Punjab CM will now hold a dharna : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਖਿਲਾਫ ਦਿੱਲੀ ਵਿਖੇ ਰਾਜਘਾਟ ’ਤੇ ਧਰਨਾ ਦੇਣ ਦਾ ਫੈਸਲਾ ਕੀਤਾ ਸੀ ਪਰ ਹੁਣ ਇਸ ਦੀ ਥਾਂ ਬਦਲ ਦਿੱਤੀ ਗਈ ਹੈ। ਹੁਣ ਮੁੱਖ ਮੰਤਰੀ ਰਾਜਘਾਟ ਦੀ ਥਾਂ ਜੰਤਰ-ਮੰਤਰ ਵਿਖੇ ਧਰਨਾ ਦੇਣਗੇ। ਦੱਸਣਯੋਗ ਹੈ ਕਿ ਇਹ ਫ਼ੈਸਲਾ ਦਿੱਲੀ ਪੁਲਿਸ ਦੀ ਸਲਾਹ ਮੁਤਾਬਕ ਲਿਆ ਗਿਆ ਹੈ। ਦਿੱਲੀ ਪੁਲਿਸ ਨੇ ਕੁਝ ਸੁਰੱਖ਼ਿਆ ਕਾਰਨਾਂ ਅਤੇ ਹੋਰ ਪਾਬੰਦੀਆਂ ਦਾ ਹਵਾਲਾ ਦਿੱਤਾ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਨੂੰ ਮਨਜ਼ੂਰ ਕਰਦਿਆਂ ਧਰਨੇ ਵਾਲੀ ਥਾਂ ਨੂੰ ਬਦਲ ਦਿੱਤਾ ਹੈ। ਹੁਣ ਨਵੇਂ ਪ੍ਰੋਗਰਾਮ ਮੁਤਾਬਕ ਮੁੱਖ ਮੰਤਰੀ 12 ਵਜੇ ਰਾਜਘਾਟ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਸਮਾਧ ’ਤੇ ਪਹੁੰਚਣਗੇ। ਉਥੇ ਉਹ ਸ਼ਰਧਾ ਦੇ ਫੁੱਲ ਭੇਂਟ ਕਰਨ ਤੋਂ ਬਾਅਦ ਜੰਤਰ ਮੰਤਰ ਜਾ ਕੇ ਧਰਨਾ ਦੇਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਖੇਤੀ ਸੋਧ ਬਿੱਲ ਪਾਸ ਕੀਤੇ ਗਏ ਸਨ। ਇਸ ਸੰਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅੱਜ 4 ਨਵੰਬਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੀਟਿੰਗ ਸੀ। ਪਰ ਰਾਸ਼ਟਰਪਤੀ ਨੇ ਬਿੱਲ ਅਜੇ ਸੂਬੇ ਦੇ ਰਾਜਪਾਲ ਕੋਲ ਪੈਂਡਿੰਗ ਹੋਣ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੂੰ ਮਿਲਣ ਤੋਂ ਨਾਂਹ ਕਰ ਦਿੱਤੀ। ਇਸ ਤੋਂ ਬਾਅਦ ਕੈਪਟਨ ਨੇ ਦਿੱਲੀ ਵਿੱਚ ਰਾਜਘਾਟ ਵਿਖੇ ਧਰਨਾ ਦੇਣ ਦਾ ਫੈਸਲਾ ਲਿਆ ਸੀ, ਜੋਕਿ ਹੁਣ ਜੰਤਰ ਮੰਤਰ ਵਿਖੇ ਦਿੱਤਾ ਜਾਵੇਗਾ।
ਉਥੇ ਹੀ ਭਾਰਤੀ ਰੇਲਵੇ ਨੇ ਪੰਜਾਬ ਵਿੱਚ ਜਾਰੀ ਕਿਸਾਨ ਅੰਦੋਲਨ ਕਾਰਨ ਮਾਲ ਗੱਡੀਆਂ ਦੀ ਆਵਾਜਾਈ 7 ਨਵੰਬਰ ਤੱਕ ਬੰਦ ਕਰ ਦਿੱਤੀਆਂ ਹਨ । ਇਸ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਜੇ ਪੰਜਾਬ ਸਰਕਾਰ ਰੇਲਵੇ ਟਰੈਕਾਂ ਅਤੇ ਮਾਲ ਗੱਡੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੀ ਹੈ ਤਾਂ ਸਿਰਫ ਮਾਲ ਗੱਡੀਆਂ ਹੀ ਚਲਾਈਆਂ ਜਾਣਗੀਆਂ । ਮਾਲ ਗੱਡੀਆਂ ਬੰਦ ਹੋਣ ਕਾਰਨ ਰਾਜ ਵਿੱਚ ਥਰਮਲ ਪਾਵਰ ਪਲਾਂਟਾਂ ਨੂੰ ਕੋਲਾ ਸਪਲਾਈ ਨਹੀਂ ਕੀਤਾ ਜਾ ਰਿਹਾ ਹੈ । ਜਿਸ ਨਾਲ ਬਿਜਲੀ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ। ਰਾਜ ਵਿਚ ਜ਼ਰੂਰੀ ਵਸਤਾਂ ਦੀ ਸਪਲਾਈ ‘ਤੇ ਵੀ ਮਾੜਾ ਪ੍ਰਭਾਵ ਪੈ ਰਿਹਾ ਹੈ । ਰਾਜ ਵਿੱਚ ਰੇਲ ਗੱਡੀਆਂ ਨਾ ਚੱਲਣ ਕਾਰਨ ਪਾਵਰ ਪਲਾਂਟ ਦੇ ਬੰਦ ਹੋਣ ਕਾਰਨ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਨੂੰ ਵੀ ਧਰਨੇ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ।