Punjab Govt will provide jobs : ਚੰਡੀਗੜ੍ਹ : ਕੇਂਦਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ, ਜਿਸ ਦੌਰਾਨ ਕੜਾਕੇ ਦੀ ਠੰਡ ਵਿੱਚ ਕਈ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੌਰਾਨ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ ਕਿ ਅੰਦੋਲਨ ਦੌਰਾਨ ਸ਼ਹੀਦ ਹੋਏ ਹਰ ਇੱਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕੀਤਾ ਗਿਆ।
ਮੁੱਖ ਮੰਤਰੀ ਨੇ ਆਪਣੇ ਫੇਸਬੁੱਕ ਲਾਈਵ ਹੋ ਕੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਦਾ ਹਰ ਵਿਅਕਤੀ ਕਿਸਾਨਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ, “ਸਾਰੇ ਪੰਜਾਬੀਆਂ ਨੂੰ ਸਾਡੇ ਬਾਰਡਰ ‘ਤੇ ਬੈਠੇ ਸਾਡੇ ਕਿਸਾਨਾਂ ਦੀ ਚਿੰਤਾ ਹੈ, ਉਹ ਉਥੇ ਕੇਂਦਰ ਨੂੰ ਉਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਮਨਾਉਣਗੇ ਜੋ ਸਾਨੂੰ ਭਰੋਸੇ ਵਿੱਚ ਲਏ ਬਿਨਾਂ ਲਾਗੂ ਕੀਤੇ ਗਏ ਸਨ। ਬਹੁਤ ਸਾਰੇ ਬਜ਼ੁਰਗ ਲੋਕ ਇੱਥੇ ਸਰਹੱਦਾਂ’ ਤੇ ਆਪਣੇ ਲਈ ਨਹੀਂ, ਸਗੋਂ ਆਪਣੇ ਬੱਚਿਆਂ ਤੇ ਪੋਤੇ-ਪੋਤੀਆਂ ਦੇ ਭਵਿੱਖ ਲਈ ਬੈਠੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੁਖਦਾਈ ਗੱਲ ਇਹ ਹੈ ਕਿ “ਅਸੀਂ ਹਰ ਦਿਨ ਆਪਣੇ ਕਿਸਾਨਾਂ ਨੂੰ ਠੰਡ ਨਾਲ ਗੁਆ ਰਹੇ ਹਾਂ, ਇੱਕ ਕਿਸਾਨ ਹੁਣ ਤੱਕ ਅੰਦਾਜ਼ਨ 76 ਕਿਸਾਨਾਂ ਨੂੰ ਅਸੀਂ ਗੁਆ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਜਾ ਰਹੇ 5 ਲੱਖ ਰੁਪਏ ਮੁਆਵਜ਼ੇ ਤੋਂ ਇਲਾਵਾ ਸਰਕਾਰ ਉਨ੍ਹਾਂ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਵੀ ਦੇਵੇਗੀ।
ਦੱਸਣਯੋਗ ਹੈ ਕਿ ਕਿਸਾਨਾਂ ਤੇ ਕੇਂਦਰ ਵਿਚਾਲੇ ਹੁਣ ਤੱਕ 11 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਇਹ ਸਭ ਬੇਸਿੱਟਾ ਰਹੀਆਂ। ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਨਾ ਚਾਹੁੰਦੀ। ਉਸ ਨੇ ਪ੍ਰਸਤਾਵ ਦਿੱਤਾ ਹੈ ਕਿ ਡੇਢ ਸਾਲ ਤੱਕ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਨਹੀਂ ਕੀਤਾ ਜਾਵੇਗਾ ਤੇ ਇਸ ਦੌਰਾਨ ਕਮੇਟੀ ਬਣਾ ਕੇ ਇਸ ਦਾ ਹੱਲ ਲੱਭਿਆ ਜਾਵੇਗਾ ਪਰ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ‘ਤੇ ਅੜੇ ਹੋਏ ਹਨ। ਉਧਰ ਕੜਾਕੇ ਦੀ ਠੰਡ ਦੌਰਾਨ ਕਿਸਾਨਾਂ ਦੀ ਮੌਤ ਹੋਣ ਦੀ ਖਬਰ ਵੀ ਆਏ ਦਿਨ ਸਾਹਮਣੇ ਆ ਰਹੀ ਹੈ।