ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਅੱਜ ਪਹਿਲੀ ਕੈਬਨਿਟ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ। ਕੈਬਨਿਟ ਨੇ ਪੰਜਾਬ ਪੁਲਿਸ ਵਿਭਾਗ ਵਿੱਚ 10,000 ਅਸਾਮੀਆਂ ਅਤੇ ਹੋਰ ਸਰਕਾਰੀ ਵਿਭਾਗਾਂ ਵਿੱਚ 15,000 ਅਸਾਮੀਆਂ ਸਣੇ ਕੁੱਲ 25,000 ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਪ੍ਰਸਤਾਵ ਨੂੰ ਪਾਸ ਕੀਤਾ ਹੈ।
ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਦੀ ਮੀਟਿੰਗ ਪਿੱਛੋਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿਭਾਗ ਵਿੱਚ 10,000 ਅਸਾਮੀਆਂ ਖਾਲੀ ਹਨ। ਸੀ.ਐੱਮ. ਭਗਵੰਤ ਮਾਨ ਨੇ ਕਿਹਾ ਕਿ ਯੋਗਤਾ ਤੇ ਡਿਗਰੀ ਦੇ ਹਿਸਾਬ ਨਾਲ ਇਨ੍ਹਾਂ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ। ਇਸ ਦੇ ਲਈ ਕੋਈ ਸਿਫ਼ਾਰਿਸ਼ ਨਹੀਂ ਚੱਲੇਗੀ।
ਸੀ.ਐੱਮ. ਮਾਨ ਨੇ ਕਿਹਾ ਕਿ ਅਸੀਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਦਾ ਵਾਅਦਾ ਕੀਤਾ ਸੀ, ਜੋਕਿ ਆਮ ਆਦਮੀ ਪਾਰਟੀ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਹੈ ਤੇ ਅੱਜ ਕੈਬਨਿਟ ਦੀ ਮੀਟਿੰਗ ਵਿੱਚ ਇੱਕ ਮਹੀਨੇ ਦੇ ਅੰਦਰ 25 ਹਜ਼ਾਰ ਅਸਾਮੀਆਂ ਦੇ ਨੋਟੀਫਿਕੇਸ਼ਨ ਨੂੰ ਹਰੀ ਝੰਡੀ ਦੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਦੀਆਂ ਗਾਰੰਟੀਆਂ ਵੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੱਸ ਦੇਈਏ ਕਿ ਅਜੇ ਤੱਕ ਨਵੇਂ ਬਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਨਹੀਂ ਕੀਤੀ ਗਈ ਹੈ। ਸੂਤਰਾਂ ਮੁਤਾਬਕ ਇਸ ਦਾ ਫੈਸਲਾ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਹਿਮਤੀ ਨਾਲ ਹੋਵੇਗਾ, ਜਿਸ ਨੂੰ ਫਾਈਨਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਸਹਿਮਤੀ ਲੈ ਕੇ ਜਾਰੀ ਕਰ ਦਿੱਤਾ ਜਾਵੇਗਾ।