Punjab Minister in favor of : ਚੰਡੀਗੜ੍ਹ : ਜੇਲ੍ਹ ਵਿੱਚ ਬੰਦ ਹਰਿਆਣਾ ਦੀ ਮਜ਼ਦੂਰ ਅਧਿਕਾਰ ਕਾਰਕੁੰਨ ਨੌਦੀਪ ਕੌਰ ਦੇ ਹੱਕ ਵਿੱਚ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਾਣਜੀ ਮੀਨਾ ਹੈਰਿਸ ਵੱਲੋਂ ਆਵਾਜ਼ ਉਠਾਏ ਜਾਣ ਤੋਂ ਬਾਅਦ ਇਹ ਮੁੱਦਾ ਕਾਫੀ ਗਰਮਾ ਗਿਆ ਹੈ। ਹੁਣ ਦੇਸ਼ ਵਿੱਚ ਵੀ ਉਸ ਦੀ ਰਿਹਾਈ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਵੀਰਵਾਰ ਨੂੰ ਕੌਮੀ ਮਹਿਲਾ ਕਮਿਸ਼ਨ ਨੂੰ ਨੌਦੀਪ ਕੌਰ ਦੀ ਰਿਹਾਈ ਲਈ ਫੌਰੀ ਦਖ਼ਲ ਦੇਣ ਦੀ ਅਪੀਲ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਦੀਪ ਕੌਰ ਨੂੰ ਜਲਦੀ ਰਾਹਤ ਦੇਣ ਲਈ ਕਾਨੂੰਨੀ ਸਹਾਇਤਾ ਮੁਹੱਈਆ ਕਰੇਗੀ। ਉਨਾਂ ਕੇਂਦਰੀ ਮਹਿਲਾ ਕਮਿਸ਼ਨ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਸਰਕਾਰ, ਪੰਜਾਬ ਰਾਜ ਮਹਿਲਾ ਕਮਿਸ਼ਨ ਰਾਹੀਂ ਨੌਦੀਪ ਕੌਰ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰੇਗੀ। ਇਸ ਲਈ ਹਰਿਆਣਾ ਸਰਕਾਰ ਨੂੰ ਨਿਰਦੇਸ਼ ਦਿੱਤਾ ਜਾਵੇ ਕਿ ਉਹ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਵਫ਼ਦ ਦੀ ਨੌਦੀਪ ਕੌਰ ਨਾਲ ਮੁਲਾਕਾਤ ਦਾ ਪ੍ਰਬੰਧ ਕਰੇ।
ਦੱਸਣਯੋਗ ਹੈ ਕਿ 23 ਸਾਲਾ ਨੌਦੀਪ ਕੌਰ ਨੂੰ ਕੁੰਡਲੀ (ਹਰਿਆਣਾ) ਵਿੱਚ ਸ਼ਾਂਤਮਈ ਕਿਸਾਨ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ 12 ਜਨਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਗ੍ਰਿਫਤਾਰੀ ਤੋਂ ਬਾਅਦ ਉਸ ਦੇ ਸਰੀਰ ਤੇ ਪ੍ਰਾਈਵੇਟ ਪਾਰਟਸ ’ਤੇ ਸੱਟਾਂ ਦਾ ਖੁਲਾਸਾ ਹੋਇਆ ਹੈ। ਨੌਦੀਪ ਉਤੇ ਧਾਰਾ 307 (ਕਤਲ ਦੀ ਕੋਸ਼ਿਸ਼) ਅਤੇ ਫਿਰੌਤੀ ਦਾ ਦੋਸ਼ ਲਗਾਈ ਗਈ ਹੈ। ਉਸ ਨੂੰ ਚਾਰ ਹਫ਼ਤਿਆਂ ਮਗਰੋਂ ਵੀ ਜ਼ਮਾਨਤ ਨਹੀਂ ਦਿੱਤੀ ਗਈ। ਉਸ ਨੂੰ ਹਰਿਆਣਾ ਦੀ ਸੈਸ਼ਨ ਕੋਰਟ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਨੌਦੀਪ ਕੌਰ ਮਜ਼ਦੂਰ ਹੱਕਾਂ ਲਈ ਜੂਝਣ ਵਾਲੀ ਵੀਰਾਂਗਣਾ ਹੈ, ਜਿਸ ਨੇ ਦਿੱਲੀ ਦੀਆਂ ਹੱਦਾਂ ਉੱਪਰ ਚੱਲ ਰਹੇ ਇਤਿਹਾਸਕ ਕਿਸਾਨ-ਮਜ਼ਦੂਰ ਸੰਘਰਸ਼ ਦੀ ਹਮਾਇਤ ’ਚ ਵੱਡੀ ਗਿਣਤੀ ’ਚ ਮਜ਼ਦੂਰਾਂ ਨੂੰ ਲਾਮਬੰਦ ਕਰਕੇ ਲੋਕ ਹਿਤਾਂ ਅਤੇ ਸਮਾਜਿਕ ਸਰੋਕਾਰਾਂ ਨਾਲ ਡੂੰਘੀ ਵਚਨਬੱਧਤਾ ਦਿਖਾਈ ਹੈ।