ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਸਾਫ ਕਰ ਦਿੱਤਾ ਗਿਆ ਹੈ ਕਿ ਪੰਜਾਬ ਵਿੱਚ ਕਿਸੇ ਵੀ ਸਮਾਜ ਵਿਰੋਧੀ ਅਨਸਰ ਲਈ ਕੋਈ ਥਾਂ ਨਹੀਂ ਹੈ। ਇਸੇ ਮਕਸਦ ਨਾਲ ਇੱਕ ਹੋਰ ਕਦਮ ਚੁੱਕਦਿਆਂ ਸੂਬੇ ਦੀਆਂ ਸਾਰੀਆਂ 28 ਪੁਲਿਸ ਪਾਰਟੀਆਂ ਵਿੱਚ ਵਿਸ਼ੇਸ਼ ਵਾਹਨ ਚੈਕਿੰਗ ਮੁਹਿੰਮ ਚਲਾਈ, ਜਿਸ ਤਹਿਤ ਰੋਪੜ ਰੇਂਜ ਦੇ ਵੱਖ-ਵੱਖ ਨਾਕਿਆਂ ਦੀ ਅਚਨਚੇਤ ਚੈਕਿੰਗ ਕਰਨ ਲਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਖੁਦ ਫੀਲਡ ਵਿੱਚ ਪਹੁੰਚੇ।
ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਬਣਾਉਣ ਦੇ ਉਦੇਸ਼ ਨਾਲ ਸੂਬੇ ਵਿੱਚ 10000 ਤੋਂ ਵੱਧ ਪੁਲਿਸ ਮੁਲਾਜ਼ਮ ਦੀ ਸ਼ਮੂਲੀਅਤ ਵਾਲੇ 800 ਤੋਂ ਵੱਧ ਸੁਚੱਜੇ ਤਾਲਮੇਲ ਵਾਲੇ ਨਾਕੇ ਹਨ, ਜਿਨ੍ਹਾਂ ਵਿੱਚ 56 ਅੰਤਰ-ਰਾਜੀ, 250 ਅੰਤਰ-ਜ਼ਿਲ੍ਹਾ, 53 ਹਾਈ-ਟੈਕ ਅਤੇ 427 ਸਿਟੀ ਸੀਲਿੰਗ ਸ਼ਾਮਲ ਹਨ, ਜਿਨ੍ਹਾਂ ਦਾ ਮਕਸਦ ਪੰਜਾਬ ਨੂੰ ਨਸ਼ਿਆਂ ਤੇ ਗੈਂਗਸਟਰ ਮੁਕਤ ਬਣਾਉਣਾ ਹੈ।
ਇਹ ਆਪ੍ਰੇਸ਼ਨ ਰਾਜ ਭਰ ਵਿੱਚ ਸ਼ਾਮ 4 ਵਜੇ ਤੋਂ ਸ਼ਾਮ 7 ਵਜੇ ਤੱਕ ਇਕੋ ਵੇਲੇ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ ਆਈਜੀਪੀ/ ਡੀਆਈਜੀ ਰੈਂਕ ਦੇ ਪੁਲਿਸ ਅਧਿਕਾਰੀਆਂ ਨੂੰ ਹਰੇਕ ਜ਼ਿਲ੍ਹੇ ਵਿੱਚ ਨਿੱਜੀ ਤੌਰ ‘ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ।
ਸਾਰੇ ਸੀਪੀਜ਼/ਐੱਸ.ਐੱਸ.ਪੀਜ਼ ਨੂੰ ਗਜ਼ਟਿਡ ਅਧਿਕਾਰੀਆਂ/ਐੱਸ.ਐੱਚ.ਓਜ਼ ਦੀ ਨਿਗਰਾਨੀ ਹੇਠ ਜ਼ਿਲ੍ਹਾ/ਸ਼ਹਿਰ ਦੇ ਸੀਲਿੰਗ ਪੁਆਇੰਟਾਂ ‘ਤੇ ਮਜ਼ਬੂਤ ’ਨਾਕੇ’ ਲਗਾਉਣ ਲਈ ਇਸ ਕਾਰਵਾਈ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਮੈਨਪਾਵਰ ਨੂੰ ਲਾਮਬੰਦ ਕਰਨ ਲਈ ਕਿਹਾ ਗਿਆ ਸੀ।
ਡੀਜੀਪੀ ਨੇ ਕਿਹਾ ਕਿ ਇੱਕ ਆਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਨੂੰ ਘੱਟੋ ਤੋਂ ਘੱਟ ਅਸੁਵਿਧਾ ਹੋਵੇ, ਇਸ ਗੱਲ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਆਪ੍ਰੇਸ਼ਨ ਦੌਰਾਨ ਹਰੇਕ ਯਾਤਰੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ ਅਤੇ ਉਨ੍ਹਾਂ ਦੇ ਵਾਹਨਾਂ ਦੀ ਚੈਕਿੰਗ ਕਰਨ।
ਡੀਜੀਪੀ ਗੌਰਵ ਯਾਦਵ ਜੋ ਏਡੀਜੀਪੀ ਲਾਅ ਐਂਡ ਆਰਡਰ ਨਰੇਸ਼ ਅਰੋੜਾ ਅਤੇ ਐਸਐਸਪੀ ਰੋਪੜ ਸੰਦੀਪ ਗਰਗ ਦੇ ਨਾਲ ਰੋਪੜ ਵਿੱਚ ਵਾਹਨਾਂ ਦੀ ਚੈਕਿੰਗ ਦੀ ਖੁਦ ਨਿਗਰਾਨੀ ਕਰਨ ਲਈ ਸ਼ਾਮਲ ਹੋਏ ਸਨ, ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਸਮਾਜ ਵਿਰੋਧੀ ਅਨਸਰਾਂ ਨੂੰ ਜੜ੍ਹੋਂ ਪੁੱਟਣ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਹੋਣ ਤੱਕ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ : ਖੰਨਾ : ਬੱਸ-ਕਾਰ ਦੀ ਟੱਕਰ ‘ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ‘ਆਪ’ ਦਾ ਵਰਕਰ ਸੀ ਅਰੁਣਦੀਪ
ਉਨ੍ਹਾਂ ਆਪਣੀ ਚਿਤਾਵਨੀ ਦੁਹਰਾਉਂਦਿਆਂ ਕਿਹਾ ਕਿ ਸਾਰੇ ਸਮਾਜ ਵਿਰੋਧੀ ਅਨਸਰ ਸੂਬਾ ਛੱਡ ਦੇਣ, ਨਹੀਂ ਤਾਂ ਪੰਜਾਬ ਪੁਲਿਸ ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਬਖਸ਼ੇਗੀ ਨਹੀਂ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਬੁਨਿਆਦੀ ਪੁਲਿਸਿੰਗ ਦਾ ਹਿੱਸਾ ਹਨ, ਜਿਸ ਵਿੱਚ ਨਾਜ਼ੁਕ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀ ਸ਼ਾਮਲ ਹੈ। ਅਜਿਹੇ ਆਪ੍ਰੇਸ਼ਨ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਵਧਾਉਣ ਵਿੱਚ ਵੀ ਮਦਦਗਾਰ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: