ਪਹਾੜਾਂ ‘ਤੇ ਹੋ ਰਹੀ ਬਰਫ਼ਬਾਰੀ ਕਾਰਨ ਇਨ੍ਹੀਂ ਦਿਨੀਂ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹੇ ਸੀਤ ਲਹਿਰ ਦੀ ਲਪੇਟ ਵਿੱਚ ਹਨ। ਇਸ ਨਾਲ ਖਾਸ ਕਰ ਕੇ ਪੰਜਾਬ ਵਿੱਚ ਰਾਤ ਦਾ ਤਾਪਮਾਨ ਮਨਫ਼ੀ ਤੋਂ ਹੇਠਾਂ ਆ ਗਿਆ ਹੈ । ਐਤਵਾਰ ਨੂੰ ਪੰਜਾਬ ਦੇ ਫਰੀਦਕੋਟ ਅਤੇ ਹਰਿਆਣਾ ਦੇ ਹਿਸਾਰ ਜ਼ਿਲੇ ਦੇ ਬਾਲਸਮੰਦ ਵਿੱਚ ਪਾਰਾ ਮਨਫੀ 1 ਡਿਗਰੀ ਤੱਕ ਪਹੁੰਚ ਗਿਆ। ਦੋਹਾਂ ਸੂਬਿਆਂ ਵਿੱਚ ਤੇਜ਼ ਰਫਤਾਰ ਨਾਲ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਹਰਿਆਣਾ ਵਿੱਚ 19 ਜਨਵਰੀ ਤੱਕ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਆਉਣ ਵਾਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ ਤੇ ਇਸ ਦੌਰਾਨ ਸੰਘਣੀ ਧੁੰਦ ਅਤੇ ਸੀਤ ਲਹਿਰ ਚੱਲਣ ਦੀ ਉਮੀਦ ਹੈ। ਹਾਲਾਂਕਿ ਐਤਵਾਰ ਨੂੰ ਚੰਡੀਗੜ੍ਹ ਵਿੱਚ ਧੁੱਪ ਨਿਕਲਣ ਨਾਲ ਲੋਕਾਂ ਨੂੰ ਠੰਡ ਤੋਂ ਥੋੜ੍ਹੀ ਰਾਹਤ ਮਿਲੀ। ਮੌਸਮ ਵਿਭਾਗ ਨੇ ਸੋਮਵਾਰ ਤੋਂ ਬੁੱਧਵਾਰ ਤੱਕ ਦਿੱਲੀ-ਐੱਨਸੀਆਰ ‘ਚ ਕਈ ਥਾਵਾਂ ‘ਤੇ ਸੀਤ ਲਹਿਰ ਦੀ ਵਾਪਸੀ ਦੀ ਭਵਿੱਖਬਾਣੀ ਕੀਤੀ ਹੈ। ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।IMD ਅਨੁਸਾਰ ਦਿੱਲੀ ਵਿੱਚ ਇਸ ਮਹੀਨੇ ਹੁਣ ਤੱਕ 50 ਘੰਟਿਆਂ ਤੋਂ ਵੱਧ ਸੰਘਣੀ ਧੁੰਦ ਰਿਕਾਰਡ ਕੀਤੀ ਜਾ ਚੁੱਕੀ ਹੈ, ਜੋ ਕਿ 2019 ਤੋਂ ਬਾਅਦ ਸਭ ਤੋਂ ਵੱਧ ਹੈ।
ਇਹ ਵੀ ਪੜ੍ਹੋ: ਚੀਨ ‘ਚ ਪੈਸੇ ਦੇ ਕੇ ਕਰਵਾਏ ਜਾ ਰਹੇ ਬੱਚੇ ਪੈਦਾ, ਦੂਜੇ ਤੇ ਤੀਜੇ ਬੇਬੀ ‘ਤੇ 2 ਲੱਖ ਦਾ ਆਫਰ
IMD ਦੀ ਭਵਿੱਖਬਾਣੀ ਅਨੁਸਾਰ ਅਗਲੇ 5 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਰਾਤ ਅਤੇ ਸਵੇਰ ਦੇ ਸਮੇਂ ਦੌਰਾਨ ਕੁਝ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ 17-18 ਜਨਵਰੀ ਤੱਕ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਦਕਿ ਰਾਜਸਥਾਨ, ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਠੰਡ ਤੋਂ ਤੇਜ਼ ਸੀਤ ਲਹਿਰ ਆਉਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਐਤਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 1.6 ਡਿਗਰੀ, ਬਠਿੰਡਾ ਦਾ 1 ਡਿਗਰੀ, ਚੰਡੀਗੜ੍ਹ ਦਾ 6.3, ਜਲੰਧਰ ਦਾ 2 ਡਿਗਰੀ, ਲੁਧਿਆਣਾ ਦਾ 4.9 ਡਿਗਰੀ, ਪਠਾਨਕੋਟ ਦਾ 8 ਡਿਗਰੀ ਤੇ ਪਟਿਆਲਾ ਦਾ ਘੱਟੋ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸੇ ਤਰ੍ਹਾਂ ਹਰਿਆਣਾ ਦੇ ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 5.6 ਡਿਗਰੀ, ਭਿਵਾਨੀ ਦਾ 4.7, ਗੁਰੂਗ੍ਰਾਮ ਦਾ 5.3, ਹਿਸਾਰ ਦਾ 4.3 ਤੇ ਸਿਰਸਾ ਦਾ 1.8 ਡਿਗਰੀ ਸੇਸਿੱਸ ਤਾਪਮਾਨ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: