Punjab Cultural Council writes to Center : ਚੰਡੀਗੜ੍ਹ : ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਦੋ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕੜਾਕੇ ਦੀ ਠੰਡ ਵਿੱਚ ਵੀ ਡਟੇ ਹੋਏ ਹਨ। ਇਸ ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 162 ਕਿਸਾਨ ਸ਼ਹੀਦ ਹੋ ਚੁੱਕੇ ਹਨ, ਜਿਨ੍ਹਾਂ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ ਅਤੇ ਮੱਧ ਪ੍ਰਦੇਸ ਦੇ 149 ਕਿਸਾਨ ਸ਼ਾਮਲ ਹਨ। ਇਸ ਤੋਂ ਇਲਾਵਾ ਪੰਜਾਬ ਵਿਚ ਧਰਨਿਆਂ ਅਤੇ ਰੇਲ ਰੋਕੇ ਮੋਰਚੇ ਦੌਰਾਨ ਸਤੰਬਰ ਤੋਂ 24 ਨਵੰਬਰ, 2020 ਤੱਕ 13 ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਹਨ। ਪੰਜਾਬੀ ਕਲਚਰਲ ਕੌਂਸਲ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਇਨ੍ਹਾਂ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਐਕਸ-ਗ੍ਰੇਸ਼ੀਆ ਲਾਭ ਅਧੀਨ 25-25 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਕੌਂਸਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਅਤੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਨਿੱਜੀ ਦਖਲ ਦੇਣ ਲਈ ਕਿਹਾ ਹੈ।
ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਅਤੇ ਵਾਈਸ ਚੇਅਰਮੈਨ ਤੇਜਿੰਦਰਪਾਲ ਸਿੰਘ ਨਲਵਾ ਸੀਨੀਅਰ ਵਕੀਲ ਸੁਪਰੀਮ ਕੋਰਟ ਇਸ ਸੰਬੰਧੀ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਚਿੱਠੀ ਲਿਖੀ ਹੈ। 25 ਨਵੰਬਰ, 2020 ਤੋਂ ਦਿੱਲੀ ਦੀਆਂ ਸਰਹੱਦਾਂ ਉਤੇ ਕਾਲ਼ੇ ਕਿਸਾਨੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨਾਂ ਦੌਰਾਨ ਚਾਰ ਰਾਜਾਂ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਪੰਜਾਬ ਦੇ ਕਿਸਾਨਾਂ ਵਿੱਚੋਂ ਸੰਗਰੂਰ ਜਿਲੇ ਨਾਲ ਸਬੰਧਤ 22 ਕਿਸਾਨ, ਮਾਨਸਾ ਅਤੇ ਪਟਿਆਲਾ ਦੇ 14-14, ਬਰਨਾਲਾ ਦੇ 9, ਬਠਿੰਡਾ ਅਤੇ ਲੁਧਿਆਣਾ ਦੇ 8-8, ਸ੍ਰੀ ਫਤਹਿਗੜ ਸਾਹਿਬ ਅਤੇ ਫਾਜ਼ਿਲਕਾ ਤੋਂ 7-7, ਸ੍ਰੀ ਮੁਕਤਸਰ ਸਾਹਿਬ ਅਤੇ ਅੰਮ੍ਰਿਤਸਰ ਤੋਂ 6-6 ਕਿਸਾਨ ਸ਼ਾਮਲ ਹਨ। ਮੋਗਾ, ਹੁਸ਼ਿਆਰਪੁਰ, ਫਿਰੋਜਪੁਰ ਅਤੇ ਐਸਬੀਐਸ ਨਗਰ ਦੇ 5-5, ਮੋਹਾਲੀ, ਰੂਪਨਗਰ, ਗੁਰਦਾਸਪੁਰ ਅਤੇ ਜਲੰਧਰ ਤੋਂ 3-3, ਤਰਨਤਾਰਨ ਜਿਲੇ ਦੇ 2 ਸ਼ਹੀਦ ਕਿਸਾਨ ਸ਼ਾਮਲ ਹਨ। ਇਸ ਤੋਂ ਇਲਾਵਾ ਹਰਿਆਣਾ ਤੋਂ 9 ਕਿਸਾਨ, ਉੱਤਰ ਪ੍ਰਦੇਸ਼ ਦੇ 3 ਅਤੇ ਮੱਧ ਪ੍ਰਦੇਸ਼ ਤੋਂ ਇੱਕ ਕਿਸਾਨ ਨੇ ਆਪਣੀ ਕੁਰਬਾਨੀ ਦਿੱਤੀ ਹੈ।
ਕੌਂਸਲ ਨੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਤੋਂ ਸ਼ਹੀਦ ਕਿਸਾਨਾਂ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਾਲੀ ਸਹਾਇਤਾ ਯਕੀਨੀ ਬਣਾਉਣ ਲਈ ਨਿੱਜੀ ਦਖਲ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨੂੰ ਮਦਦ ਦੇਣ ਲਈ ਸਾਰੇ ਸ਼ਹੀਦ ਹੋਏ ਕਿਸਾਨਾਂ ਦੀ ਇੱਕ ਸੂਚੀ ਵੀ ਕੇਂਦਰੀ ਮੰਤਰੀ ਨੂੰ ਭੇਜੀ ਹੈ।