Punjab freedom fighters families : ਸੰਗਰੂਰ : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਪੰਜਾਬ ਵਿੱਚ ਵੀ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਪੰਜਾਬ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਇਕਜੁੱਟਤਾ ਦਰਸਾਉਣ ਲਈ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਕੋਈ ਸਨਮਾਨ ਨਾ ਲੈਣ ਦਾ ਫੈਸਲਾ ਕੀਤਾ ਹੈ। ਇਹ ਐਲਾਨ ਉਨ੍ਹਾਂ ਨੇ ਸੰਗਰੂਰ ਵਿਖੇ ਸੁਤੰਤਰਤਾ ਸੰਗਰਾਮੀਆਂ ਦੇ ਸੰਗਠਨ ਪੰਜਾਬ ਦੇ ਬੈਨਰ ਹੇਠ ਨੇਤਾ ਜੀ ਸੁਭਾਸ ਚੰਦਰ ਬੋਸ ਦਾ ਜਨਮ ਦਿਵਸ ਰਾਜ ਪੱਧਰੀ ਸਮਾਗਮ ਮੌਕੇ ਕੀਤਾ।
ਸੰਸਥਾ ਦੇ ਪ੍ਰਧਾਨ ਹਰਿੰਦਰ ਖਾਲਸਾ ਨੇ ਕਿਹਾ ਕਿ “ ਰਾਜ ਪੱਧਰੀ ਸਮਾਰੋਹ ਦੌਰਾਨ, ਅਸੀਂ ਫੈਸਲਾ ਲਿਆ ਹੈ ਕਿ ਸਾਨੂੰ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਪ੍ਰਤੀ ਆਪਣਾ ਸਮਰਥਨ ਵਧਾਉਣ ਲਈ ਪੰਜਾਬ ਭਰ ਵਿੱਚ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਰਕਾਰ ਵੱਲੋਂ ਕੋਈ ਸਨਮਾਨ ਪ੍ਰਾਪਤ ਨਹੀਂ ਕੀਤਾ ਜਾਵੇਗਾ। ਸਾਡੇ ਮੈਂਬਰ ਪਹਿਲਾਂ ਹੀ ਖੇਤੀ ਕਾਨੂੰਨਾਂ ਵਿਰੁੱਧ ਵੱਖ-ਵੱਖ ਵਿਰੋਧ ਪ੍ਰਦਰਸ਼ਨਾਂ ਵਿਚ ਹਿੱਸਾ ਲੈ ਰਹੇ ਹਨ”
ਦੱਸਣਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਬਾਰਡਰਾਂ ’ਤੇ ਡਟੇ ਹੋਏ ਹਨ। ਬੀਤੇ ਦਿਨ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ 11ਵੇਂ ਗੇੜ ਦੀ ਗੱਲਬਾਤ ਹੋਈ ਪਰ ਪਹਿਲਾਂ ਵਾਂਗ ਇਹ ਵੀ ਬੇਸਿੱਟਾ ਰਹੀ। ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ’ਤੇ ਡੇਢ ਸਾਲ ਲਈ ਰੋਕ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ, ਜਿਸ ਨੂੰ ਕਿਸਾਨਾਂ ਨੇ ਨਹੀਂ ਮੰਨਿਆ। ਉਨ੍ਹਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਵਾਏ ਬਗੈਰ ਉਹ ਅੰਦੋਲਨ ਖਤਮ ਨਹੀਂ ਕਰਨਗੇ। ਹੁਣ ਕਿਸਾਨਾਂ ਵੱਲੋਂ 26 ਜਨਵਰੀ ਨੂੰ ਕੱਢੀ ਜਾਣ ਵਾਲੀ ਟ੍ਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।