Punjab government withdrew : ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਿੱਧੇ ਤੌਰ ’ਤੇ ਕੇਂਦਰੀ ਸੁਰੱਖਿਆ ਲੈ ਰਹੇ ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪੁਲਿਸ ਸੁਰੱਖਿਆ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਉਨ੍ਹਾਂ ਨੂੰ ਅਮਿਤ ਸ਼ਾਹ ਤੋਂ ਸਿੱਧੀ ਕੇਂਦਰੀ ਸੁਰੱਖਿਆ ਹਾਸਲ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦਾ ਕੋਈ ਖਤਰਾ ਨਹੀਂ ਹੈ, ਜਿਸ ਦੇ ਚੱਲਦਿਆਂ ਇਸ ਦੋਹਰੀ ਸਕਿਓਰਿਟੀ ਦਾ ਕੋਈ ਮਕਸਦ ਨਾ ਹੋਣ ਕਰਕੇ ਪੰਜਾਬ ਵੱਲੋਂ ਦਿੱਤੀ ਗਈ ਪੰਜਾਬ ਪੁਲਿਸ ਦੀ ਸੁਰੱਖਿਆ ਉਨ੍ਹਾਂ ਤੋਂ ਵਾਪਿਸ ਲੈ ਲਈ ਗਈ ਹੈ।
ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਜੂਦਾ ਸਮੇਂ ਬਾਜਵਾ ਰਾਜ ਸਭਾ ਮੈਂਬਰ ਨੂੰ ਦਿੱਤੀ ਜਾਣ ਵਾਲੀ ਸੁਰੱਖਿਆ ਤੋਂ ਵਾਧੂ ਪੰਜਾਬ ਪੁਲਿਸ ਦੀ ਸੁਰੱਖਿਆ ਪ੍ਰਾਪਤ ਕਰ ਰਹੇ ਸਨ। ਸੂਬਾ ਸਰਕਾਰ ਨੇ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਰਹੇ ਹੋਣ ਕਰਕੇ ਉਨਾਂ ਤੋਂ ਇਹ ਵੱਡੀ ਸੁਰੱਖਿਆ ਵਾਪਸ ਨਹੀਂ ਲਈ ਸੀ। ਫਿਲਹਾਲ ਸੰਸਦ ਮੈਂਬਰ ਬਣਨ ਦੇ ਨਾਲ ਹੀ ਕੋਈ ਖਤਰਾ ਨਾ ਹੋਣ ਦੇ ਮੱਦੇਨਜ਼ਰ ਵਧੀ ਹੋਈ ਸੁਰੱਖਿਆ ਨੂੰ ਵਾਪਸ ਲਿਆ ਗਿਆ ਹੈ। ਬਾਜਵਾ ਨੂੰ ਕੇਂਦਰੀ ਸੁਰੱਖਿਆ ਕਾਂਗਰਸ ਲੀਡਰਸ਼ਿਪ ਦੇ ਕਹਿਣ ’ਤੇ ਨਹੀਂ ਮਿਲੀ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਨੂੰ ਕੇਂਦਰੀ ਸੁਰੱਖਿਆ ਦੇਣ ਤੋਂ ਪਹਿਲਾਂ ਸੰਸਦ ਮੈਂਬਰ ਨੂੰ ਦਰਪੇਸ਼ ਕਿਸੇ ਕਿਸਮ ਦੇ ਖਤਰੇ ਦਾ ਪਤਾ ਲਗਾਉਣ ਲਈ ਰਾਜ ਸਰਕਾਰ ਨਾਲ ਕੋਈ ਵਿਚਾਰ ਵਟਾਂਦਰਾ ਨਹੀਂ ਕੀਤਾ, ਜੋਕਿ ਇਸ ਪ੍ਰਕਿਰਿਆ ਵਿਚ ਲਾਜ਼ਮੀ ਹੁੰਦਾ ਹੈ।
ਦੱਸਣਯੋਗ ਹੈ ਕਿ ਗ੍ਰਹਿ ਮੰਤਰਾਲੇ ਵਲੋਂ 19 ਮਾਰਚ ਨੂੰ ਬਾਜਵਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਹੁਣ ਤੱਕ ਤੱਕ ਉਨ੍ਹਾਂ ਕੋਲ ਨਿੱਜੀ ਸੁਰੱਖਿਆ, ਘਰ ਦੀ ਸੁਰੱਖਿਆ ਅਤੇ ਐਸਕਾਰਟ ਲਈ ਸੀ.ਆਈ.ਐਸ.ਐਫ ਦੇ 25 ਜਵਾਨ ਹਨ ਸਮੇਤ 2 ਐਸਕੋਰਟ ਡਰਾਈਵਰ ਮੌਜੂਦ ਹਨ। 23 ਮਾਰਚ ਤੱਕ ਉਨਾਂ ਕੋਲ 14 ਪੰਜਾਬ ਪੁਲਿਸ ਦੇ ਕਰਮਚਾਰੀ ਵੀ ਤਾਇਨਾਤ ਸਨ ਪਰ ਉਨਾਂ ਵਿਚੋਂ ਕੁਝ ਨੂੰ ਕੋਵਿਡ ਡਿਊਟੀ ਦੇ ਮੱਦੇਨਜ਼ਰ ਵਾਪਸ ਬੁਲਾ ਲਿਆ ਗਿਆ। ਇਸ ਸਮੇਂ ਬਾਜਵਾ ਕੋਲ ਸੁਰੱਖਿਆ ਲਈ ਮੌਜੂਦ ਪੰਜਾਬ ਪੁਲਿਸ ਦੇ 6 ਕਰਮਚਾਰੀ ਅਤੇ ਡਰਾਇਵਰ ਸਮੇਤ ਇਕ ਐਸਕਾਰਟ ਨੂੰ ਹੁਣ ਵਾਪਸ ਲਿਆ ਜਾ ਰਿਹਾ ਹੈ।