Punjab Governor accepts : ਚੰਡੀਗੜ੍ਹ: ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬੀਐਸ ਘੁੰਮਣ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਸੀ, ਜਿਸ ਨੂੰ ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਵੀ ਉਪ ਕੁਲਪਤੀ ਡਾ ਬੀਐਸ ਘੁੰਮਣ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਅਨੁਸਾਰ ਵਧੀਕ ਮੁੱਖ ਸਕੱਤਰ ਜੰਗਲਾਤ ਵਿਭਾਗ ਰਵਨੀਤ ਕੌਰ ਨੂੰ ਅਗਲੇ ਹੁਕਮਾਂ ਤੱਕ ਵੀਸੀ ਦਾ ਅਹੁਦਾ ਸੌਂਪਿਆ ਗਿਆ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਚ ਸਿੱਖਿਆ ਵਿਭਾਗ ਨੂੰ ਨਵੇਂ ਉਪ ਕੁਲਪਤੀ ਦੀ ਚੋਣ ਸ਼ੁਰੂ ਕਰਨ ਲਈ ਕਿਹਾ ਹੈ, ਖਾਸ ਤੌਰ ‘ਤੇ ਉਦੋਂ ਜਦੋਂ ਡਾ. ਘੁੰਮਣ ਨੇ 17 ਨਵੰਬਰ, 2020 ਨੂੰ ਪੰਜਾਬ ਦੇ ਰਾਜਪਾਲ ਨੂੰ ਆਪਣਾ ਅਸਤੀਫਾ ਦੇ ਦਿੱਤਾ ਹੈ।
ਇਥੇ ਦੱਸਣਯੋਗ ਹੈ ਕਿ ਡਾ. ਘੁੰਮਣ ਨੇ 3 ਦਿਨ ਪਹਿਲਾਂ ਅਚਾਨਕ ਹੀ ਨਿੱਜੀ ਕਾਰਨਾਂ ਤੇ ਸਿਹਤ ਦਾ ਹਵਾਲਾ ਦਿੰਦੇ ਹੋਏ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਅਸਤੀਫਾ ਯੂਨੀਵਰਸਿਟੀ ਦੇ ਚਾਂਸਲਰ ਪੰਜਾਬ ਨੂੰ ਦਿੱਤਾ ਗਿਆ ਸੀ। ਮੁੱਖ ਮੰਤਰੀ ਵੱਲੋਂ ਵੀ ਉਨ੍ਹਾਂ ਦੇ ਅਸਤੀਫੇ ਨੂੰ ਮਨਜ਼ੂਰੀ ਮਿਲ ਚੁੱਕੀ ਹੈ। ਡਾ. ਬੀ. ਐੱਸ. ਘੰਮਣ ਪਹਿਲੇ ਅਜਿਹੇ ਵਾਈਸ ਚਾਂਸਲਰ ਹਨ ਜਿਹੜੇ ਉਸ ਸਰਕਾਰ ਦੌਰਾਨ ਹੀ ਅਸਤੀਫਾ ਦੇਣ ਲਈ ਮਜਬੂਰ ਹੋ ਗਏ, ਜਿਸ ਸਰਕਾਰ ਵੱਲੋਂ ਉਨ੍ਹਾਂ ਦੀ ਨਿਯੁਕਤੀ ਕੀਤੀ ਗਈ ਸੀ। ਸੂਤਰਾਂ ਨੇ ਦੱਸਿਆ ਕਿ ਉਪ ਕੁਲਪਤੀ ਅਕਸਰ ਹੀ ਚੰਡੀਗੜ੍ਹ ਦਾ ਦੌਰਾ ਕਰਦੇ ਰਹਿੰਦੇ ਸਨ। ਯੂਨੀਵਰਸਿਟੀ ਬਹੁਤ ਜ਼ਿਆਦਾ ਵਿੱਤੀ ਬੋਝ ਕਾਰਨ ਖਰਾਬ ਹੋ ਗਈ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਵਾਈਸ ਚਾਂਸਲਰ ਨੇ ਅਸਤੀਫਾ ਦੇ ਦਿੱਤਾ। ਉਨ੍ਹਾਂ ਦੇ ਦਫ਼ਤਰ ਦੀ ਵਿੱਤੀ ਸਥਿਤੀ ਨਾਲ ਨਜਿੱਠਣ ਲਈ ਰਾਜ ਸਰਕਾਰ ਤੋਂ 300 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੀ ਮੰਗ ਵੀ ਕੀਤੀ ਸੀ।
ਰਾਜਪਾਲ ਦਫ਼ਤਰ ਨੇ ਅਗਸਤ ਵਿੱਚ ਯੂਨੀਵਰਸਿਟੀ ਵਿੱਚ ਵਿੱਤੀ ਅਤੇ ਪ੍ਰਸ਼ਾਸਕੀ ਸਥਿਤੀ ਨੂੰ ਵੇਖਣ ਲਈ ਇੱਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ ਜਿਸ ਵਿੱਚ ਵਿਸ਼ਵਜੀਤ ਖੰਨਾ, ਵਧੀਕ ਮੁੱਖ ਸਕੱਤਰ, ਮਾਲ, ਉੱਚ ਸਿੱਖਿਆ ਸਕੱਤਰ ਰਾਹੁਲ ਭੰਡਾਰੀ ਅਤੇ ਡਾ. ਘੁੰਮਣ ਸ਼ਾਮਲ ਸਨ। ਇਸ ਸਮੇਂ ਦੌਰਾਨ, ਯੂਨੀਵਰਸਿਟੀ ਆਪਣੇ ਅਧਿਆਪਨ ਅਤੇ ਨਾਨ-ਟੀਚਿੰਗ ਸਟਾਫ ਮੈਂਬਰਾਂ ਦੁਆਰਾ ਸਮੇਂ ਸਿਰ ਤਨਖਾਹਾਂ ਅਤੇ ਪੈਨਸ਼ਨਾਂ ਜਾਰੀ ਕਰਨ ਦੀਆਂ ਮੰਗਾਂ ਨੂੰ ਲੈ ਕੇ ਨਿਰੰਤਰ ਵਿਰੋਧ ਪ੍ਰਦਰਸ਼ਨ ਕਰਦੀ ਆ ਰਹੀ ਹੈ।