰਕਾਰ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ ਤਾਂ ਅਸੀਂ ਦਿੱਲੀ ਦੀਆਂ ਹੋਰ ਸੜਕਾਂ ਬਲਾਕ ਕਰਾਂਗੇ।ਕਿਸਾਨ ਨੇਤਾ ਗੁਰਨਾਮ ਸਿੰਘ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਤਾਂ ਅਸੀਂ ਸੰਘਰਸ਼ ਹੋਰ ਤੇਜ ਕਰਾਂਗੇ।ਦੂਜੇ ਪਾਸੇ ਕਿਸਾਨ ਆਗੂ ਦਰਸ਼ਨ ਪਾਲ ਨੇ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਹੋਏ ਕਿਹਾ ਕੇਂਦਰ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦਾ ਵਿਸੇਸ਼ ਸੈਸ਼ਨ ਬੁਲਾਉਣਾ ਚਾਹੀਦਾ।